ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

Saturday, Sep 19, 2026 - 02:19 PM (IST)

ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ

ਅੰਮ੍ਰਿਤਸਰ(ਸਰਬਜੀਤ)- ਨੇਪਾਲ ’ਚ ਆਏ ਭਿਆਨਕ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਇਕ ਵਫ਼ਦ 4 ਟਰੱਕ ਰਾਹਤ ਸਮੱਗਰੀ ਲੈ ਕੇ ਨੇਪਾਲ ਦੇ ਕਾਠਮੰਡੂ ਪਹੁੰਚਿਆ। ਇਸ ਰਾਹਤ ਸਮੱਗਰੀ ’ਚ ਜਨਰੇਟਰ, ਸੋਲਰ ਲਾਈਟਾਂ, ਤਰਪਾਲਾਂ, ਕੰਬਲ, ਚਾਂਦਰਾਂ, ਖੇਸ ਤੇ ਬਰਤਨ ਆਦਿ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਏ ਇਸ ਵਫ਼ਦ ’ਚ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਓ. ਐੱਸ. ਡੀ. ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਵਧੀਕ ਮੈਨੇਜਰ ਸਤਨਾਮ ਸਿੰਘ ਝਬਾਲ ਤੇ ਗੁਰਦੁਆਰਾ ਇੰਸ. ਕਸ਼ਮੀਰ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਨਿਹੰਗ ਸਿੰਘਾਂ ਦਰਮਿਆਨ ਝੜਪ, ਬਚਾਅ ਲਈ ਪਹੁੰਚੀ ਮਹਿਲਾ SHO ਨੂੰ ਮਾਰੇ ਧੱਕੇ

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਸਮੱਗਰੀ ਦੇ 4 ਟਰੱਕ ਨੇਪਾਲ ਦੇ ਕਾਠਮੰਡੂ ਪੁੱਜ ਗਏ ਹਨ। ਉਨ੍ਹਾਂ ਕਿਹਾ ਕਿ ਇਹ ਲੋੜੀਂਦਾ ਸਮਾਨ ਸਥਾਨਕ ਸਰਕਾਰ ਦੇ ਸਹਿਯੋਗ ਨਾਲ ਪੀੜਤ ਪਰਿਵਾਰਾਂ ਤੱਕ ਪਹੁੰਚਾਇਆ ਜਾਵੇਗਾ। ਮੰਨਣ ਨੇ ਕਿਹਾ ਕਿ ਇਨ੍ਹਾਂ ਰਾਹਤ ਕਾਰਜਾਂ ’ਚ ਗੁਰਦੁਆਰਾ ਗੁਰੂ ਨਾਨਕ ਸਤਸੰਗ ਕਾਠਮੰਡੂ ਦੇ ਪ੍ਰਧਾਨ ਪ੍ਰੀਤਮ ਸਿੰਘ, ਉਨ੍ਹਾਂ ਦੇ ਸਪੁੱਤਰ ਅੰਗਦ ਸਿੰਘ, ਜਨਰਲ ਸਕੱਤਰ ਹਰਪਾਲ ਸਿੰਘ ਪਾਲੀ, ਦਰਸ਼ਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ ਅਤੇ ਸਿੱਖ ਮਿਸ਼ਨ ਨੇਪਾਲ ਦੇ ਇੰਚਾਰਜ ਅਮਰਜੀਤ ਸਿੰਘ ਵੱਲੋਂ ਵੱਡੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਇਕ ਹੋਰ ਵੱਡੀ ਵਾਰਦਾਤ; ਡਿਲੀਵਰੀ ਬੁਆਏ ਦਾ ਪੁਲਸ ਥਾਣੇ ਕੋਲ ਗੋਲੀਆਂ ਮਾਰ ਕੇ ਕਤਲ

ਇਸੇ ਦੌਰਾਨ ਪ੍ਰੀਤਮ ਸਿੰਘ ਤੇ ਅੰਗਦ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਸੰਸਥਾ ਨੇ ਹਮੇਸ਼ਾ ਦੁੱਖ ਦੇ ਸਮੇਂ ਮਨੁੱਖਤਾ ਦੀ ਬਾਂਹ ਫੜ੍ਹੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸਮੁੱਚੇ ਪ੍ਰਬੰਧ ਦਾ ਧੰਨਵਾਦ ਵੀ ਕੀਤਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News