‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਦੇ ਕੰਮਾਂ ਦਾ ਸੰਗਰੂਰ ਦੇ ਲੋਕਾਂ ਨੇ ਦਿਖਾਇਆ ਰਿਪੋਰਟ ਕਾਰਡ : ਔਜਲਾ

06/27/2022 11:34:39 PM

ਅੰਮ੍ਰਿਤਸਰ (ਗੁਰਿੰਦਰ ਸਾਗਰ) : ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ’ਤੇ ਕਾਂਗਰਸ ਵੱਲੋਂ ਇਕ ਮਾਰਚ ਕੱਢ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ ਦਿੱਤਾ ਗਿਆ ਤੇ ਅੰਮ੍ਰਿਤਸਰ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਆਮ ਆਦਮੀ ਪਾਰਟੀ ਉੱਤੇ ਕਈ ਸ਼ਬਦੀ ਹਮਲੇ ਕੀਤੇ। ਔਜਲਾ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਅੰਮ੍ਰਿਤਸਰ ਸ਼ਹਿਰ ਨੂੰ ਨਸ਼ਾ-ਮੁਕਤ ਕੀਤਾ ਜਾਵੇ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਚੱਲਣ ਵਾਲੇ ਸ਼ਰਾਬ ਦੇ ਠੇਕਿਆਂ ਨੂੰ ਵੀ ਬੰਦ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਅੰਮ੍ਰਿਤਸਰ ਨੂੰ ਨਸ਼ਾ-ਮੁਕਤ ਕਰਨ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਵੀ ਆਵਾਜ਼ ਚੁੱਕਦੀਆਂ ਰਹੀਆਂ ਹਨ।

ਇਹ ਵੀ ਪੜ੍ਹੋ : ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਬੇਗੋਵਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੋ ਅੱਜ ਆਮ ਆਦਮੀ ਪਾਰਟੀ ਵੱਲੋਂ ਬਜਟ ਪੇਸ਼ ਕੀਤਾ ਗਿਆ ਹੈ, ਉਸ ਨੂੰ ਅਜੇ ਉਹ ਦੇਖ ਨਹੀਂ ਪਾਏ ਅਤੇ ਬਜਟ ਨੂੰ ਚੰਗੀ ਤਰ੍ਹਾਂ ਪੜ੍ਹ ਕੇ ਹੀ ਉਸ ’ਤੇ ਕੋਈ ਬਿਆਨ ਦੇਣਗੇ। ਉਨ੍ਹਾਂ ਕਿਹਾ ਕਿ ਜੋ ਬੀਤੇ ਦਿਨ ਸੰਗਰੂਰ ’ਚ ਆਮ ਆਦਮੀ ਪਾਰਟੀ ਦੀ ਹਾਰ ਹੋਈ ਹੈ, ਇਸ ਦਾ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਗੱਡੀ ਦੀ ਬਾਰੀ ’ਚੋਂ ਲਟਕਣਾ ਹੈ। ਉਨ੍ਹਾਂ ਕਿਹਾ ਕਿ ਜੋ ਤਿੰਨ ਮਹੀਨਿਆਂ ’ਚ ਆਮ ਆਦਮੀ ਪਾਰਟੀ ਨੇ ਪੰਜਾਬ ’ਚ ਕੰਮ ਕੀਤੇ ਹਨ, ਉਨ੍ਹਾਂ ਦਾ ਰਿਪੋਰਟ ਕਾਰਡ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਦਿਖਾਇਆ ਹੈ। ਔਜਲਾ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਇਹ ਦੱਸ ਦਿੱਤਾ ਕਿ ਦਿੱਲੀ ਤੋਂ ਰਿਮੋਟ ਕੰਟਰੋਲ ਨਾਲ ਕੋਈ ਵੀ ਸਰਕਾਰ ਪੰਜਾਬ ’ਚ ਰਾਜ ਨਹੀਂ ਕਰ ਸਕਦੀ। ਇਸ ਮੌਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਇਕ ਵਫਦ ਉਨ੍ਹਾਂ ਨੂੰ ਮੰਗ ਪੱਤਰ ਦਿੱਤਾ ਹੈ। ਉਨ੍ਹਾਂ ਦਾ ਮੰਗ ਪੱਤਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਕ ਪਹੁੰਚਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਸ਼ਹਿਰ ਨੂੰ ਨਸ਼ਾ-ਮੁਕਤ ਕੀਤਾ ਜਾਵੇ, ਜਿਸ ਲਈ ਸਰਕਾਰ ਪਹਿਲਾਂ ਹੀ ਕੋਸ਼ਿਸ਼ਾਂ ਕਰ ਰਹੀ ਹੈ। 


Manoj

Content Editor

Related News