ਪਿੰਡ ਸੇਖਾ ਵਿਖੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਇਆ ਸੈਮੀਨਾਰ
Wednesday, Oct 01, 2025 - 09:29 PM (IST)

ਦੀਨਾਨਗਰ, (ਹਰਜਿੰਦਰ ਗੋਰਾਇਆ)- ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਹੇਠਾਂ ਪਰਾਲੀ ਦੀ ਅੱਗ ਨੂੰ ਰੋਕਣ ਲਈ ਖੇਤੀਬਾੜੀ ਵਿਭਾਗ ਵੱਲੋ ਮੋਰਚਾ ਸੰਭਾਲਿਆ ਹੋਇਆ ਹੈ। ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋ ਰੋਜ਼ਾਨਾਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਜਾ ਕੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਸੇਖਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ, ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਦੌਰਾਨ ਖੇਤੀਬਾੜੀ ਵਿਸਥਾਰ ਅਫਸਰ ਪਰਮਜੀਤ ਸਿੰਘ ਔਲਖ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਾ ਕਿਸੇ ਵੀ ਪੱਖ ਤੋਂ ਸਹੀ ਤੇ ਲਾਭਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਹਿਰੀਲੀਆਂ ਗੈਸਾਂ ਨਾਲ ਸਾਡਾ ਵਾਤਾਵਰਨ ਪਲੀਤ ਹੁੰਦਾ ਹੈ ਓਥੇ ਜ਼ਮੀਨ ਦੇ ਉਪਜਾਊ ਤੱਤ ਵੀ ਸੜ ਕੇ ਨਸ਼ਟ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਜ਼ਹਿਰੀਲਾ ਧੂੰਆਂ ਅੱਗ ਲਗਾਉਣ ਵਾਲੇ ਕਿਸਾਨਾਂ ਅਤੇ ਉਸ ਪਿੰਡ ਨੂੰ ਵੀ ਆਪਣਾ ਮਾਰੂ ਅਸਰ ਕਰਦਾ ਹੈ। ਇਸ ਲਈ ਸਾਨੂੰ ਵਡੇਰੇ ਮਾਨਵੀ ਅਤੇ ਵਾਤਾਵਰਨ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੰਭਾਲ ਖੇਤੀ ਮਸ਼ੀਨਰੀ ਰਾਹੀਂ ਅਸਾਨੀ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ 'ਤੇ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਖੇਤੀ ਸੰਦ ਉਪਲਬਧ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਸਾਰੇ ਪਿੰਡਾਂ ਵਿੱਚ ਖੇਤੀ ਸੰਦਾਂ ਦੀ ਮੈਪਿੰਗ ਕੀਤੀ ਗਈ ਹੈ। ਇਸ ਮੌਕੇ ਸਰਪੰਚ ਸੰਦੀਪ ਕੌਰ, ਹਰਮੀਤ ਸਿੰਘ, ਅਮਨਦੀਪ ਸਿੰਘ, ਤਰਸੇਮ ਸਿੰਘ, ਨੰਬਰਦਾਰ ਸੁਖਦੇਵ ਸਿੰਘ ਆਦਿ ਹਾਜਰ ਸਨ