ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਮੁਹਿੰਮ ਦਾ ਐਲਾਨ

02/13/2023 5:06:45 PM

ਬਾਬਾ ਬਕਾਲਾ ਸਾਹਿਬ (ਰਾਕੇਸ਼)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਤਖਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ ਅਤੇ ਹੁਣ ਪਿੰਡਾਂ ‘ਚ ਵੀ ਇਸ ਮੁਹਿੰਮ ਨੂੰ ਹੁੰਗਾਰਾ ਦੇਣ ਲਈ ਵਿਸ਼ੇਸ਼ ਤੌਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੱਜ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਮੂਹ ਸਰਕਲ ਪ੍ਰਧਾਨਾਂ, ਅਕਾਲੀ ਵਰਕਰਾਂ ਤੇ ਹੋਰ ਅਹੁਦੇਦਾਰਾਂ ਦੀ ਜ਼ਰੂਰੀ ਇਕੱਤਰਤਾ ਹਲਕਾ ਇੰਚਾਰਜ਼ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾਂ ਅਤੇ ਅਮਰਜੀਤ ਸਿੰਘ ਭਲਾਈਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ‘ਚ ਮੀਟਿੰਗ ਹੋਈ। 

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਨਸ਼ੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਭਰ ਜਵਾਨੀ 'ਚ ਜਹਾਨੋਂ ਤੁਰ ਗਿਆ ਪੁੱਤ

ਮੀਟਿੰਗ ਨੂੰ ਸੰਬੋਧਨ ਕਰਦਿਆਂ ਉਕਤ ਦੋਵਾਂ ਆਗੂਆਂ ਨੇ ਕਿਹਾ ਕਿ ਪ੍ਰਾਪਤ ਹਦਾਇਤਾਂ ਅਨੁਸਾਰ 18 ਫਰਵਰੀ ਤੋਂ ਪਿੰਡਾਂ ਵਿਚ ਬਕਾਇਦਾ ਦਸਤਖ਼ਤੀ ਮੁਹਿੰਮ ਸ਼ੁਰੂ ਕਰਵਾਈ ਜਾ ਰਹੀ ਹੈ ਅਤੇ ਪਹਿਲੇ ਪੜਾਅ ਵਜੋਂ ਰੋਜ਼ਾਨਾ 5 ਪਿੰਡਾਂ ਵਿਚ ਇਹ ਮੁਹਿੰਮ ਚਲਾਈ ਜਾਵੇਗੀ। ਜਲਾਲਉਸਮਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਜਾ ਚੁੱਕੀ ਦਸਤਖ਼ਤੀ ਮੁਹਿੰਮ ਤਹਿਤ 16 ਲੱਖ ਤੋਂ ਵੱਧ ਫ਼ਾਰਮ ਭਰੇ ਜਾ ਚੁੱਕੇ ਹਨ, ਜੋ ਭਾਰਤ ਦੇ ਰਾਸ਼ਟਰਪਤੀ ਨੂੰ ਸੋਂਪੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ, ਤਾਂ ਉਹ ਇਹ ਮਾਮਲੇ ਯੂ.ਐੱਨ.ਓ ਤੱਕ ਵੀ ਲੈ ਕੇ ਜਾਣਗੇ।

ਇਹ ਵੀ ਪੜ੍ਹੋ- ਵਿਦਿਆਰਥੀਆਂ ਦੇ ਬਸਤੇ 'ਚ ਪੁੱਜੀ ਸ਼ਰਾਬ, DEO ਦਾ ਹੁਕਮ- ਬੈਗ ਤੇ ਬੋਤਲਾਂ ਕਰੋ ਚੈੱਕ

ਜਲਾਲਉਸਮਾਂ ਨੇ ਇਹ ਵੀ ਦੱਸਿਆ ਕਿ ਬੰਦੀ ਸਿੰਘਾਂ ਦੀ ਪਿਛਲੇ ਸਮੇਂ ਦੌਰਾਨ ਹੁਣ ਤੱਕ ਰਿਹਾਈ ਲਈ ਵਕੀਲਾਂ ਦਾ ਖ਼ਰਚਾ ਅਤੇ ਬੰਦੀ ਸਿੰਘਾਂ ਦੇ ਪਰਿਵਾਰਾਂ ਨੂੰ ਮਾਲੀ ਰਾਹਤ ਵਜੋਂ ਸ਼੍ਰੋਮਣੀ ਕਮੇਟੀ ਸਾਢੇ 4 ਕਰੋੜ ਰੁਪੈ ਖ਼ਰਚ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਦੋਹਰਾ ਕਾਨੂੰਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰਾਜੀਵ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਅਤੇ ਰਾਮ ਰਹੀਮ ਨੂੰ ਬਾਰ-ਬਾਰ ਪੈਰੋਲ ਦੇਣਾ ਸਿੱਧ ਕਰਦਾ ਹੈ ਕਿ ਅਜਿਹੇ ਲੋਕਾਂ ਲਈ ਕਾਨੂੰਨ ਵੱਖਰਾ ਹੈ, ਪਰ ਸਜਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਲਈ ਕੇਂਦਰ ਤੇ ਪੰਜਾਬ ਦੀਆਂ ਸਰਕਾਰਾਂ ਕੋਈ ਦਿਲਚਸਪੀ ਨਹੀਂ ਦਿਖਾ ਰਹੀਆਂ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਵੀ ਕੇਜਰੀਵਾਲ ਦਾ ਹੀ ਸਾਥੀ ਹੈ। ਮੀਟਿੰਗ ਉਪਰੰਤ ਕੇਂਦਰ 'ਤੇ ਪੰਜਾਬ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan