ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ : ਜਥੇਦਾਰ ਗੜਗੱਜ

Saturday, Aug 16, 2025 - 01:31 PM (IST)

ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ : ਜਥੇਦਾਰ ਗੜਗੱਜ

ਅੰਮ੍ਰਿਤਸਰ( ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬੀ ਅੱਜ ਵੀ 1947 ਦੀ ਵੰਡ ਦਾ ਸੰਤਾਪ ਹੰਢਾ ਰਹੇ ਹਨ ਅਤੇ ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਇਹੋ ਜਿਹੀ ਵੰਡ ਅਤੇ ਕਤਲੇਆਮ ਵਾਲਾ ਵਰਤਾਰਾ ਕਦੇ ਨਾ ਵਾਪਰੇ। ਉਨ੍ਹਾਂ ਕਿਹਾ ਕਿ ਇਸ ਖ਼ਿੱਤੇ 'ਚ ਰਹਿਣ ਵਾਲੇ ਸਮੂਹ ਪੰਜਾਬੀ ਸਿੱਖ, ਹਿੰਦੂ ਤੇ ਮੁਸਲਮਾਨ ਅਗਸਤ 1947 ਨੂੰ ਪੰਜਾਬ ਦੇ ਉਜਾੜੇ ਦਾ ਸਮਾਂ ਮੰਨਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ 16, 17, 18, 19 ਤੱਕ ਦੀ ਨਵੀਂ Update

1947 ਵਿਚ ਪੰਜਾਬ ਅੰਦਰ ਕਈ ਦਿਨਾਂ ਤੱਕ ਕਤਲੇਆਮ , ਮਨੁੱਖਤਾ ਦਾ ਘਾਣ ਹੋਇਆ ਅਤੇ ਵੰਡ-ਪਾਊ ਸਿਆਸਤ ਨੇ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਨੂੰ ਵੰਡ ਕੇ ਰੱਖ ਦਿੱਤਾ ਜਿਸ ਦਾ ਸੰਤਾਪ ਅੱਜ ਵੀ ਦੇਸ਼-ਦੁਨੀਆ ਵਿੱਚ ਰਹਿੰਦੇ ਪੰਜਾਬੀ ਹੰਢਾ ਰਹੇ ਹਨ। ਉਨ੍ਹਾਂ ਕਿਹਾ ਕਿ 1947 'ਚ ਹੋਏ ਕਤਲੇਆਮ ਵਿਚ 10 ਲੱਖ ਤੋਂ ਵੱਧ ਪੰਜਾਬੀ ਮਾਰੇ ਗਏ ਜਿਨ੍ਹਾਂ ਵਿੱਚ ਹਿੰਦੂ, ਮੁਸਲਮਾਨ ਤੇ ਸਿੱਖ ਵੀ ਸ਼ਾਮਲ ਸਨ।

ਜਥੇਦਾਰ ਗੜਗੱਜ ਨੇ ਕਿਹਾ ਕਿ 1947 'ਚ ਮਾਰੇ ਗਏ ਸਮੂਹ ਪੰਜਾਬੀਆਂ ਦੀ ਯਾਦ ਵਿਚ ਪਿਛਲੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ ਕਰਵਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ 14 ਅਗਸਤ ਨੂੰ ਹੋ ਚੁੱਕੀ ਹੈ, ਜਿਸ ਦੇ ਭੋਗ 16 ਅਗਸਤ ਨੂੰ ਪੈਣਗੇ ਅਤੇ ਉਪਰੰਤ ਸੰਗਤੀ ਰੂਪ ਵਿੱਚ ਅਰਦਾਸ ਕਰਕੇ ਮਾਰੇ ਗਏ ਪੰਜਾਬੀਆਂ ਨੂੰ ਸਤਿਕਾਰ ਭੇਟ ਕਰਦਿਆਂ ਯਾਦ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਜਾਬੀਆਂ ਤੇ ਸੰਗਤਾਂ ਨੂੰ ਇਸ ਅਰਦਾਸ ਸਮਾਗਮ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ- ਟਾਰੀ ਸਰਹੱਦ 'ਤੇ ਰਿਟਰੀਟ ਸੈਰਾਮਨੀ ਦਾ ਸਮਾਂ ਤਬਦੀਲ, ਜਾਣੋ New Timing

ਜਥੇਦਾਰ ਗੜਗੱਜ ਨੇ ਕਿਹਾ 1947 'ਚ ਪੰਜਾਬੀਆਂ ਖ਼ਾਸਕਰ ਸਿੱਖਾਂ ਨੇ ਲਹਿੰਦੇ ਪੰਜਾਬ ਵਾਲੇ ਪਾਸੇ ਵੰਡ ਕਰਕੇ ਆਪਣੀ ਕੀਮਤੀ ਤੇ ਉਪਜਾਊ ਜ਼ਮੀਨ ਛੱਡੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਜਾਨ ਤੋਂ ਪਿਆਰੇ 200 ਤੋਂ ਵੱਧ ਗੁਰਧਾਮਾਂ ਦੇ ਵਿਛੋੜੇ ਦਾ ਦਰਦ ਸਹਿਆ। ਇਹ ਦਰਦ ਸਿੱਖਾਂ ਨੇ ਅਰਦਾਸ 'ਚ ਸ਼ਾਮਲ ਕੀਤਾ ਅਤੇ ਹਰ ਰੋਜ਼ ਸਿੱਖ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਅਰਦਾਸ ਬੇਨਤੀ ਕਰਦੇ ਹਨ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕਿਰਪਾ ਅਤੇ ਸਿੱਖ ਸੰਗਤ ਦੀਆਂ ਅਰਦਾਸਾਂ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਿਆ, ਦੋਵੇਂ ਪਾਸੇ ਵੱਸਦੇ ਪੰਜਾਬੀਆਂ ਨੂੰ ਇੱਕ-ਦੂਜੇ ਨਾਲ ਮਿਲਣ ਦਾ ਰਾਹ ਮਿਲਿਆ, ਸਾਲਾਂ ਤੋਂ ਆਪਸ ਵਿੱਚ ਵਿੱਛੜੇ ਲੋਕ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ਉੱਤੇ ਮਿਲੇ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਜੋ ਦੋਵੇਂ ਦੇਸ਼ਾਂ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਉਸ ਤੋਂ ਬਾਅਦ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰ ਦਿੱਤਾ ਗਿਆ ਅਤੇ ਸਿੱਖ ਸੰਗਤ ਤੇ ਪੰਜਾਬ ਸਰਕਾਰ ਪਾਸੋਂ ਇਸ ਲਾਂਘੇ ਨੂੰ ਦੁਬਾਰਾ ਜਲਦ ਹੀ ਖੋਲ੍ਹਣ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ- Punjab Dear Rakhi Bumper 2025 : ਕਿਸ ਦੀ ਝੋਲੀ ਪਵੇਗਾ ਕਰੋੜਾਂ ਦਾ ਇਨਾਮ, ਜਲਦ ਹੋਣ ਜਾ ਰਿਹਾ ਐਲਾਨ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਵੀ ਆ ਰਿਹਾ ਹੈ ਅਤੇ ਜੇਕਰ ਇਸ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹ ਜਾਵੇ ਤਾਂ ਸੰਗਤ ਗੁਰੂ ਸਾਹਿਬ ਦੇ ਇਸ ਪਾਵਨ ਅਸਥਾਨ ਉੱਤੇ ਨਤਮਸਤਕ ਹੋ ਸਕਣਗੀਆਂ। ਉਨ੍ਹਾਂ ਭਾਰਤ ਸਰਕਾਰ ਨੂੰ ਇਹ ਲਾਂਘਾ ਜਲਦ ਖੋਲ੍ਹਣ ਲਈ ਕਾਰਜ ਕਰਨ ਨੂੰ ਆਖਿਆ। ਉਨ੍ਹਾਂ ਅਰਦਾਸ ਕੀਤੀ ਕਿ ਸਮੁੱਚੇ ਵਿਸ਼ਵ ਅੰਦਰ ਆਪਸੀ ਮੁਹੱਬਤ ਤੇ ਸਾਂਝੀਵਾਲਤਾ ਵਧੇ ਅਤੇ ਜਿਹੋ ਜਿਹੇ ਦਿਨ ਪੰਜਾਬ ਨੇ ਸੰਨ 1947 ਵਿੱਚ ਦੇਖੇ ਇਹੋ ਜਿਹੇ ਕਿਸੇ ਨੂੰ ਨਾ ਦੇਖਣਾ ਪੈਣ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News