ਗੁਰੂਘਰਾਂ ’ਚ ਪ੍ਰਬੰਧਕੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਲੌਂਗੋਵਾਲ

12/17/2019 7:02:51 PM

ਅੰਮ੍ਰਿਤਸਰ,ਸੰਗਰੂਰ,(ਦੀਪਕ ਸ਼ਰਮਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਮੈਨੇਜ਼ਰਾਂ ਨਾਲ ਇਥੇ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਕੀਤੀ ਗਈ ਇਕ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਪੱਸ਼ਟ ਕੀਤਾ ਕਿ ਗੁਰੂ ਘਰਾਂ ਅੰਦਰ ਪ੍ਰਬੰਧਕੀ ਅਣਗਹਿਲੀ ਨੂੰ ਕਿਸੇ ਤਰਾਂ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਹੀ ਪ੍ਰਬੰਧਕੀ ਸੇਵਾਵਾਂ ਨਿਭਾਉਣ ਅਤੇ ਹਰ ਮੁਲਾਜ਼ਮ ਦੀ ਜ਼ਿੰਮੇਵਾਰੀ ਨਿਰਧਾਰਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਡਿਊਟੀ ਸਮੇਂ ਕਿਸੇ ਕਿਸਮ ਦੀ ਕੁਤਾਹੀ ਤੇ ਅਨੁਸ਼ਾਸਨਹੀਣਤਾ ਕਰਨ ਵਾਲੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁਧ ਵਿਭਾਗੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

ਇਕੱਤਰਤਾ ਦੌਰਾਨ ਮੈਨੇਜਰਾਂ ਪਾਸੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ 'ਚ ਆਉਂਦੀਆਂ ਮੁਸ਼ਕਲਾਂ ਅਤੇ ਸੁਝਾਵਾਂ ਨੂੰ ਸੁਣਿਆ ਅਤੇ ਉਨ੍ਹਾਂ ਨੂੰ ਕਿਹਾ ਕਿ ਜੇਕਰ ਕਿਸੇ ਵੀ ਪ੍ਰਬੰਧਕੀ ਮਾਮਲੇ ਵਿਚ ਕੋਈ ਮੁਸ਼ਕਲ ਪੇਸ਼ ਆਉਂਦੀ ਤਾਂ ਉਹ ਉਨ੍ਹਾਂ (ਭਾਈ ਲੌਂਗੋਵਾਲ) ਨਾਲ ਸੰਪਰਕ ਕਰਨ। ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧ ਦਾ ਸਿੱਧਾ ਸਬੰਧ ਸੰਗਤਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਗੁਰਦੁਆਰਾ ਮੈਨੇਜਰਾਂ ਸਮੇਤ ਹਰ ਮੁਲਾਜ਼ਮ ਚੇਤੰਨਤਾ ਨਾਲ ਡਿਊਟੀ ਨਿਭਾਵੇ। ਉਨ੍ਹਾਂ ਕਿਹਾ ਕਿ ਆਪਣੀ ਡਿਊਟੀ ਦੇ ਨਾਲ-ਨਾਲ ਗੁਰਦੁਆਰਾ ਸਾਹਿਬਾਨ ਦੇ ਮੁਲਾਜ਼ਮ ਧਰਮ ਪ੍ਰਚਾਰ ਖੇਤਰ ਵਿਚ ਵੀ ਆਪਣਾ ਯੋਗਦਾਨ ਪਾਉਣ, ਤਾਂ ਜੋ ਸਿੱਖੀ ਦੀ ਮਹਿਕ ਘਰ-ਘਰ ਤੱਕ ਪਹੁੰਚ ਸਕੇ। ਉਨ੍ਹਾਂ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕੀ ਕੰਮ ਸਮੇਂ ਸਿਰ ਮੁਕੰਮਲ ਕਰਨ, ਸਰਾਵਾਂ 'ਚ ਰਿਹਾਇਸ਼ੀ ਕਮਰਿਆਂ ਦੀ ਸਾਫ਼ ਸਫ਼ਾਈ, ਲਿਟਰੇਚਰ ਘਰਾਂ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਛਾਪਿਆ ਹਰ ਸਾਹਿਤ ਮੁਹੱਈਆ ਕਰਵਾਉਣ, ਗੁਰਦੁਆਰਾ ਸਮੂਹ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦੇਣ ਆਦਿ ਸਬੰਧੀ ਵੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਆਖਿਆ ਕਿ ਗੁਰਦੁਆਰਾ ਸਾਹਿਬਾਨ ਵਿਚ ਸਬੰਧਤ ਗੁਰੂ ਘਰ ਦਾ ਮੁਕੰਮਲ ਪ੍ਰਮਾਣਿਕ ਇਤਿਹਾਸਕ ਪ੍ਰਦਰਸ਼ਤ ਕੀਤਾ ਜਾਵੇ। ਹਰੇਕ ਗੁਰਦੁਆਰਾ ਸਾਹਿਬ ਦੇ ਇਤਿਹਾਸ ਨੂੰ ਪ੍ਰਦਰਸ਼ਤ ਕਰਦੇ ਬੋਰਡ ਗੁਰਦੁਆਰਾ ਸਾਹਿਬਾਨ ਨੂੰ ਆਉਂਦੇ ਮੁੱਖ ਮਾਰਗਾਂ 'ਤੇ ਵੀ ਲਗਾਏ ਜਾਣ। ਚੱਲ ਰਹੀਆਂ ਉਸਾਰੀਆਂ ਦੀ ਨਿਗਰਾਨੀ ਕੀਤੀ ਜਾਵੇ ਅਤੇ ਜਿਥੇ ਵੀ ਕੋਈ ਕਾਰਜ ਹੋਣ ਵਾਲਾ ਹੋਵੇ ਉਸ ਬਾਰੇ ਪਹਿਲ ਦੇ ਅਧਾਰ 'ਤੇ ਮੁੱਖ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਸੰਗਤੀ ਸਹੂਲਤਾਂ ਵਿਚ ਕਮੀ ਨਾ ਰਹੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਉਦੈ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਪਰਮਜੀਤ ਸਿੰਘ ਸਰੋਆ, ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸੁਲੱਖਣ ਸਿੰਘ ਭੰਗਾਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਸ. ਕਰਨੈਲ ਸਿੰਘ ਨਾਭਾ, ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਮੈਨੇਜਰ ਸ. ਜਸਬੀਰ ਸਿੰਘ, ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਅਮਰਜੀਤ ਸਿੰਘ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ, ਗੁਰਦੁਆਰਾ ਫ਼ਤਹਿਗੜ• ਸਾਹਿਬ ਦੇ ਮੈਨੇਜਰ ਸ. ਨੱਥਾ ਸਿੰਘ, ਮੈਨੇਜਰ ਸ. ਮਨਪ੍ਰੀਤ ਸਿੰਘ ਭਲਵਾਨ, ਸ. ਕਮਲਜੀਤ ਸਿੰਘ ਜੋਗੀਪੁਰ, ਸ. ਗੁਰਦੀਪ ਸਿੰਘ, ਸ. ਨਰਿੰਦਰ ਸਿੰਘ, ਸ. ਰਾਜਿੰਦਰ ਸਿੰਘ ਟੌਹੜਾ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ, ਸ. ਦਰਸ਼ਨ ਸਿੰਘ ਪੀ.ਏ. ਸਮੇਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਅਤੇ ਪ੍ਰਬੰਧਕ ਹਾਜ਼ਰ ਸਨ।