ਸ਼੍ਰੋਮਣੀ ਕਮੇਟੀ ਨੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

04/20/2021 2:42:47 PM

ਅੰਮ੍ਰਿਤਸਰ (ਜਗਤਾਰ ਸਿੰਘ ਖੋਦੇਬੇਟ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੁਭਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ।

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਭਗਤ ਧੰਨਾ ਜੀ ਦਾ ਜੀਵਨ ਪ੍ਰਭੂ ਭਰੋਸੇ ਦਾ ਲਖਾਇਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਸੁਸ਼ੋਭਿਤ ਭਗਤ ਧੰਨਾ ਜੀ ਦੀ ਪਾਵਨ ਬਾਣੀ ਤੋਂ ਮਨੁੱਖ ਨੂੰ ਸੁਚੱਜਾ ਜੀਵਨ ਜਿਊਣ ਦੀ ਸੇਧ ਮਿਲਦੀ ਹੈ। ਪਰਮਾਤਮਾ ਪ੍ਰਤੀ ਸਮਰਪਣ ਭਾਵਨਾ ਦੀ ਪ੍ਰੇਰਣਾ ਲਈ ਭਗਤ ਧੰਨਾ ਜੀ ਦਾ ਜੀਵਨ ਅਗਵਾਈ ਦੇਣ ਵਾਲਾ ਹੈ। ਉਨ੍ਹਾਂ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਦੀ ਵਿਚਾਰਧਾਰਾ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ।

ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਹਰਜਿੰਦਰ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਵਧੀਕ ਮੈਨੇਜਰ ਸ. ਦਰਸ਼ਨ ਸਿੰਘ, ਸੁਪ੍ਰਿੰਟੈਂਡੈਂਟ ਧਰਮ ਪ੍ਰਚਾਰ ਕਮੇਟੀ ਸ. ਪਲਵਿੰਦਰ ਸਿੰਘ, ਇੰਚਾਰਜ ਸ. ਮਨਜੀਤ ਸਿੰਘ, ਖ਼ਜ਼ਾਨਚੀ ਸ. ਮੁਖਤਾਰ ਸਿੰਘ ਕੁਹਾੜਕਾ ਸਮੇਤ ਸੰਗਤਾਂ ਹਾਜ਼ਰ ਸਨ।

Manoj

This news is Content Editor Manoj