ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

Thursday, Jan 06, 2022 - 12:13 PM (IST)

ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਬਦਨਾਮ ਕਰਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ (ਦੀਪਕ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਸਿੱਖ ਕੌਮ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਦਾ ਸਖ਼ਤ ਨੋਟਿਸ ਲਿਆ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਇਕ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਿੱਥੇ ਸਿੱਖਾਂ ਨੂੰ ਬਦਨਾਮ ਕਰਨ ਦੀ ਇਸ ਘਿਨੌਣੀ ਹਰਕਤ ਦੀ ਕਰੜੀ ਨਿੰਦਾ ਕੀਤੀ ਹੈ, ਉਥੇ ਹੀ ਸਰਕਾਰਾਂ ਨੂੰ ਅਜਿਹੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਵੀ ਮੰਗੀ ਹੈ।

ਇਹ ਵੀ ਪੜ੍ਹੋ : ਬਲਬੀਰ ਰਾਜੇਵਾਲ ਦੇ ਬਿਆਨ ਨਾਲ 'ਆਪ' 'ਚ ਮਚੀ ਹਲਚਲ

ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸਿੱਖ ਕੌਮ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਹਮੇਸ਼ਾ ਹੀ ਔਰਤਾਂ ਦਾ ਸਤਿਕਾਰ ਕਰਦੀ ਹੈ ਪਰ ਸਿੱਖਾਂ ਨੂੰ ਬਦਨਾਮ ਕਰਨ ਵਾਲੀਆਂ ਸ਼ਕਤੀਆਂ ਨੂੰ ਸਿੱਖ ਕੌਮ ਦੀਆਂ ਸ਼ਾਨਦਾਰ ਰਵਾਇਤਾਂ ਅਤੇ ਹਰੇਕ ਦਾ ਸਤਿਕਾਰ ਕਰਨ ਦਾ ਸੁਭਾਅ ਹਜ਼ਮ ਨਹੀਂ ਹੋ ਰਿਹਾ। ਅਜਿਹੀ ਹੀ ਮੰਦਭਾਵਨਾ ਨਾਲ ਬੀਤੇ ਦਿਨਾਂ ’ਚ ਬੁੱਲੀ ਬਾਈ ਐਪ ’ਤੇ ਮੁਸਲਮਾਨ ਔਰਤਾਂ ਨੂੰ ਬਦਨਾਮ ਕਰਨ ਵਾਲੀਆਂ ਪੋਸਟਾਂ ਨੂੰ ਕੁਝ ਲੋਕਾਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਸਿੱਖ ਨਾਵਾਂ ਵਾਲੇ ਫਰਜ਼ੀ ਖਾਤਿਆਂ ’ਤੇ ਸ਼ੇਅਰ ਕਰ ਕੇ ਸਿੱਖਾਂ ਨੂੰ ਬਦਨਾਮ ਕਰਨ ਦੀ ਹਰਕਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਸ ਬੁੱਲੀ ਬਾਈ ਐਪ ਦੇ ਮਾਮਲੇ ਵਿਚ ਕੁਝ ਲੋਕਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਪਰ ਇਸ ਮਾਮਲੇ ’ਚ ਸਿੱਖਾਂ ਨੂੰ ਬਦਨਾਮ ਕਰਨ ਵਾਲੇ ਹਰ ਵਿਅਕਤੀ ਦਾ ਪਰਦਾਫਾਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧ ਵਿਚ ਪੁਲਸ ਕਮਿਸ਼ਨਰ ਅੰਮ੍ਰਿਤਸਰ ਨੂੰ ਸਾਈਬਰ ਕਰਾਇਮ ਵਿਭਾਗ ਰਾਹੀਂ ਪਤਾ ਲਗਾਉਣ ਲਈ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਕਿ ਗ਼ੈਰ-ਇਖਲਾਕੀ ਪੋਸਟਾਂ ਨੂੰ ਸਿੱਖ ਨਾਵਾਂ ਵਾਲੇ ਫਰਜ਼ੀ ਸੋਸ਼ਲ ਮੀਡੀਆ ਖਾਤਿਆਂ ’ਤੇ ਸ਼ੇਅਰ ਕਰਨ ਵਾਲੇ ਲੋਕਾਂ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ।

ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

Harnek Seechewal

Content Editor

Related News