ਅਮਰੀਕਾ ਤੋਂ ਆਏ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

Tuesday, Feb 24, 2026 - 08:23 PM (IST)

ਅਮਰੀਕਾ ਤੋਂ ਆਏ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਜੈਤੋ, (ਰਘੂਨੰਦਨ ਪਰਾਸ਼ਰ)- ਅਮਰੀਕੀ ਸਿੱਖ ਸ਼ਰਧਾਲੂਆਂ ਦੇ ਇੱਕ ਜਥੇ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਵਫ਼ਦ ਨੇ ਸ਼੍ਰੋਮਣੀ ਕਮੇਟੀ ਨੂੰ ਕੈਲੀਫੋਰਨੀਆ ਦੇ ਯੂਬਾ ਸਿਟੀ ਵਿੱਚ ਜਲਦ ਇੱਕ ਧਾਰਮਿਕ ਪ੍ਰਚਾਰ ਕੇਂਦਰ ਖੋਲ੍ਹਣ ਦੀ ਅਪੀਲ ਕੀਤੀ। ਇਹ ਵਫ਼ਦ ਦਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਪਹੁੰਚਿਆ ਹੈ, ਜਿਸ ਵਿੱਚ ਗੁਰਮੁਖ ਸਿੰਘ ਧਨੋਆ, ਬੀਬੀ ਲਖਵਿੰਦਰ ਕੌਰ, ਬੀਬੀ ਜਿੰਦਰਜੀਤ ਕੌਰ ਗਿੱਲ, ਬੀਬੀ ਚਰਨਜੀਤ ਕੌਰ ਗਿੱਲ ਅਤੇ ਬੀਬੀ ਕੁਲਦੀਪ ਕੌਰ ਧਨੋਆ ਆਦਿ ਸ਼ਾਮਲ ਸਨ।

ਇਸ ਮੌਕੇ ਦਲਬੀਰ ਸਿੰਘ ਗਿੱਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀ ਸਭ ਤੋਂ ਅਹਿਮ ਅਤੇ ਵੱਡੀ ਸੰਵਿਧਾਨਕ ਸੰਸਥਾ ਹੈ, ਜੋ ਦੇਸ਼ ਅਤੇ ਦੁਨੀਆ ਵਿੱਚ ਧਰਮ ਦੇ ਪ੍ਰਚਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਅਮਰੀਕਾ ਨਿਵਾਸੀ ਸਿੱਖ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਨੇ ਪਿਛਲੇ ਦਿਨੀਂ ਯੂਬਾ ਸਿਟੀ ਵਿੱਚ ਸ਼੍ਰੋਮਣੀ ਕਮੇਟੀ ਨੂੰ ਜ਼ਮੀਨ ਦਾਨ ਦਿੱਤੀ ਸੀ, ਜਿਸ 'ਤੇ ਸਿੱਖ ਭਾਈਚਾਰਾ ਇੱਕਜੁੱਟ ਹੋ ਕੇ ਪ੍ਰਚਾਰ ਕੇਂਦਰ ਸਥਾਪਤ ਕਰਨ ਲਈ ਬਹੁਤ ਉਤਸੁਕ ਹੈ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਵਿੱਚ ਅਮਰੀਕਾ ਦੀਆਂ ਸਿੱਖ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਦਾ ਸਾਥ ਦੇਣਾ ਚਾਹੀਦਾ ਹੈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਕੰਮ ਕਰਨ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਸਹਿਯੋਗ ਨਾਲ ਸਿੱਖੀ ਪ੍ਰਚਾਰ-ਪ੍ਰਸਾਰ ਨੂੰ ਹੋਰ ਤੇਜ਼ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਯੂਬਾ ਸਿਟੀ ਵਿੱਚ ਦੀਦਾਰ ਸਿੰਘ ਬੈਂਸ ਵੱਲੋਂ ਦਿੱਤੀ ਗਈ ਜ਼ਮੀਨ 'ਤੇ ਕੇਂਦਰ ਸਥਾਪਤ ਕਰਨਾ ਕਮੇਟੀ ਦੇ ਏਜੰਡੇ ਵਿੱਚ ਹੈ ਅਤੇ ਜਲਦ ਹੀ ਇਸ 'ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਮਰੀਕੀ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦਾ ਸਾਥ ਦੇਣ ਲਈ ਅੱਗੇ ਆਉਣ।

ਇਸ ਦੌਰਾਨ ਐਡਵੋਕੇਟ ਧਾਮੀ ਨੇ ਦਲਬੀਰ ਸਿੰਘ ਗਿੱਲ ਦੀ ਅਗਵਾਈ ਵਿੱਚ ਆਏ ਵਫ਼ਦ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਓ.ਐਸ.ਡੀ. ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸਹਾਇਕ ਸਕੱਤਰ ਹਰਭਜਨ ਸਿੰਘ ਸਪੀਕਰ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਸੁਪਰਡੈਂਟ ਨਿਸ਼ਾਨ ਸਿੰਘ ਆਦਿ ਮੌਜੂਦ ਸਨ।


author

Rakesh

Content Editor

Related News