ਕਾਦੀਆਂ : ਐਕਸਿਸ ਬੈਂਕ ਨੇੜਿਓਂ ਨੌਜਵਾਨ ਦੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
Sunday, Apr 26, 2026 - 10:36 PM (IST)
ਗੁਰਦਾਸਪੁਰ (ਗੁਰਪ੍ਰੀਤ ਸਿੰਘ): ਕਾਦੀਆਂ ਸ਼ਹਿਰ ਵਿੱਚ ਉਸ ਵੇਲੇ ਸਨਸਨੀ ਅਤੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਥਾਨਕ ਐਕਸਿਸ ਬੈਂਕ ਦੇ ਨੇੜੇ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਲਾਸ਼ ਮਿਲੀ। ਇਸ ਘਟਨਾ ਕਾਰਨ ਇਲਾਕੇ ਦੇ ਲੋਕਾਂ ਵਿੱਚ ਭਾਰੀ ਡਰ ਅਤੇ ਚਿੰਤਾ ਪਾਈ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦੀ ਪਛਾਣ ਗੁਰਦੀਪ ਸਿੰਘ ਵਾਸੀ ਪਿੰਡ ਮਾਲੀਆ ਵਜੋਂ ਹੋਈ ਹੈ। ਘਟਨਾ ਦਾ ਪਤਾ ਉਸ ਵੇਲੇ ਲੱਗਿਆ ਜਦੋਂ ਸਵੇਰੇ ਲੋਕ ਆਪਣੇ ਰੋਜ਼ਾਨਾ ਕੰਮਾਂ ਲਈ ਘਰਾਂ ਤੋਂ ਬਾਹਰ ਨਿਕਲੇ ਅਤੇ ਉਨ੍ਹਾਂ ਨੇ ਬੈਂਕ ਦੇ ਨੇੜੇ ਲਾਸ਼ ਪਈ ਦੇਖੀ, ਜਿਸ ਤੋਂ ਬਾਅਦ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਮੌਕੇ ਤੋਂ ਲੋੜੀਂਦੇ ਸਬੂਤ ਇਕੱਠੇ ਕੀਤੇ ਗਏ ਤੇ ਮੁੱਢਲੀ ਕਾਰਵਾਈ ਤੋਂ ਬਾਅਦ ਲਾਸ਼ ਨੂੰ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮੌਤ ਦੇ ਅਸਲ ਕਾਰਨਾਂ ਦਾ ਅਜੇ ਤੱਕ ਸਪਸ਼ਟ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਦੀ ਵੱਖ-ਵੱਖ ਪੱਖਾਂ ਤੋਂ ਜਾਂਚ ਜਾਰੀ ਹੈ। ਪੁਲਸ ਮੁਤਾਬਕ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸ ਦਰਦਨਾਕ ਘਟਨਾ ਤੋਂ ਬਾਅਦ ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕਰਕੇ ਸੱਚਾਈ ਸਾਹਮਣੇ ਲਿਆਂਦੀ ਜਾਵੇ। ਇਸ ਦੇ ਨਾਲ ਹੀ ਲੋਕਾਂ ਨੇ ਇਲਾਕੇ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਅਪੀਲ ਕੀਤੀ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ।
