ਪੁਲਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਮੋਟਰਸਾਈਕਲ ਅਤੇ ਸਕੂਟਰੀ ਸਮੇਤ 3 ਕਾਬੂ
Friday, Sep 20, 2024 - 11:12 AM (IST)
ਬਟਾਲਾ/ਫਤਿਹਗੜ੍ਹ ਚੂੜੀਆਂ (ਬੇਰੀ, ਸਾਹਿਲ, ਸਾਰੰਗਲ) : ਬਟਾਲਾ ਪੁਲਸ ਨੇ ਚੋਰੀਆਂ ਅਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਤਿੰਨ ਵਿਅਕਤੀਆਂ ਨੂੰ ਮੋਟਰਸਾਈਕਲ, ਮੋਬਾਈਲ ਫੋਨ ਅਤੇ ਸਕੂਟਰੀ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਫਤਿਹਗੜ੍ਹ ਚੂੜੀਆਂ ਸੁਖਪਾਲ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਸੁਹੇਲ ਕਾਸਿਮ ਮੀਰ ਅਤੇ ਐੱਸ. ਪੀ. ਇਨਵੈਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੇ ਨਿਰਦੇਸ਼ਾਂ ਤਹਿਤ ਪੁਲਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿਸੇਸ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੂੰ ਸਰਪੰਚ ਬਣਾਉਣ ਲਈ ਪਿੰਡ ’ਚ ਬਣੀ ਸਹਿਮਤੀ
ਉਨ੍ਹਾਂ ਦੱਸਿਆ ਕਿ 7 ਸਤੰਬਰ ਨੂੰ ਪਿੰਡ ਖਹਿਰਾ ਕਲਾਂ ਵਿਖੇ ਇਕ ਦੁਕਾਨ ’ਤੇ 5 ਵਿਅਕਤੀਆਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ’ਚ ਉਕਤ ਵਿਅਕਤੀ ਇਕ ਦੁਕਾਨਦਾਰ ਤੋਂ ਡੇਢ ਲੱਖ ਰੁਪਏ, 5 ਮੋਬਾਈਲ ਫੋਨ ਅਤੇ ਉਸ ਦਾ ਲੈਪਟਾਪ ਖੋਹ ਕੇ ਫਰਾਰ ਹੋ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਥਾਣਾ ਘਣੀਏ ਕੇ ਬਾਂਗਰ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਜਾਂਚ ਲਈ ਉਨ੍ਹਾਂ ਵੱਲੋਂ ਐੱਸ. ਐੱਚ. ਓ. ਘਣੀਏ-ਕੇ-ਬਾਂਗਰ ਸੁਖਵਿੰਦਰ ਸਿੰਘ, ਐੱਸ. ਐੱਚ. ਓ. ਕਿਲਾ ਲਾਲ ਸਿੰਘ ਸੁਰਿੰਦਰਪਾਲ ਸਿੰਘ, ਪੁਲਸ ਚੌਕੀ ਅਲੀਵਾਲ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਆਦਿ ਪੁਲਸ ਟੀਮ ਦਾ ਗਠਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਸ ਨੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਨੂੰ ਪੁੱਤਰ ਬਲਵਿੰਦਰ ਸਿੰਘ ਵਾਸੀ ਜਾਂਗਲਾ, ਜਸਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਬੋਹੜਵਾਲਾ, ਪ੍ਰਿੰਸ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ ਅਤੇ ਇਨ੍ਹਾਂ ਦੇ ਬਾਕੀ ਸਾਥੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਪਿਛਲੇ ਦਿਨੀਂ ਪਿੰਡ ਕਿਲਾ ਲਾਲ ਸਿੰਘ ’ਚ ਮਨਪ੍ਰੀਤ ਸਿੰਘ ਮੰਨੂੰ ਅਤੇ ਜਸਪ੍ਰੀਤ ਸਿੰਘ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਦੇ ਨਾਲ ਹੀ ਮਨਪ੍ਰੀਤ ਸਿੰਘ ਨੇ ਅੱਡਾ ਜਾਜੋਆਣੀ ਤੋਂ ਇਕ ਔਰਤ ਤੋਂ ਸਕੂਟਰੀ ਵੀ ਖੋਹੀ ਸੀ, ਜਿਸ ਸਬੰਧੀ ਪੁਲਸ ਵੱਲੋਂ ਥਾਣਾ ਮਜੀਠਾ ਵਿਖੇ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ
ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਵਿਅਕਤੀਆਂ ਪਾਸੋਂ ਵਾਰਦਾਤ ’ਚ ਵਰਤਿਆ ਮੋਟਰਸਾਈਕਲ, ਅੱਡਾ ਜਾਜੋਆਣੀ ਤੋਂ ਇਕ ਔਰਤ ਕੋਲੋਂ ਖੋਹੀ ਸਕੂਟਰੀ ਅਤੇ ਖੋਹਿਆ ਹੋਇਆ ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ। ਡੀ. ਐੱਸ. ਪੀ. ਸੁਖਪਾਲ ਸਿੰਘ ਨੇ ਦੱਸਿਆ ਕਿ ਪੁਲਸ ਉਕਤ ਤਿੰਨਾਂ ਵਿਅਕਤੀਆਂ ਨੂੰ ਅਦਾਲਤ ’ਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰੇਗੀ ਤਾਂ ਜੋ ਇਨ੍ਹਾਂ ਪਾਸੋਂ ਹੋਰ ਵੀ ਖੁਲਾਸੇ ਕੀਤੇ ਜਾ ਸਕਣ। ਇਸ ਮੌਕੇ ਐੱਸ. ਐੱਚ. ਓ. ਸੁਖਵਿੰਦਰ ਸਿੰਘ, ਐੱਸ. ਐੱਚ. ਓ. ਸੁਰਿੰਦਰਪਾਲ ਸਿੰਘ, ਐੱਸ. ਐੱਚ. ਓ. ਸੁਖਜਿੰਦਰ ਸਿੰਘ, ਏ. ਐੱਸ. ਆਈ. ਬਲਦੇਵ ਸਿੰਘ ਆਦਿ ਪੁਲਸ ਅਧਿਕਾਰੀ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8