ਗੁਰਸਿੱਖ ਨੌਜਵਾਨ ''ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ

Friday, Sep 04, 2026 - 06:33 PM (IST)

ਗੁਰਸਿੱਖ ਨੌਜਵਾਨ ''ਤੇ ਪੁਲਸ ਤਸ਼ੱਦਦ ਨਿੰਦਣਯੋਗ : ਧਾਮੀ

ਅੰਮ੍ਰਿਤਸਰ(ਸਰਬਜੀਤ)- ਪੰਜਾਬ 'ਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਸ ਵੱਲੋਂ ਕਥਿਤ ਤੌਰ ’ਤੇ ਤਸ਼ੱਦਦ ਕਰਨ ਅਤੇ ਉਸ ਦੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਰੋਸ ਪ੍ਰਗਟਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਘਟਨਾ ਨੂੰ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਕਰਾਰ ਦਿੰਦਿਆਂ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ

ਐਡਵੋਕੇਟ ਧਾਮੀ ਨੇ ਕਿਹਾ ਕਿ ਨਸ਼ਿਆਂ ਵਰਗੇ ਗੰਭੀਰ ਸਮਾਜਿਕ ਮੁੱਦੇ ’ਤੇ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ। ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਸਵਾਲ ਪੁੱਛਣ ਦੀ ਸਜ਼ਾ ਦੇਣ ਦੀ ਬਜਾਏ ਸਰਕਾਰ ਨੂੰ ਉਸ ਦੇ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਿਰੋਧ ਦੀ ਆਵਾਜ਼ ਨੂੰ ਪੁਲਿਸ ਦੀ ਤਾਕਤ ਨਾਲ ਦਬਾਉਣਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਨੌਜਵਾਨ ਨਾਲ ਕਥਿਤ ਤਸ਼ੱਦਦ ਦੇ ਨਾਲ ਉਸ ਦੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਹੈ। ਕਕਾਰ ਸਿੱਖ ਦੀ ਧਾਰਮਿਕ ਪਹਿਚਾਣ, ਰਹਿਤ ਅਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ। ਕਿਸੇ ਵੀ ਸਿੱਖ ਦੇ ਕਕਾਰਾਂ ਨਾਲ ਜਾਣਬੁੱਝ ਕੇ ਅਪਮਾਨਜਨਕ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ- ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠ ਰਹੇ ਹਨ। ਅਜਿਹੇ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਚੁੱਕਣ ਵਾਲੇ ਨੌਜਵਾਨਾਂ ਨਾਲ ਸਖ਼ਤੀ ਕਰਨ ਦੀ ਬਜਾਏ ਸਰਕਾਰ ਨੂੰ ਨਸ਼ਿਆਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੀ ਵਰਦੀ ਲੋਕਾਂ ਨੂੰ ਡਰਾਉਣ ਲਈ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਦੀ ਰੱਖਿਆ ਲਈ ਹੈ। ਉਨ੍ਹਾਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾ ਕੇ ਜੇਕਰ ਕਿਸੇ ਪੁਲਿਸ ਕਰਮਚਾਰੀ ਵੱਲੋਂ ਕਾਨੂੰਨ ਦੀ ਉਲੰਘਣਾ ਜਾਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਪੁਸ਼ਟੀ ਹੁੰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਸਖ਼ਤ ਕਾਰਵਾਈ ਕੀਤੀ ਜਾਵੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਨੌਜਵਾਨ ਨਾਲ ਹੋਈ ਕਥਿਤ ਵਧੀਕੀ ਤੱਕ ਸੀਮਤ ਨਹੀਂ, ਸਗੋਂ ਇਹ ਵੀ ਸਵਾਲ ਖੜ੍ਹਾ ਕਰਦਾ ਹੈ ਕਿ ਕੀ ਪੰਜਾਬ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਵਰਗੇ ਗੰਭੀਰ ਮੁੱਦਿਆਂ ’ਤੇ ਸਰਕਾਰ ਤੋਂ ਸਵਾਲ ਪੁੱਛਣ ਦੀ ਆਜ਼ਾਦੀ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਨੌਜਵਾਨ ਦੇ ਨਾਲ ਖੜ੍ਹੀ ਹੈ ਅਤੇ ਉਸ ਨੂੰ ਹਰ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੂੰ ਪੀੜਤ ਨੌਜਵਾਨ ਕੋਲ ਭੇਜਿਆ ਗਿਆ ਹੈ, ਜੋ ਮਾਮਲੇ ਸਬੰਧੀ ਪੂਰੀ ਜਾਣਕਾਰੀ ਹਾਸਲ ਕਰਕੇ ਲੋੜੀਂਦੀ ਮਦਦ ਯਕੀਨੀ ਬਣਾਉਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News