ਵੰਡ ਸਮੇਂ ਜਾਨਾਂ ਗੁਆਉਣ ਵਾਲੇ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ

08/16/2023 3:55:46 PM

ਅੰਮ੍ਰਿਤਸਰ : ਸੰਨ 1947 ’ਚ ਭਾਰਤ ਪਾਕਿਸਤਾਨ ਦੀ ਵੰਡ ਦੌਰਾਨ ਜਾਨਾਂ ਗੁਆਉਣ ਵਾਲੇ ਲੱਖਾਂ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਪਿਛਲੇ ਸਾਲ ਪਹਿਲੀ ਵਾਰ ਇਸ ਸਬੰਧ ਵਿਚ ਸਮਾਗਮ ਕੀਤਾ ਗਿਆ ਸੀ, ਜਿਸ ਦੀ ਲਗਾਤਾਰਤਾ ’ਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਵਿਛੜੀਆਂ ਰੂਹਾਂ ਨਮਿਤ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ :  ਪੰਜਾਬ 'ਚ ਮੁੜ ਖ਼ਤਰੇ ਦੀ ਘੰਟੀ, ਮੁੱਖ ਮੰਤਰੀ ਮਾਨ ਨੇ ਮੰਤਰੀਆਂ ਨੂੰ ਜਾਰੀ ਕੀਤੇ ਇਹ ਆਦੇਸ਼

ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੰਨ 1947 ਵਿਚ ਦੇਸ਼ ਦੀ ਵੰਡ ਸਮੇਂ ਜਿਥੇ ਲੱਖਾਂ ਪੰਜਾਬੀਆਂ ਨੇ ਜਾਨਾਂ ਗੁਆਈਆਂ, ਉਥੇ ਹੀ ਲੋਕਾਂ ਨੂੰ ਆਪਣੀਆਂ ਜ਼ਮੀਨਾਂ, ਜਾਇਦਾਦਾਂ ਅਤੇ ਕਾਰੋਬਾਰ ਵੀ ਛੱਡਣੇ ਪਏ। ਦੇਸ਼ ਵੰਡ ਮੌਕੇ ਸਿੱਖ ਕੌਮ ਨੂੰ ਵੀ ਆਪਣੇ ਪਾਵਨ ਗੁਰਧਾਮਾਂ ਤੋਂ ਵਿਛੜਨਾ ਪਿਆ। ਸ੍ਰੀ ਨਨਕਾਣਾ ਸਾਹਿਬ ਸਮੇਤ ਅਨੇਕਾਂ ਗੁਰ-ਅਸਥਾਨ ਪਾਕਿਸਤਾਨ ਅੰਦਰ ਰਹਿ ਗਏ, ਜਿਨ੍ਹਾਂ ਦੇ ਦਰਸ਼ਨਾਂ ਦੀ ਤਾਂਘ ਹਰ ਸਿੱਖ ਅੰਦਰ ਅੱਜ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਅੱਜ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਅਜ਼ਾਦੀ ਦੇ ਜ਼ਸ਼ਨ ਮਨਾਉਂਦਿਆਂ ਉਜਾੜੇ ਦਾ ਸ਼ਿਕਾਰ ਹੋਏ ਪੰਜਾਬੀਆਂ ਨੂੰ ਬਿਲਕੁਲ ਭੁੱਲ ਚੁੱਕੀਆਂ ਹਨ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਦੇਸ਼ ਵੰਡ ਸਮੇਂ ਮਾਰੇ ਗਏ ਇਨ੍ਹਾਂ ਬੇਕਸੂਰ ਲੋਕਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਕੇ ਸ਼ਰਧਾਂਜਲੀ ਭੇਟ ਕਰਨੀ ਸ਼ਲਾਘਾਯੋਗ ਕਦਮ ਹੈ, ਕਿਉਂਕਿ ਪੌਣੀ ਸਦੀ ਦੌਰਾਨ ਹੁਕਮਰਾਨਾਂ ਨੇ ਕਦੇ ਵੀ ਆਪਣੀਆਂ ਜਾਨਾਂ ਗੁਆਉਣ ਵਾਲਿਆਂ ਨੂੰ ਯਾਦ ਨਹੀਂ ਕੀਤਾ।

ਇਹ ਵੀ ਪੜ੍ਹੋ :   ਖ਼ੁਦ ਨੂੰ ਨਸ਼ਾ ਮੁਕਤ ਐਲਾਨਣ ਵਾਲੇ ਪਿੰਡਾਂ ਲਈ ਮੁੱਖ ਮੰਤਰੀ ਮਾਨ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


Harnek Seechewal

Content Editor

Related News