ਸ਼੍ਰੋਮਣੀ ਕਮੇਟੀ ਨੇ ਸਿੱਖਾਂ ਦੀ ਅੱਡਰੀ ਹੋਂਦ-ਹਸਤੀ ਨੂੰ ਉਭਾਰਨ ਲਈ ਸਦਾ ਸੱਚ ਦੀ ਆਵਾਜ਼ ਬੁਲੰਦ ਕੀਤੀ : ਐਡਵੋਕੇਟ ਧਾਮੀ
Saturday, Nov 16, 2024 - 11:38 AM (IST)
ਅੰਮ੍ਰਿਤਸਰ (ਦੀਪਕ/ਸਰਬਜੀਤ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ ਸਿੱਖ ਸਰੋਕਾਰਾਂ ਦੀ ਪਹਿਰੇਦਾਰੀ ਲਈ ਵੀ ਹਮੇਸ਼ਾ ਮੋਹਰੀ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅੱਡਰੀ ਹੋਂਦ-ਹਸਤੀ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਨੇ ਸਰਗਰਮ ਰਹਿੰਦਿਆਂ ਸਦਾ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਖੌਤੀ ਮਹੰਤਾਂ ਪਾਸੋਂ ਪਾਵਨ ਗੁਰਧਾਮਾਂ ਨੂੰ ਆਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਨਾਲ 1920 ਵਿਚ ਹੋਂਦ ’ਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਵਜੂਦ ਨੂੰ ਢਾਅ ਲਗਾਉਣ ਲਈ ਅੱਜ ਲਗਾਤਾਰ ਕੋਝੇ ਯਤਨ ਹੋ ਰਹੇ ਹਨ। ਸਰਕਾਰਾਂ ਵੱਲੋਂ ਇਸ ਦੇ ਖੇਤਰ ਨੂੰ ਲਗਾਤਾਰ ਸੀਮਤ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬ ਵਿਚ ਇਕ ਹੋਰ ਛੁੱਟੀ ਦਾ ਐਲਾਨ
ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਅਸਿੱਧੇ ਤੌਰ ’ਤੇ ਸਰਕਾਰਾਂ ਵੱਲੋਂ ਆਪਣੇ ਹੱਥਾਂ ਵਿਚ ਲੈਣ ਤੋਂ ਬਾਅਦ ਹੁਣ ਉਨ੍ਹਾਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹਥਿਆਉਣ ਦੀ ਹੈ। ਉਨ੍ਹਾਂ ਪੰਥ ਵਿਰੋਧੀ ਤਾਕਤਾਂ ਦੇ ਟਾਕਰੇ ਲਈ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁੱਟ ਹੋਣ ਦੀ ਅਪੀਲ ਕੀਤੀ ਅਤੇ ਵਚਨਬੱਧਤਾ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਆਪਣੇ ਇਤਿਹਾਸ, ਰਵਾਇਤਾਂ ਅਤੇ ਕਾਰਜਾਂ ਦੀ ਸੇਧ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਸਦਾ ਤਤਪਰ ਰਹੇਗੀ।
ਇਹ ਵੀ ਪੜ੍ਹੋ- ਘਰੋਂ ਦੋਸਤ ਨਾਲ ਗਿਆ ਜਵਾਨ ਪੁੱਤ ਵਾਪਸ ਨਾ ਆਇਆ, ਸੋਸ਼ਲ ਮੀਡੀਆ 'ਤੇ ਖ਼ਬਰ ਦੇਖ ਉੱਡੇ ਹੋਸ਼
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਸਮੇਤ ਸੰਗਤਾਂ ਹਾਜ਼ਰ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8