ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

10/15/2019 5:24:30 PM

ਅੰਮ੍ਰਿਤਸਰ (ਦੀਪਕ ਸ਼ਰਮਾ)—ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਬਾਅਦ ਇੱਥੇ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਤੋਸ਼ਾਖਾਨਾ ਦੀਆਂ ਕੀਮਤਾਂ ਵਸਤੂਆਂ ਦੇ ਜਲੌ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ।

PunjabKesari

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮਾਂ ਦੌਰਾਨ ਵੱਖ-ਵੱਖ ਮੁਕਾਬਲਿਆਂ 'ਚੋਂ ਅੱਵਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਹ ਮੁਕਾਬਲੇ ਬੀਤੇ ਵੱਖ-ਵੱਖ ਦਿਨਾਂ ਵਿਚ ਕਰਵਾਏ ਗਏ ਸਨ। ਇਸ ਤੋਂ ਇਲਾਵਾ ਕਵੀ ਦਰਬਾਰ ਵਿਚ ਪੰਥਕ ਕਵੀਆਂ ਨੇ ਚੌਥੇ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਅਤੇ ਉਨ੍ਹਾਂ ਦੀ ਦੇਣ ਨੂੰ ਕਵਿਤਾਵਾਂ ਰਾਹੀਂ ਸੰਗਤਾਂ ਨਾਲ ਸਾਂਝਾ ਕੀਤਾ। ਸਮਾਗਮਾਂ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਦਵਿੰਦਰ ਕੌਰ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਵਧੀਕ ਮੈਨੇਜਰ ਸ. ਬਘੇਲ ਸਿੰਘ ਤੇ ਸ. ਨਰਿੰਦਰ ਸਿੰਘ, ਬਾਬਾ ਬਲਬੀਰ ਸਿੰਘ ਭੂਰੀਵਾਲੇ ਆਦਿ ਨੇ ਹਾਜ਼ਰੀ ਭਰੀ।

PunjabKesari

ਸ਼੍ਰੋਮਣੀ ਕਮੇਟੀ ਵੱਲੋਂ 52 ਕਿਰਤੀ ਤੇ 52 ਹੋਣਹਾਰ ਵਿਦਿਆਰਥੀ ਸਨਮਾਨਿਤ
ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ 52 ਕਿਰਤੀਆਂ ਨੂੰ 11-11 ਹਜ਼ਾਰ ਰੁਪਏ ਅਤੇ 52 ਹੋਣਹਾਰ ਲੋੜਵੰਦ ਵਿਦਿਆਰਥੀਆਂ ਨੂੰ 51-51 ਸੌਂ ਰੁਪਏ ਦੀ ਰਾਸ਼ੀ ਨਾਲ ਨਿਵਾਜਿਆ ਗਿਆ। ਇਹ ਸਨਮਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਅਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦਿੱਤੇ। ਡਾ. ਰੂਪ ਸਿੰਘ ਨੇ ਦੱਸਿਆ ਕਿ ਚੌਥੇ ਪਾਤਸ਼ਾਹ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਸ਼ਹਿਰ ਦੀ ਸਥਾਪਨਾ ਸਮੇਂ 52 ਕਿੱਤਾਕਾਰ ਵਸਾਏ ਸਨ। ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਕਿੱਤਾਕਾਰਾਂ ਦੀ ਕਿਰਤ ਨਾਲ ਸਬੰਧਤ ਬਜ਼ਾਰ ਅੱਜ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਗੁਰਮਤਿ ਦਾ ਸਿਧਾਂਤ ਕਿਰਤੀਆਂ ਨੂੰ ਵਿਸ਼ੇਸ਼ ਮਹੱਤਵ ਦਿੰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੇ ਕਿਰਤ ਦੇ ਸਿਧਾਂਤ ਦੀ ਰੌਸ਼ਨੀ ਵਿਚ ਬੀਤੇ ਵਰ੍ਹੇ 52 ਕਿੱਤਾਕਾਰਾਂ ਨੂੰ ਸਨਮਾਨ ਦਿੱਤਾ ਗਿਆ, ਜਦ ਕਿ ਇਸ ਵਾਰ ਵੱਖ-ਵੱਖ ਕਿਰਤੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਰਤੀਆਂ ਵਿਚ ਰਿਕਸ਼ਾ ਚਾਲਕ, ਹੱਥ ਵਾਲੀ ਮਸ਼ੀਨ ਨਾਲ ਸਿਲਾਈ ਦਾ ਕੰਮ ਕਰਨ ਵਾਲੇ, ਮਾਲੀ, ਕੰਘੇ ਬਣਾਉਣ ਵਾਲੇ, ਹਲਵਾਈ, ਪੇਟੀਆਂ ਬਣਾਉਣ ਵਾਲੇ, ਲੱਕੜ ਦਾ ਕੰਮ ਕਰਨ ਵਾਲੇ, ਜੱਦੀ ਪੁਸ਼ਤੀ ਸਾਜ਼ਗਾਰ, ਭੜਭੂੰਜਾ, ਰਾਜਗਿਰੀ, ਲੁਹਾਰ, ਲਲਾਰੀ, ਕਢਾਈ ਤੇ ਤਰਪਾਈ ਦਾ ਕੰਮ ਕਰਨ ਵਾਲੇ, ਪੱਲੇਦਾਰ, ਰੇਹੜੀ ਫੜੀ ਵਾਲੇ, ਟਾਂਗਾ ਚਲਾਉਣ ਵਾਲੇ, ਢੋਆ ਢੋਹਾਈ ਆਦਿ ਕੰਮ ਕਰਨ ਵਾਲੇ ਲਏ ਗਏ ਹਨ। ਮੰਤਵ ਕੇਵਲ ਗੁਰਮਤਿ ਦੇ ਕਿਰਤ ਦੇ ਸਿਧਾਂਤ ਨੂੰ ਉਭਾਰਨਾ ਹੈ। ਇਸ ਮੌਕੇ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਸਤਬੀਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਭਾਈ ਸੁਰਿੰਦਰਪਾਲ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਇਕਬਾਲ ਸਿੰਘ ਮੁੰਬਈ, ਬੀਬੀ ਪਰਮਜੀਤ ਕੌਰ, ਬੀਬੀ ਦਵਿੰਦਰ ਕੌਰ, ਡਾ. ਅਮਰਜੀਤ ਕੌਰ, ਡਾ. ਰਣਜੀਤ ਕੌਰ ਪੰਨਵਾਂ,  ਤੇ ਹੋਰ ਮੌਜੂਦ ਸਨ।


Shyna

Content Editor

Related News