PTU ਦੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਨਾ ਤਰਕਸੰਗਤ ਨਹੀਂ: ਐਡਵੋਕੇਟ ਧਾਮੀ

04/04/2022 6:00:04 PM

ਅੰਮ੍ਰਿਤਸਰ (ਦੀਪਕ ਸ਼ਰਮਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪੰਜਾਬ ਇਤਿਹਾਸ ਅਧਿਐਨ ਵਿਭਾਗ ਅਤੇ ਇਤਿਹਾਸ ਵਿਭਾਗ ਦਾ ਰਲੇਵਾਂ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਇਸ ਫ਼ੈਸਲੇ ਨੂੰ ਮੁੜ ਵਿਚਾਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਿੰਡੀਕੇਟ ਦੀ ਮੀਟਿੰਗ ਵਿਚ ਇਨ੍ਹਾਂ ਦੋਹਾਂ ਵਿਭਾਗਾਂ ਨੂੰ ਇਕ ਕਰਨ ਦਾ ਫ਼ੈਸਲਾ ਤਰਕਸੰਗਤ ਨਹੀਂ ਹੈ। 

ਇਸ ਫ਼ੈਸਲੇ ਨਾਲ ਖੋਜ ਦੀਆਂ ਵਸੀਹ ਸੰਭਾਵਨਾਵਾਂ ਸੀਮਤ ਹੋ ਜਾਣਗੀਆਂ ਅਤੇ ਖ਼ਾਸ ਕਰਕੇ ਸਿੱਖ ਇਤਿਹਾਸਕਾਰ ਡਾ. ਗੰਡਾ ਸਿੰਘ ਦੀ ਨਿਸ਼ਾਨੀ ਪੰਜਾਬ ਇਤਿਹਾਸ ਅਧਿਐਨ ਵਿਭਾਗ ਦੀ ਹੋਂਦ ਖ਼ਤਮ ਕਰਕੇ ਹੋਰ ਵਿਭਾਗ ਵਿਚ ਰਲਾਉਣਾ ਸਿੱਖ ਵਿਰਾਸਤ ਨੂੰ ਤਬਾਹ ਕਰਨ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਇਤਿਹਾਸ ਸਿੱਖਾਂ ਦਾ ਇਤਿਹਾਸ ਹੈ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਬਿਨਾਂ ਇਸ ਖਿੱਤੇ ਦੇ ਇਤਿਹਾਸ ਦੀਆਂ ਖੋਜ ਤਰਜ਼ੀਹਾਂ ਸੰਭਵ ਨਹੀਂ ਰਹਿ ਜਾਣਗੀਆਂ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਪ੍ਰਭਾਵਿਤ ਕਰਨ ਵਾਲਾ ਹੈ, ਜਿਸ ਨੂੰ ਤੁਰੰਤ ਬਦਲਿਆ ਜਾਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਯੂਨੀਵਰਸਿਟੀਆਂ ਵੱਲੋਂ ਖੋਜ ਕਾਰਜਾਂ ਨੂੰ ਹੋਰ ਪ੍ਰਚੰਡ ਕਰਨ ਲਈ ਨਵੇਂ ਵਿਭਾਗ ਸਥਾਪਤ ਕਰਨ ਦੀ ਥਾਂ ਪਹਿਲਾਂ ਚੱਲ ਰਹੇ ਵਿਭਾਗਾਂ ਖ਼ਤਮ ਕਰਨ ਦਾ ਫ਼ੈਸਲਾ ਹੈਰਾਨੀਜਨਕ ਹੈ। 

ਉਨ੍ਹਾਂ ਆਖਿਆ ਕਿ ਪੰਜਾਬ ਦੇ ਇਤਿਹਾਸ, ਵਿਰਾਸਤ, ਇਥੋਂ ਦੀ ਧਾਰਮਿਕਤਾ, ਮਨੁੱਖੀ ਭਾਈਚਾਰੇ ਦਾ ਸੁਨੇਹਾ, ਦੇਸ਼ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਵੱਲੋਂ ਪਾਏ ਯੋਗਦਾਨ ਆਦਿ ਪਹਿਲੂਆਂ ਦੀ ਮੁਕੰਮਲ ਖੋਜ ਲਈ ਤੇਜ਼ੀ ਲਿਆਉਣਾ ਸਮੇਂ ਦੀ ਵੱਡੀ ਲੋੜ ਹੈ। ਅਜਿਹਾ ਤਾਂ ਹੀ ਸੰਭਵ ਹੈ, ਜੇਕਰ ਇਨ੍ਹਾਂ ਖੋਜਾਂ ਨਾਲ ਸਬੰਧਤ ਸਾਰੇ ਵਿਭਾਗ ਗਤੀਸ਼ੀਲ ਰਹਿਣ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਵਿਭਾਗਾਂ ਦਾ ਰਲੇਵਾਂ ਕਰਨ ਵਾਲੇ ਫ਼ੈਸਲੇ ’ਤੇ ਮੁੜ ਵਿਚਾਰ ਕਰਕੇ ਇਤਿਹਾਸ ਦੀ ਸੰਭਾਲ ਦੇ ਨਾਲ-ਨਾਲ ਇਤਿਹਾਸਕ ਵਿਭਾਗਾਂ ਦੀ ਹੋਂਦ ਨੂੰ ਬਣਾਈ ਰੱਖਣਾ ਚਾਹੀਦਾ ਹੈ।


rajwinder kaur

Content Editor

Related News