SGPC ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ, ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ ਵਜੀਫ਼ਾ ਰਾਸ਼ੀ

06/13/2023 3:46:01 PM

ਅੰਮ੍ਰਿਤਸਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਫਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 1552 ਵਿਦਿਆਰਥੀਆਂ ਨੂੰ 32 ਲੱਖ 25 ਹਜ਼ਾਰ ਰੁਪਏ ਵਜੀਫ਼ਾ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਇਸ ਤੋਂ ਇਲਾਵਾ ਸਨਮਾਨ ਚਿੰਨ੍ਹ ਤੇ ਪ੍ਰਮਾਣ ਪੱਤਰ ਦੇ ਕੇ ਵੀ ਨਿਵਾਜਿਆ ਜਾਵੇਗਾ।

ਇਹ ਵੀ ਪੜ੍ਹੋ- ਲੂ ਨੇ ਝੰਬੇ ਅੰਬਰਸਰੀਏ, ਵਧਦੀ ਗਰਮੀ ਨੂੰ ਦੇਖ ਲੋਕਾਂ ਨੂੰ ਘਰੋਂ ਬਾਹਰ ਜਾਣ 'ਤੇ ਪੈ ਰਹੀ ਚਿੰਤਾ

ਨਤੀਜਾ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਿਥੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦਾ ਕਾਰਜ ਕਰਦੀ ਹੈ, ਉਥੇ ਹੀ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥਿਆਂ ਨਾਲ ਪਿੰਡ ਪੱਧਰ ’ਤੇ ਧਰਮ ਪ੍ਰਚਾਰ ਲਹਿਰ ਚਲਾਈ ਜਾ ਰਹੀ ਹੈ। ਧਰਮ ਪ੍ਰਚਾਰ ਕਮੇਟੀ ਵੱਲੋਂ 17 ਮਿਸ਼ਨਰੀ ਕਾਲਜ ਅਤੇ ਵਿਦਿਆਲੇ ਨੌਜਵਾਨਾਂ ਨੂੰ ਗੁਰਬਾਣੀ ਕੀਰਤਨ ਅਤੇ ਧਰਮ ਦੀ ਸਿੱਖਿਆ ਦੇਣ ਲਈ ਕਾਰਜਸ਼ੀਲ ਹਨ। ਇਸ ਦੇ ਨਾਲ ਹੀ ਬੱਚਿਆਂ ਅਤੇ ਨੌਜਵਾਨਾਂ ਨੂੰ ਸਿੱਖ ਧਰਮ, ਇਤਿਹਾਸ ਤੋਂ ਜਾਣੂ ਕਰਵਾਉਣ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਅਤੇ ਬੱਚਿਆਂ ਨੂੰ ਸਿੱਖ ਇਤਿਹਾਸ, ਰਹਿਤ ਮਰਯਾਦਾ ਅਤੇ ਸਿੱਖ ਸਿਧਾਂਤਾਂ ਨਾਲ ਜੋੜਨ ਲਈ ਧਾਰਮਿਕ ਪ੍ਰੀਖਿਆ ਦਾ ਵੱਡਾ ਮਹੱਤਵ ਹੈ।

ਇਹ ਵੀ ਪੜ੍ਹੋ- 9 ਸਾਲਾ ਅਰਜਿਤ ਸ਼ਰਮਾ ਨੇ 14,300 ਫੁੱਟ ਉੱਚੇ ਮਿਨਕਿਆਨੀ ਪਾਸ ’ਤੇ ਲਹਿਰਾਇਆ ਤਿਰੰਗਾ, ਲੋਕਾਂ ਨੂੰ ਕੀਤੀ ਖ਼ਾਸ ਅਪੀਲ

ਐਡਵੋਕੇਟ ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਦੌਰਾਨ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਜੀਫ਼ਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਾਲ ਫ਼ਰਵਰੀ 2023 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚ ਚਾਰ ਦਰਜਿਆਂ ਅੰਦਰ 40774 ਵਿਦਿਆਰਥੀਆਂ ਨੇ ਭਾਗ ਲਿਆ ਸੀ, ਜਿਨ੍ਹਾਂ ਵਿੱਚੋਂ 1552 ਵਿਦਿਆਰਥੀ ਨੇ ਵਜੀਫ਼ਾ ਹਾਸਲ ਕੀਤਾ ਹੈ। ਇਸ ਦੇ ਨਾਲ ਹੀ ਹਰ ਦਰਜੇ ਵਿੱਚੋਂ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ ਵੀ ਵਿਸ਼ੇਸ਼ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਵਿਦਿਆਰਥੀ ਨੂੰ ਇਸ ਧਾਰਮਿਕ ਪ੍ਰੀਖਿਆ ਦਾ ਹਿੱਸਾ ਬਣਾਉਣ ਲਈ ਸਕੂਲ ਪ੍ਰਬੰਧਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ, ਤਾਂ ਜੋ ਵੱਧ ਤੋਂ ਵੱਧ ਬੱਚੇ ਅਤੇ ਨੌਜਵਾਨ ਆਪਣੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਹੋ ਸਕਣ।

ਇਹ ਵੀ ਪੜ੍ਹੋ-  ਪੈਨਸ਼ਨਧਾਰਕਾਂ ਨੂੰ ਮਿਲੇਗੀ ਵੱਡੀ ਰਾਹਤ, ਪੰਜਾਬ ਸਰਕਾਰ ਲੈਣ ਜਾ ਰਹੀ ਇਹ ਫ਼ੈਸਲਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


Shivani Bassan

Content Editor

Related News