ਸਿੱਖ ਕੁੜੀ ਨਾਲ ਜਬਰ-ਜ਼ਿਨਾਹ ਮਾਮਲਾ : SGPC ਦੇ ਪ੍ਰਧਾਨ ਧਾਮੀ ਨੇ ਇਕ ਵਫਦ ਤੇਲੰਗਾਨਾ ਭੇਜਿਆ
Saturday, Feb 19, 2022 - 07:02 PM (IST)
ਅੰਮ੍ਰਿਤਸਰ-ਤੇਲੰਗਾਨਾ ਦੇ ਹੈਦਰਾਬਾਦ ’ਚ ਨਾਬਾਲਗ ਸਿੱਖ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਕਤਲ ਕੀਤੇ ਜਾਣ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖਤ ਨੋਟਿਸ ਲੈਂਦਿਆਂ ਇਕ ਵਫਦ ਤੇਲੰਗਾਨਾ ਭੇਜਿਆ ਹੈ। ਭੇਜੇ ਗਏ ਵਫਦ 'ਚ ਸਿੱਖ ਮਿਸ਼ਨ ਛੱਤੀਸਗੜ੍ਹ ਦੇ ਇੰਚਾਰਜ ਸ. ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਆਂਧਰਾ ਪ੍ਰਦੇਸ਼ ਦੇ ਇੰਚਾਰਜ ਸ. ਦਿਲਸ਼ਾਹ ਸਿੰਘ ਅਤੇ ਪ੍ਰਚਾਰਕ ਸ਼ਾਮਲ ਹਨ। ਦਫਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਧਾਮੀ ਨੇ ਕਿਹਾ ਕਿ ਤੇਲੰਗਾਨਾ ਦੇ ਹੈਦਰਾਬਾਦ ਵਿਚ ਵਾਪਰੀ ਇਸ ਮੰਦਭਾਗੀ ਘਟਨਾ ਨੇ ਮਨੁੱਖਤਾ ਦਾ ਸਿਰ ਸ਼ਰਮ ਨਾਲ ਨੀਵਾਂ ਕੀਤਾ ਹੈ।
ਇਹ ਵੀ ਪੜ੍ਹੋ : ਪਾਕਿ 'ਚ ਘੱਟ-ਗਿਣਤੀ ਦੀ ਸੁਰੱਖਿਆ 'ਚ ਖਾਮੀਆਂ ਨੂੰ ਲੈ ਕੇ ਇੰਡੀਅਨ ਵਰਲਡ ਫੋਰਮ ਨੇ ਗੁਟੇਰੇਸ ਨੂੰ ਲਿੱਖੀ ਚਿੱਠੀ
ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਿਛਲੇ ਕੁਝ ਸਮੇਂ ਤੋਂ ਸਿੱਖ ਕੁੜੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਸਰਕਾਰਾਂ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦਿਵਾਉਣ ਵਿਚ ਅਸਫਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸ਼ਰਮਨਾਕ ਹੋਰ ਕੀ ਹੋ ਸਕਦਾ ਹੈ ਕਿ ਇਕ ਬੇਵੱਸ ਅਤੇ ਇਕੱਲੀ ਕੁੜੀ ’ਤੇ ਸਮੂਹਕ ਰੂਪ 'ਚ ਅਣਮਨੁੱਖੀ ਜ਼ੁਲਮ ਢਾਹਿਆ ਗਿਆ ਪਰ ਪੁਲਸ ਇਨਸਾਫ ਦੇਣ ਦੀ ਬਜਾਏ ਪੀੜਤ ਪਰਿਵਾਰ 'ਤੇ ਦਬਾਅ ਬਣਾ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਤੋਂ ਮੰਗ ਕੀਤੀ ਕਿ ਦੋਸ਼ੀ ਕਿਸੇ ਵੀ ਹਾਲਤ ਵਿਚ ਬਖ਼ਸ਼ੇ ਨਹੀਂ ਜਾਣੇ ਚਾਹੀਦੇ ਅਤੇ ਦੋਸ਼ੀਆਂ ਦੀ ਪਛਾਣ ਕਰਕੇ ਉਦਾਹਰਣ ਪੇਸ਼ ਕਰਦੀ ਕਰੜੀ ਸਜ਼ਾ ਦਿੱਤੀ ਜਾਵੇ।
ਇਹ ਵੀ ਪੜ੍ਹੋ : ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ
ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਵਫਦ ਪੀੜਤ ਪਰਿਵਾਰ ਨਾਲ ਮਿਲ ਕੇ ਜੋ ਵੀ ਰਿਪੋਰਟ ਦੇਵੇਗਾ, ਉਸ ਅਨੁਸਾਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸ਼੍ਰੋਮਣੀ ਕਮੇਟੀ ਵਚਨਬੱਧ ਹੈ। ਜ਼ਿਕਰਯੋਗ ਹੈ ਕਿ ਤੇਲੰਗਾਨਾ ਦੇ ਹੈਦਰਾਬਾਦ ਦੇ ਰੰਗਾਰੇਡੀ ਸ਼ੁਭਾਸ਼ਨਗਰ 'ਚ ਪਿਛਲੇ ਦਿਨੀ ਇਕ ਸਿੱਖ ਨਬਾਲਗ ਕੁੜੀ ਨਾਲ ਜਬਰ-ਜ਼ਿਨਾਹ ਮਗਰੋਂ ਉਸ ਨੂੰ ਚੌਥੀ ਮੰਜ਼ਿਲ ਤੋਂ ਥੱਲੇ ਸੁੱਟ ਕੇ ਕਤਲ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ :ਭਾਰਤ ਕਵਾਡ ਨੂੰ ਅਗੇ ਵਧਾਉਣ ਵਾਲੀ ਤਾਕਤ ਹੈ : ਵ੍ਹਾਈਟ ਹਾਊਸ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।