ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਚੁਣੇ ਵਿਦਿਆਰਥੀਆਂ ਦਾ ਸਾਰਾ ਖ਼ਰਚਾ ਚੁੱਕੇਗੀ ਸ਼੍ਰੋਮਣੀ ਕਮੇਟੀ : ਐਡਵੋਕੇਟ ਧਾਮੀ

05/10/2023 11:24:11 AM

ਅੰਮ੍ਰਿਤਸਰ/ਚੰਡੀਗੜ੍ਹ (ਦੀਪਕ, ਰਮਨਜੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਸਿੱਖ ਨੌਜਵਾਨਾਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਖੋਲ੍ਹੇ ਗਏ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਦੇ ਪਹਿਲੇ ਬੈਚ ਵਾਸਤੇ 11 ਵਿਦਿਆਰਥੀਆਂ ਦੀ ਚੋਣ ਕੀਤੀ ਗਈ ਹੈ। ਇਸ ਅਕੈਡਮੀ ਵਿਚ ਚੁਣੇ ਗਏ ਵਿਦਿਆਰਥੀਆਂ ਦੀਆਂ ਫ਼ੀਸਾਂ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ।

ਬੀਤੇ ਦਿਨਾਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਇਹ ਅਕੈਡਮੀ ਸਥਾਪਤ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਸ ਤਹਿਤ ਹਰ ਸਾਲ 25 ਗੁਰਸਿੱਖ ਵਿਦਿਆਰਥੀਆਂ ਨੂੰ ਆਈ. ਏ. ਐੱਸ., ਆਈ. ਪੀ. ਐੱਸ., ਆਈ. ਐੱਫ. ਐੱਸ. ਅਤੇ ਪੀ. ਪੀ. ਐੱਸ. ਸੀ. ਆਦਿ ਦੀਆਂ ਮੁਕਾਬਲਾ ਪ੍ਰੀਖਿਆਵਾਂ ਵਾਸਤੇ ਤਿਆਰੀ ਕਰਵਾਈ ਜਾਵੇਗੀ। ਅੱਜ ਚੰਡੀਗੜ੍ਹ ਸਥਿਤ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਵਿਖੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਹਿਲੇ ਬੈਚ ਲਈ ਚੁਣੇ 11 ਵਿਦਿਆਰਥੀਆਂ ਨੂੰ ਦਾਖ਼ਲਾ ਪੱਤਰ ਸੌਂਪੇ ਗਏ।

ਇਹ ਵੀ ਪੜ੍ਹੋ-  ਹੈਰੀਟੇਜ ਸਟਰੀਟ ’ਚ ਹੋਏ ਧਮਾਕਿਆਂ ’ਚ ਅੱਤਵਾਦੀ ਹਮਲੇ ਦਾ ਖ਼ਦਸ਼ਾ, ਗ੍ਰਹਿ ਮੰਤਰਾਲਾ ਨੇ ਮੰਗੀ ਰਿਪੋਰਟ

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਨੌਜਵਾਨੀ ਦਾ ਵਿਦੇਸ਼ਾਂ ’ਚ ਜਾ ਕੇ ਪੜ੍ਹਨ ਦਾ ਰੁਝਾਨ ਬੇਹੱਦ ਚਿੰਤਾਜਨਕ ਹੈ, ਜਿਸ ਨਾਲ ਪੰਜਾਬ ਦੇ ਪ੍ਰਸ਼ਾਸਨਿਕ ਹਲਕਿਆਂ ਵਿਚ ਸਿੱਖ ਨੌਜਵਾਨਾਂ ਦਾ ਖ਼ਲਾਅ ਪੈਦਾ ਹੋ ਰਿਹਾ ਹੈ। ਇਹ ਸਭ ਲਈ ਸੋਚਣ ਦਾ ਵਿਸ਼ਾ ਹੈ, ਕਿਉਂਕਿ ਜੇਕਰ ਉੱਚ ਅਹੁਦਿਆਂ ’ਤੇ ਆਪਣੇ ਬੱਚੇ ਨਾ ਰਹੇ ਤਾਂ ਸੱਭਿਆਚਾਰਕ ਅਤੇ ਖਿੱਤੇ ਦੀ ਵਿਰਾਸਤ ਦੀ ਤਰਜ਼ਮਾਨੀ ਸਹੀ ਨਹੀਂ ਹੋ ਸਕੇਗੀ। ਇਸੇ ਨੂੰ ਲੈ ਕੇ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸ਼ਾਸਨਿਕ ਸੇਵਾਵਾਂ ਦੀ ਤਿਆਰੀ ਵਾਸਤੇ ਅਕੈਡਮੀ ਖੋਲ੍ਹੀ ਗਈ ਹੈ, ਜਿਸ ਵਿਚ ਹਰ ਸਾਲ 25 ਗੁਰਸਿੱਖ ਨੌਜਵਾਨਾਂ ਨੂੰ ਤਿਆਰੀ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ- ਬਟਾਲਾ ਦੇ ਅਗਵਾ ਕੀਤੇ ਗਏ ਨੌਜਵਾਨ ਦੀ ਲਾਸ਼ ਵੇਖ ਪਰਿਵਾਰ 'ਚ ਮਚਿਆ ਚੀਕ ਚਿਹਾੜਾ

ਉਨ੍ਹਾਂ ਦੱਸਿਆ ਕਿ ਪਹਿਲੇ ਬੈਚ ਲਈ 11 ਵਿਦਿਆਰਥੀਆਂ ਦੀ ਚੋਣ ਕਰ ਲਈ ਗਈ ਹੈ ਅਤੇ ਬਾਕੀ ਰਹਿੰਦੇ 14 ਵਾਸਤੇ ਮੁੜ ਪ੍ਰਕਿਰਿਆ ਆਰੰਭੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪਾਸ 350 ਵਿਦਿਆਰਥੀਆਂ ਦੀਆਂ ਅਰਜੀਆਂ ਆਈਆਂ ਸਨ, ਜਿਨ੍ਹਾਂ ਨੂੰ ਵੱਖ-ਵੱਖ ਪੜਾਵਾਂ ’ਚੋਂ ਜਾਂਚਣ ਪਰਖਣ ਬਾਅਦ 11 ਵਿਦਿਆਰਥੀ ਚੁਣੇ ਗਏ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਚੋਣ ਬਿਲਕੁਲ ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਆਧਾਰ ’ਤੇ ਕੀਤੀ ਗਈ ਹੈ। ਚੁਣੇ ਗਏ ਬੱਚਿਆਂ ਇਕ ਕੁੜੀ ਭੋਪਾਲ ਅਤੇ ਦੋ ਕੁੜੀਆਂ ਜੰਮੂ ਕਸ਼ਮੀਰ ਤੋਂ ਹਨ, ਜਦਕਿ ਬਾਕੀ ਪੰਜਾਬ ਨਾਲ ਸਬੰਧਤ ਹਨ। ਉਨ੍ਹਾਂ ਦੱਸਿਆ ਕਿ ਫਿਲਹਾਲ ਸ਼੍ਰੋਮਣੀ ਕਮੇਟੀ ਦੀ ਅਕੈਡਮੀ ਵੱਲੋਂ ਚੰਡੀਗੜ੍ਹ ਦੇ ਇਕ ਅਹਿਮ ਕੋਚਿੰਗ ਸੈਂਟਰ ਨਾਲ ਸਮਝੌਤਾ ਸਹੀਬੱਧ ਕੀਤਾ ਗਿਆ ਹੈ, ਜਿਥੇ ਬੱਚਿਆਂ ਨੂੰ ਕੋਚਿੰਗ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਵਿੱਚੋਂ ਜਿਹਡ਼ੇ ਵਿਦਿਆਰਥੀ ਅੱਗੇ ਪੜ੍ਹਨਾ ਚਾਹੁਣਗੇ ਉਸ ਦਾ ਪ੍ਰਬੰਧ ਵੀ ਸ਼੍ਰੋਮਣੀ ਕਮੇਟੀ ਕਰੇਗੀ। ਐਡਵੋਕੇਟ ਧਾਮੀ ਨੇ ਇਸ ਕਾਰਜ ਲਈ ਸਹਿਯੋਗ ਕਰਨ ਵਾਲੀਆਂ ਸੰਸਥਾਵਾਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਕਾਰਜ ਨੂੰ ਹੋਰ ਵਿਸਥਾਰ ਦੇਣਾ ਚਾਹੁੰਦੀ ਹੈ ਅਤੇ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੰਸਥਾਵਾਂ ਸਹਿਯੋਗ ਲਈ ਅੱਗੇ ਆ ਰਹੀਆਂ ਹਨ।

ਇਹ ਵੀ ਪੜ੍ਹੋ- ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

Shivani Bassan

This news is Content Editor Shivani Bassan