SYL ਦੇ ਮਾਮਲੇ ’ਚ ਸੁਖਬੀਰ ਬਾਦਲ ਪੰਜਾਬ ਹਿਤੈਸ਼ੀ ਹੋਣ ਦਾ ਭਰਮ ਨਾ ਪਾਲੇ : ਪ੍ਰੋ. ਸਰਚਾਂਦ
Monday, Jan 09, 2023 - 11:14 AM (IST)
ਅੰਮ੍ਰਿਤਸਰ (ਜ. ਬ.)- ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਦੇ ਪੇਚੀਦਾ ਅਤੇ ਸੰਵੇਦਨਸ਼ੀਲ ਮਾਮਲੇ ਵਿਚ ਸਿਆਸੀ ਫ਼ਾਇਦਾ ਲੈਣ ਦੀ ਦੌੜ ’ਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖੁਦ ਨੂੰ ਸੂਬੇ ਦਾ ਸਭ ਤੋਂ ਵੱਡਾ ਹਿਤੈਸ਼ੀ ਵਜੋਂ ਪੇਸ਼ ਕਰਨ ਦੀ ਬਚਕਾਨਾ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੰਦਿਆਂ ਸੁਖਬੀਰ ਬਾਦਲ ਨੂੰ ਸਵਾਲ ਕੀਤਾ ਕਿ ਪੰਜਾਬ ਦੇ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ 31 ਮਾਰਚ 1979 ਨੂੰ ਹਰਿਆਣੇ ਤੋਂ ਇਕ ਕਰੋੜ ਰੁਪਏ ਵਸੂਲ ਕੇ ਐੱਸ. ਵਾਈ. ਐੱਲ. ਲਈ ਜ਼ਮੀਨ ਐਕਵਾਇਰ ਕਰਨ ਦੀ ਪ੍ਰਕਿਰਿਆ ਜਾਰੀ ਰੱਖਣ ਲਈ, ਉਨ੍ਹਾਂ ਦੇ ਪਿਤਾ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਹਰਿਆਣਾ ਦੀ ਚੌਧਰੀ ਦੇਵੀ ਲਾਲ ਸਰਕਾਰ ਤੋਂ ਬਦਲੇ ਵਿਚ ਕੀ ਮਿਲਿਆ?
ਇਹ ਵੀ ਪੜ੍ਹੋ- 31 ਕਿਲੋ ਹੈਰੋਇਨ ਸਮੇਤ ਫੌਜੀ ਚੜ੍ਹਿਆ ਫਾਜ਼ਿਲਕਾ ਪੁਲਸ ਹੱਥੇ, ਰਾਤੋਂ ਰਾਤ ਅਮੀਰ ਹੋਣ ਦੇ ਵੇਖਦਾ ਸੀ ਸੁਫ਼ਨੇ
ਉਨ੍ਹਾਂ ਇਹ ਵੀ ਕਿਹਾ ਕਿ ਸਤੰਬਰ 1985 ਵਿਚ ਸੁਰਜੀਤ ਸਿੰਘ ਬਰਨਾਲਾ ਦੀ ਅਗਵਾਈ ਵਿਚ ਅਕਾਲੀ ਸਰਕਾਰ ਬਣਨ ਦੇ ਇਕ ਸਾਲ ਦੇ ਅੰਦਰ ਐੱਸ. ਵਾਈ. ਐੱਲ. ਲਈ 1595 ਏਕੜ ਜ਼ਮੀਨ ਐਕਵਾਇਰ ਕਰ ਲਈ ਗਈ ਸੀ, ਉਸ ਵਕਤ ਸਰਕਾਰ ’ਚ ਮੌਜੂਦ ਪ੍ਰਕਾਸ਼ ਸਿੰਘ ਬਾਦਲ ਨੂੰ ਰਿਪੇਰੀਅਨ ਸਿਧਾਂਤ ਦਾ ਖ਼ਿਆਲ ਕਿਉਂ ਨਹੀਂ ਆਇਆ?
ਇਹ ਵੀ ਪੜ੍ਹੋ- ਆਸਟ੍ਰੇਲੀਆ ’ਚ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਬਰਜਿੰਦਰ ਸਿੰਘ ਦੇ ਪਰਿਵਾਰ ਨੇ ਲਾਈ ਮਦਦ ਦੀ ਗੁਹਾਰ
ਪ੍ਰੋ. ਸਰਚਾਂਦ ਸਿੰਘ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਮਾਮਲੇ ’ਚ ਸਾਰੀਆਂ ਧਿਰਾਂ ਨੂੰ ਇਕਜੁੱਟ ਹੋਣ ਦੀ ਲੋੜ ਹੈ ਪਰ ਸੁਖਬੀਰ ਸਿੰਘ ਬਾਦਲ ਇਸ ਭਖਦੇ ਮੁੱਦੇ ’ਤੇ ਸਿਆਸਤ ਕਰਨ ’ਤੇ ਤੁਲੇ ਹੋਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਐੱਸ. ਵਾਈ. ਐੱਲ. ਦੇ ਮੁੱਦੇ ’ਤੇ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਕੌਮਾਂਤਰੀ ਕਾਨੂੰਨ ਅਤੇ ਰਿਪੇਰੀਅਨ ਸਿਧਾਂਤ ਦੇ ਹਵਾਲੇ ਨਾਲ ਪਾਣੀਆਂ ਬਾਰੇ ਪੰਜਾਬ ਭਾਜਪਾ ਦਾ ਪੱਖ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ ਅਤੇ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।