ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਸਮਾਗਮ ਦੇ ਮੰਜੀ ਸਾਹਿਬ ਦੀਵਾਨ ਹਾਲ ’ਚ ਪਾਏ ਗਏ ਭੋਗ
Thursday, Oct 27, 2022 - 02:46 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) - ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਦੋ ਦਿਨਾਂ ਸਮਾਗਮ ਖਾਲਸਾਈ ਜਾਹੋ-ਜਲਾਲ ਨਾਲ ਮਨਾਏ ਗਏ ਅਤੇ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਜੀ.ਪੀ.ਸੀ. ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤਾਂ ਨੂੰ ਇਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਆਖਿਆ ਕਿ ਸਿੱਖ ਕੌਮ ਦੇ ਇਤਿਹਾਸ ’ਚ ਸਾਕੇ ਅਤੇ ਮੋਰਚੇ ਖ਼ਾਸ ਮਹੱਤਵ ਰੱਖਦੇ ਹਨ, ਕਿਉਂਕਿ ਇਹ ਸਿੱਖ ਸੰਘਰਸ਼ ਦੀ ਕਹਾਣੀ ਬਿਆਨ ਕਰਦੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਇਤਿਹਾਸ ਤੋਂ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ। ਇਸੇ ਤਹਿਤ ਸ਼ਤਾਬਦੀ ਸਮਾਗਮਾਂ ਦਾ ਪਹਿਲਾ ਦਿਨ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਪੁਰਾਤਨ ਸਿੱਖਾਂ ਵੱਲੋਂ ਆਪਣੀਆਂ ਸ਼ਹਾਦਤਾਂ ਦੇ ਕੇ ਸਿਰਜਿਆ ਗਿਆ ਇਤਿਹਾਸ ਸਿੱਖ ਕੌਮ ਦਾ ਹਾਸਲ ਹੈ।
ਐਡਵੋਕੇਟ ਧਾਮੀ ਨੇ ਇਸ ਮੌਕੇ 30 ਅਕਤੂਬਰ ਨੂੰ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਮੂਲੀਅਤ ਲਈ ਭੇਜੇ ਜਾਣ ਵਾਲੇ ਜਥੇ ਵਿਚੋਂ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰਨ ’ਤੇ ਇਤਰਾਜ ਪ੍ਰਗਟ ਕੀਤਾ ਹੈ। ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਧਾਮੀ ਨੇ ਪੂਰੀ ਸਿੱਖ ਕੌਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੀ ਵਧਾਈ ਦਿੰਦੇ ਹੋਏ ਗੁਰਤਾਗੱਦੀ ਦਿਵਸ ’ਤੇ ਚਾਨਣਾ ਪਾਇਆ।