ਪੰਜਾਬ ਬਣ ਗਿਐ ਧਰਨਾਲੈਂਡ : ਅਸ਼ਵਨੀ ਸ਼ਰਮਾ

Monday, Jun 08, 2026 - 10:46 PM (IST)

ਪੰਜਾਬ ਬਣ ਗਿਐ ਧਰਨਾਲੈਂਡ : ਅਸ਼ਵਨੀ ਸ਼ਰਮਾ

ਪਠਾਨਕੋਟ, (ਸ. ਹ.)– ਪਠਾਨਕੋਟ ਦੇ ਵਿਧਾਇਕ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਆਪਣੇ ਸਾਥੀਆਂ ਸਮੇਤ ਪਠਾਨਕੋਟ ਵਿਖੇ ਸੇਵਾ ਕੇਂਦਰ ਮੁਲਾਜ਼ਮਾਂ ਵੱਲੋਂ ਚਲਾਈ ਜਾ ਰਹੀ ਹੜਤਾਲ ਦੇ ਸਮਰਥਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਕ ਵਿਚ ਆਵਾਜ਼ ਉਠਾਉਣ ਦਾ ਭਰੋਸਾ ਦਿੱਤਾ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਕਿਸੇ ਵੀ ਵਰਗ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ ਧਰਨੇ ’ਤੇ ਨਹੀਂ ਬੈਠਣਾ ਪਵੇਗਾ ਪਰ ਅੱਜ ਹਾਲਾਤ ਇਹ ਹਨ ਕਿ ਪੰਜਾਬ ਦਾ ਲੱਗਭਗ ਹਰ ਵਰਗ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸੜਕਾਂ ’ਤੇ ਉਤਰਣ ਲਈ ਮਜਬੂਰ ਹੈ।

ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਦੇ ਮੁਲਾਜ਼ਮ ਪਿਛਲੇ 11 ਦਿਨਾਂ ਤੋਂ ਤਪਦੀ ਗਰਮੀ ਵਿਚ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਧਰਨੇ ’ਤੇ ਬੈਠੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਸਰਕਾਰ ਦੀ ਬੇਰੁਖ਼ੀ ਕਾਰਨ ਮੁਲਾਜ਼ਮਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ।

‘ਆਪ’ ਸਰਕਾਰ ’ਤੇ ਨਿਸ਼ਾਨਾ ਵਿੰਨ੍ਹਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਾਅਦਾ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦਾ ਕੀਤਾ ਗਿਆ ਸੀ ਪਰ ਮੌਜੂਦਾ ਹਾਲਾਤਾਂ ਨੇ ਪੰਜਾਬ ਨੂੰ ‘ਧਰਨਾਲੈਂਡ’ ਬਣਾ ਦਿੱਤਾ ਹੈ, ਜਿੱਥੇ ਹਰ ਵਰਗ ਨੂੰ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਧਰਨੇ ਅਤੇ ਪ੍ਰਦਰਸ਼ਨ ਕਰਨੇ ਪੈ ਰਹੇ ਹਨ।

ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਧਰਨੇ ’ਤੇ ਬੈਠਣ ਲਈ ਮਜਬੂਰ ਕਰਨ ਦੀ ਬਜਾਏ ਗੱਲਬਾਤ ਰਾਹੀਂ ਇਸ ਮਸਲੇ ਦਾ ਸਥਾਈ ਹੱਲ ਕੱਢਿਆ ਜਾਵੇ।


author

Rakesh

Content Editor

Related News