ਪੰਜਾਬ ਸਰਕਾਰ ਵਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ ''ਚ ਖੇਡ ਸਟੇਡੀਅਮ ਤੇ ਪਿੰਡ ਨੂੰ ਸਮਾਰਟ ਬਣਾਉਣ ਦਾ ਐਲਾਨ

Saturday, Feb 23, 2019 - 09:00 PM (IST)

ਤਰਨ ਤਾਰਨ,(ਰਾਕੇਸ਼ ਨਈਅਰ) : ਪੁਲਵਾਮਾ ਵਿਖੇ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਸੀ. ਆਰ. ਪੀ. ਐਫ. ਦੇ ਜਵਾਨ ਸੁਖਜਿੰਦਰ ਸਿੰਘ ਦੀ ਅੱਜ ਅੰਤਿਮ ਅਰਦਾਸ ਉਨ੍ਹਾਂ ਦੇ ਜੱਦੀ ਪਿੰਡ ਗੰਡੀਵਿੰਡ ਧੱਤਲ ਵਿਖੇ ਹੋਈ । ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਹੀਦ ਦੇ ਪਰਿਵਾਰ ਨੂੰ 12 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ । ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਨਗਰ ਦੀ ਮਿੱਟੀ ਨੂੰ ਮੈਂ ਨਤਮਸਤਕ ਹੁੰਦਾਂ ਹਾਂ, ਜਿਸ ਨੇ ਸ਼ਹੀਦ ਸੁਖਜਿੰਦਰ ਸਿੰਘ ਪੈਦਾ ਕੀਤਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਜਿੰਦਰ ਸਿੰਘ ਦੀ ਯਾਦ 'ਚ ਖੇਡ ਸਟੇਡੀਅਮ ਅਤੇ ਪਿੰਡ ਗੰਡੀਵਿੰਡ ਨੂੰ ਸਮਾਰਟ ਪਿੰਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਦੇਸ਼ ਤੇ ਕੌਮ ਲਈ ਜ਼ਿੰਦਗੀ ਜੀ ਕੇ ਜਾਂਦੇ ਹਨ, ਉਨ੍ਹਾਂ ਨੂੰ ਲੋਕ ਸਲਾਮ ਕਰਦੇ ਹਨ ਅਤੇ ਹਮੇਸ਼ਾ ਯਾਦ ਰੱਖਦੇ ਹਨ । ਉਨ੍ਹਾਂ ਕਿਹਾ ਕਿ ਸ਼ਹੀਦ ਸੁਖਜਿੰਦਰ ਸਿੰਘ ਦੇਸ਼ ਦੀ ਰਾਖੀ ਕਰਦਿਆ ਹੋਇਆ ਬਲੀਦਾਨ ਦੇ ਕੇ ਗਿਆ ਹੈ । ਉਸ ਦੀ ਸ਼ਹਾਦਤ ਦੇਸ਼ ਵਾਸੀਆਂ ਨੂੰ ਹਮੇਸ਼ਾ ਯਾਦ ਰਹੇਗੀ । ਜਿਹੜੇ ਲੋਕ ਸ਼ਹੀਦਾਂ ਦਾ ਸਤਿਕਾਰ ਕਰਦੇ ਹਨ, ਉਹ ਕੌਮ ਅਤੇ ਦੇਸ਼ ਕਦੇ ਨਹੀਂ ਮਰ ਸਕਦੇ। ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲਾ ਬਹੁਤ ਹਿਰਦੇ ਵੇਦਕ ਘਟਨਾ ਹੈ, ਜਿਸ ਦੌਰਾਨ ਸ਼ਹੀਦ ਸੁਖਜਿੰਦਰ ਸਿੰਘ ਨੇ ਦੇਸ਼ ਦੀ ਸੇਵਾ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਹੈ।

PunjabKesariਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨ ਨੂੰ ਸਿਰ ਝੁਕਾਉਣ ਲਈ ਉਨ੍ਹਾਂ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਏ ਹਾਂ। ਉਨ੍ਹਾਂ ਕਿਹਾ ਕਿ ਇਸ ਇਲਾਕੇ ਦੇ ਬਹਾਦਰ ਲੋਕ ਤੇ ਦੇਸ਼ ਕੌਮ ਦੀ ਰੱਖਿਆ ਲਈ ਹਮੇਸ਼ਾ ਅੱਗੇ ਆਏ ਹਨ। ਵਿਧਾਨ ਸਭਾ ਦੇ ਸ਼ੈਸ਼ਨ ਦੌਰਾਨ ਫੈਸਲਾ ਕੀਤਾ ਗਿਆ ਹੈ ਕਿ ਪੁਲਵਾਮਾ ਹਮਲੇ 'ਚ ਪੰਜਾਬ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਾਰੇ ਐਮ. ਐਲ. ਏ ਵਲੋਂ ਇੱਕ ਮਹੀਨੇ ਦੀ ਤਨਖਾਹ ਦਿੱਤੀ ਜਾਵੇਗੀ । ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼ਹੀਦ ਸੁਖਜਿੰਦਰ ਸਿੰਘ ਨੂੰ ਸਰਧਾਂਜਲੀ ਭੇਂਟ ਕਰਿਦਆ ਕਿਹਾ ਕਿ ਸ਼ਹੀਦ ਦੀ ਯਾਦ ਵਿਚ ਜਿਹੜਾ ਪੰਜਾਬ ਸਰਕਾਰ ਵੱਲੋਂ ਸਟੇਡੀਅਮ ਬਣਾਇਆ ਜਾਵੇਗਾ, ਉਸ ਵਿਚ ਉਹ ਆਪਣੇ ਅਖਤਿਆਰੀ ਫੰਡ 'ਚੋਂ 20 ਲੱਖ ਰੁਪਏ ਦੀ ਗ੍ਰਾਂਟ ਦੇਣਗੇ। ਇਸ ਮੌਕੇ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਜ਼ੀਰਾ ਦੇ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਫਤਤਿ ਗਰੁੱਪ ਦੇ ਚੇਅਰਮੈਨ ਇਕਬਾਲ  ਸਿੰਘ ਸੰਧੂ,ਡਿਪਟੀ ਕਮਿਸ਼ਨਰ  ਸ੍ਰੀ ਪਰਦੀਪ ਕੁਮਾਰ ਸੱਭਰਵਾਲ ਤੋਂ ਇਲਾਵਾ ਹੋਰ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਵਲੋਂ ਸ਼ਹੀਦ ਜਵਾਨ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।


Deepak Kumar

Content Editor

Related News