ਸਾਕਾ ਨਨਕਾਣਾ ਸਾਹਿਬ ਦੇ 101ਵੇਂ ਵਰ੍ਹੇ ਮੌਕੇ SGPC ਵੱਲੋਂ ਵਿਸ਼ਾਲ ਗੁਰਮਤਿ ਸਮਾਗਮ

02/26/2022 2:14:20 PM

ਅੰਮ੍ਰਿਤਸਰ (ਮਠਾਰੂ, ਦੀਪਕ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਫ਼ਰਵਰੀ 1921 ਵਿਚ ਵਾਪਰੇ ਖੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦਾਸਪੁਰ ਦੇ ਨਗਰ ਗੋਧਰਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਨਗਰ ਗੋਧਰਪੁਰ ਵਿਖੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦਾ ਪਰਿਵਾਰ ਆ ਕੇ ਵੱਸਿਆ ਸੀ ਅਤੇ ਇਸ ਅਸਥਾਨ ’ਤੇ ਬੀਤੇ ਸਾਲ ਸਾਕੇ ਦੀ 100 ਸਾਲਾ ਸ਼ਤਾਬਦੀ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਈ ਗਈ ਸੀ।

ਇਸ ਵਾਰ 101ਵੇਂ ਵਰ੍ਹੇ ਕਰਵਾਏ ਗਏ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਕਿ ਇਸ ਨਗਰ ਵਿਚ ਹਰ ਸਾਲ ਸ਼ਹੀਦੀ ਸਾਕੇ ਦੀ ਯਾਦ ਮਨਾਈ ਜਾਵੇਗੀ ਅਤੇ ਇਸ ਤੋਂ ਇਲਾਵਾ ਸਾਕੇ ਦੇ ਹੋਰਨਾਂ ਸ਼ਹੀਦਾਂ ਦੇ ਨਗਰਾਂ ਵਿਚ ਵੀ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਸਿੱਖ ਕੌਮ ਦਾ ਜਨਮ ਅਸਥਾਨ ਹੈ ਅਤੇ ਇਸ ਨੂੰ 100 ਸਾਲਾ ਪਹਿਲਾਂ ਅਯਾਸ਼ ਮਹੰਤਾਂ ਪਾਸੋਂ ਅਜ਼ਾਦ ਕਰਵਾਉਣ ਲਈ ਖਾਲਸਾ ਪੰਥ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਸਨ। ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਨੇ ਜਿਸ ਦ੍ਰਿਡ਼੍ਹਤਾ ਨਾਲ ਗੁਰਧਾਮ ਨੂੰ ਅਜ਼ਾਦ ਕਰਵਾਇਆ, ਉਹ ਸਿੱਖੀ ਜਜ਼ਬੇ ਨੂੰ ਪ੍ਰਚੰਡ ਰੱਖਣ ਦੀ ਵਿਥਿਆ ਹੋ ਨਿਬਡ਼ੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਜ ਵੀ ਬਹੁਤ ਸਾਰੀਆਂ ਪੰਥ ਵਿਰੋਧੀਆਂ ਸ਼ਕਤੀਆਂ ਪੰਥਕ ਸੰਸਥਾਵਾਂ ਨੂੰ ਕਮਜ਼ੋਰ ਕਰਨ ’ਤੇ ਤੁਲੀਆਂ ਹੋਈਆਂ ਹਨ, ਜਿਨ੍ਹਾਂ ਦਾ ਇਕਜੁਟਤਾ ਨਾਲ ਮੁਕਾਬਲਾ ਕਰਨਾ ਸਮੇਂ ਦੀ ਲੋਡ਼ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸਮੁੱਚੀ ਸਿੱਖ ਕੌਮ ਇਕੱਠੀ ਹੋ ਕੇ ਸਿੱਖੀ ਦੀ ਚਡ਼੍ਹਦੀ ਕਲਾ ਲਈ ਯਤਨ ਕਰੇ ਅਤੇ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਵਿਰਸੇ ਨਾਲ ਜੋਡ਼ਨ ਲਈ ਅੱਗੇ ਆਏ। ਸਮਾਗਮ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿ. ਜਗਤਾਰ ਸਿੰਘ, ਕਥਾਵਾਚਕ ਗਿ.ਜਸਵੰਤ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਗੁਰਬਾਣੀ ਕੀਰਤਨ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ ਗਿਆ। ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸੀਨੀਅਰ ਅਕਾਲੀ ਆਗੂ ਰਵੀਕਰਨ ਸਿੰਘ ਕਾਹਲੋਂ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।


rajwinder kaur

Content Editor

Related News