SGPC ਨੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਕਰਵਾਇਆ ਗੁਰਮਤਿ ਸਮਾਗਮ

Saturday, Aug 20, 2022 - 03:53 PM (IST)

SGPC ਨੇ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਕਰਵਾਇਆ ਗੁਰਮਤਿ ਸਮਾਗਮ

ਅੰਮ੍ਰਿਤਸਰ (ਬਿਊਰੋ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਕਰਨੈਲ ਸਿੰਘ, ਭਾਈ ਸਤਨਾਮ ਸਿੰਘ ਕੁਹਾੜਕਾ ਦੇ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ। ਬਾਬਾ ਮੱਖਣ ਸ਼ਾਹ ਲੁਬਾਣਾ ਉਹ ਪਰਉਪਕਾਰੀ ਪੁਰਸ਼ ਸਨ, ਜਿਨ੍ਹਾਂ ਭਟਕਦੀਆਂ ਹੋਈਆਂ ਸੰਗਤਾਂ ਨੂੰ ਸੱਚੇ ਗੁਰੂ ਦੇ ਲੜ ਲਾਇਆ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਵਰਗੀਆਂ ਗੁਰੂ ਨੂੰ ਸਮਰਪਿਤ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚਲਣਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। 

ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਗਿਜਲੀਆਂ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੁਜੇ ਸ. ਰਘਬੀਰ ਸਿੰਘ ਬੱਬੀ, ਮਾਸਟਰ ਮਹਿੰਦਰ ਸਿੰਘ ਤੇ ਹਿੰਮਤ ਸਿੰਘ ਸਰਪੰਚ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਵਰਿਆਮ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਹਰਪਾਲ ਸਿੰਘ ਜੱਲ੍ਹਾ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਬਲਦੇਵ ਸਿੰਘ ਗਿਲਜੀਆਂ, ਸਾਬਕਾ ਪ੍ਰਧਾਨ ਹਿੰਮਤ ਸਿੰਘ ਸਰਪੰਚ, ਮਾਸਟਰ ਮਹਿੰਦਰ ਸਿੰਘ, ਰਘਬੀਰ ਸਿੰਘ ਬੱਬੀ, ਖਜਾਨਚੀ ਗਰੀਬ ਸਿੰਘ ਕਾਲੀ, ਸਰਬਜੀਤ ਸਿੰਘ ਦਸੂਹਾ, ਸਾਬਕਾ ਚੇਅਰਮੈਨ ਮਹਿੰਦਰ ਸਿੰਘ ਮਹਿਮਦਪੁਰ ਆਦਿ ਮੌਜੂਦ ਸਨ।


 


author

rajwinder kaur

Content Editor

Related News