ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ਾ ਜਾਰੀ ਕਰੇ : ਐਡਵੋਕੇਟ ਧਾਮੀ
Tuesday, Jul 30, 2024 - 12:30 PM (IST)
ਅੰਮ੍ਰਿਤਸਰ(ਦੀਪਕ, ਸਰਬਜੀਤ)– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਨਿੰਨ ਸ਼ਰਧਾਲੂ ਰਾਏ ਬੁਲਾਰ ਜੀ ਦੇ ਪਾਕਿਸਤਾਨ ’ਚ ਰਹਿੰਦੇ ਚਾਰ ਵੰਸ਼ਜ ਪਰਿਵਾਰਾਂ ਨੂੰ ਗੁਰੂ ਸਾਹਿਬ ਜੀ ਦੇ ਨਵੰਬਰ ਮਹੀਨੇ ’ਚ ਆ ਰਹੇ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਭਾਰਤ ਆਉਣ ਦਾ ਸੱਦਾ ਭੇਜਿਆ ਹੈ। ਰਾਏ ਬੁਲਾਰ ਜੀ ਦੇ ਵੰਸ਼ਜ ਰਾਏ ਮੁਹੰਮਦ ਸਲੀਮ ਭੱਟੀ ਸਮੇਤ ਚਾਰ ਪਰਿਵਾਰਾਂ ਨੂੰ ਭੇਜੇ ਗਏ ਸੱਦਾ ਪੱਤਰ ’ਚ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਇਸ ਸਾਲ 15 ਨਵੰਬਰ 2024 ਨੂੰ ਸ੍ਰੀ ਅੰਮ੍ਰਿਤਸਰ, ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ, ਬਟਾਲਾ, ਦਿੱਲੀ, ਨਾਨਕਮੱਤਾ (ਉਤਰਾਖੰਡ) ਵਿਖੇ ਸਥਿਤ ਕਈ ਗੁਰਧਾਮਾਂ ’ਤੇ ਮਨਾਇਆ ਜਾ ਰਿਹਾ ਹੈ, ਇਸ ਲਈ ਰਾਏ ਬੁਲਾਰ ਜੀ ਦੇ ਵੰਸ਼ਜ ਪਰਿਵਾਰ 1 ਤੋਂ 30 ਨਵੰਬਰ 2024 ਦੇ ਵਿਚਕਾਰ ਭਾਰਤ ਆ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ। ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਪਰਿਵਾਰਾਂ ਦੇ ਭਾਰਤ ਪਹੁੰਚਣ ਉੱਤੇ ਉਨ੍ਹਾਂ ਦੀ ਰਿਹਾਇਸ਼ ਅਤੇ ਯਾਤਰਾ ਦੇ ਸਾਰੇ ਖਰਚੇ ਦਾ ਪ੍ਰਬੰਧ ਕਰਨ ਦੀ ਵੀ ਗੱਲ ਆਖੀ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਵੀਜ਼ੇ ਜਾਰੀ ਕਰ ਕੇ ਭਾਰਤ ਆਉਣ ਦੀ ਇਜ਼ਾਜਤ ਦੇਵੇ ਤਾਂ ਜੋ ਉਹ ਇੱਧਰ ਆ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋ ਸਕਣ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ’ਚ ਲਾਏ ਗਈ ਰਾਏ ਬੁਲਾਰ ਜੀ ਦੀ ਤਸਵੀਰ ਨੂੰ ਯਾਦਗਾਰ ਵਜੋਂ ਨਿਹਾਰ ਸਕਣ। ਐਡਵੋਕੇਟ ਧਾਮੀ ਨੇ ਆਸ ਪ੍ਰਗਟਾਈ ਕਿ ਸਰਕਾਰ ਇਸ ਵਾਰ ਰਾਏ ਬੁਲਾਰ ਜੀ ਦੇ ਵੰਸ਼ਜਾਂ ਨੂੰ ਭਾਰਤ ਆਉਣ ਲਈ ਵੀਜ਼ੇ ਜਾਰੀ ਕਰਕੇ ਸਿੱਖਾਂ ਭਾਵਨਾਵਾਂ ਦੀ ਕਦਰ ਕਰੇਗੀ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8