ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
Friday, Apr 26, 2019 - 11:02 PM (IST)

ਅੰਮ੍ਰਿਤਸਰ, (ਦੀਪਕ)— ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜੂਨ 2019 'ਚ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਕੋਲੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਜਥਾ ਪਾਕਿਸਤਾਨ ਭੇਜਿਆ ਜਾ ਰਿਹਾ ਹੈ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ 3 ਮਈ ਤੱਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਮੇਤ ਆਪਣਾ ਪਛਾਣ ਪੱਤਰ ਵੀ ਜਮ੍ਹਾ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ।