ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

Monday, Jan 01, 2024 - 01:25 PM (IST)

ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਮਾਂ ਵਧਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖ ਕੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੁਝ ਹੋਰ ਸਮਾਂ ਵਧਾਉਣ ਦੀ ਅਪੀਲ ਕੀਤੀ ਹੈ। ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ 6 ਦਸੰਬਰ 2023 ਨੂੰ ਹੋਈ ਇਕੱਤਰਤਾ ਵਿਚ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਵਾਉਣ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਵਾਸਤੇ 5 ਮੈਂਬਰੀ ਕਮੇਟੀ ਗਠਤ ਕੀਤੀ ਸੀ। ਪੰਜ ਸਿੰਘ ਸਾਹਿਬਾਨ ਵੱਲੋਂ ਇਹ ਆਦੇਸ਼ ਵੀ ਦਿੱਤਾ ਗਿਆ ਸੀ ਕਿ ਜੇਕਰ ਕੇਂਦਰ ਸਰਕਾਰ 31 ਦਸੰਬਰ 2023 ਤੱਕ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਨਹੀਂ ਕਰਦੀ ਤਾਂ ਸ਼੍ਰੋਮਣੀ ਕਮੇਟੀ ਉਨ੍ਹਾਂ ਸਬੰਧੀ ਪਾਈ ਆਪਣੀ ਅਪੀਲ ’ਤੇ ਵਿਚਾਰ ਕਰੇ।

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਭੇਜੇ ਪੱਤਰ ਵਿਚ ਕਿਹਾ  ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਰੌਸ਼ਨੀ ਵਿਚ 5 ਮੈਂਬਰੀ ਕਮੇਟੀ ਵੱਲੋਂ ਗੰਭੀਰ ਯਤਨ ਆਰੰਭੇ ਹੋਏ ਹਨ। ਕਮੇਟੀ ਦੀਆਂ ਇਕੱਤਰਤਾਵਾਂ ਵਿਚ ਬਣੇ ਰਾਏ ਅਨੁਸਾਰ ਕੇਂਦਰ ਸਰਕਾਰ ਨਾਲ ਲਿਖਾਪੜ੍ਹੀ ਲਗਾਤਾਰ ਜਾਰੀ ਹੈ, ਪਰੰਤੂ ਸਰਕਾਰ ਨਾਲ ਗੱਲਬਾਤ ਲਈ ਅਜੇ ਕੁਝ ਹੋਰ ਸਮਾਂ ਲੱਗ ਸਕਦਾ ਹੈ। ਕਿਉਂਕਿ ਪ੍ਰਧਾਨ ਮੰਤਰੀ ਨੂੰ ਭੇਜੇ ਗਏ ਪੱਤਰ ਦੇ ਜਵਾਬ ਵਿਚ ਇਸ ਮਾਮਲੇ ’ਤੇ ਗ੍ਰਹਿ ਮੰਤਰੀ ਨਾਲ ਗੱਲਬਾਤ ਕਰਨ ਲਈ ਆਖਿਆ ਗਿਆ ਹੈ, ਜਿਸ ਮਗਰੋਂ ਗ੍ਰਹਿ ਮੰਤਰਾਲੇ ਨਾਲ ਪੱਤਰਾਚਾਰ ਕੀਤਾ ਜਾ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ 31 ਦਸੰਬਰ 2023 ਤੱਕ ਦਿੱਤੇ ਹੋਏ ਸਮੇਂ ਨੂੰ ਕੁਝ ਸਮਾਂ ਵਧਾ ਦਿੱਤਾ ਜਾਵੇ, ਤਾਂ ਜੋ ਕਿਸੇ ਠੋਸ ਨਿਰਣੇ ’ਤੇ ਪਹੁੰਚਿਆ ਜਾ ਸਕੇ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕ ਸਮਾਗਮ ’ਚ ਸ਼ਾਮਲ ਹੋਣ ਪੁੱਜੇ ਐਡਵੋਕੇਟ ਧਾਮੀ ਨੇ ਇਸ ਮਾਮਲੇ ’ਤੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਰਾਜੋਆਣਾ ਦੀ ਫਾਂਸੀ ਸਜ਼ਾ ਰੱਦ ਕਰਵਾਉਣ ਦਾ ਮਾਮਲਾ ਸਿੱਖ ਕੌਮ ਲਈ ਬੇਹੱਦ ਅਹਿਮ ਹੈ ਅਤੇ ਇਸ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸਿਰਤੋੜ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ 5 ਮੈਂਬਰੀ ਕਮੇਟੀ ਹਰ ਪੱਧਰ ’ਤੇ ਕੋਸ਼ਿਸ਼ ਕਰ ਰਹੀ ਹੈ ਅਤੇ ਉਮੀਦ ਹੈ ਕਿ ਅਗਲੇ ਕੁਝ ਦਿਨਾਂ ਵਿਚ ਸਰਕਾਰ ਨਾਲ ਬੈਠਕ ਹੋਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News