ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ 82ਵੀਂ ਵਰੇਗੰਢ ਮੌਕੇ ਪੰਥਕ ਮੁੱਦਿਆਂ ’ਤੇ ਅਹਿਮ ਮਤੇ ਪਾਸ

Monday, Sep 14, 2026 - 06:10 PM (IST)

ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ 82ਵੀਂ ਵਰੇਗੰਢ ਮੌਕੇ ਪੰਥਕ ਮੁੱਦਿਆਂ ’ਤੇ ਅਹਿਮ ਮਤੇ ਪਾਸ

ਅੰਮ੍ਰਿਤਸਰ (ਛੀਨਾ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਫੈਡਰੇਸ਼ਨ ਦੀ 82ਵੀਂ ਵਰ੍ਹੇਗੰਢ ਬੀਬੀ ਕੋਲ਼ਾ ਜੀ ਭਲਾਈ ਕੇਂਦਰ  ਵਿਖੇ ਭਾਰੀ ਉਤਸ਼ਾਹ ਤੇ ਪੰਥਕ ਜਜ਼ਬੇ ਨਾਲ ਮਨਾਈ ਗਈ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਫੈਡਰੇਸ਼ਨ ਦੇ ਵੱਡੀ ਗਿਣਤੀ 'ਚ ਆਗੂਆਂ, ਅਹੁਦੇਦਾਰਾਂ ਅਤੇ ਕਾਰਕੁਨਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਫੈਡਰੇਸ਼ਨ ਦੇ ਇਤਿਹਾਸ, ਸਿੱਖ ਨੌਜਵਾਨਾਂ ਦੀ ਭੂਮਿਕਾ ਤੇ ਮੌਜੂਦਾ ਸਮੇਂ ਵਿੱਚ ਪੰਥ ਅਤੇ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਆਪਣੇ ਲੰਮੇ ਸਫ਼ਰ ਦੌਰਾਨ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ, ਹੱਕਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ 'ਚ ਅਹਿਮ ਭੂਮਿਕਾ ਨਿਭਾਈ ਹੈ ਅਤੇ ਭਵਿੱਖ ਵਿੱਚ ਵੀ ਇਹ ਕਾਰਜ ਨਿਰੰਤਰ ਜਾਰੀ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ-ਰਾਜਾਸਾਂਸੀ: ਰੂਹ ਕੰਬਾਊ ਹਾਦਸੇ ਨੇ ਘਰ 'ਚ ਪੁਆਏ ਵੈਣ, ਦੋ ਬੱਚਿਆਂ ਦੇ ਪਿਤਾ ਦੀ ਦਰਦਨਾਕ ਮੌਤ

ਵਰ੍ਹੇਗੰਢ ਸਮਾਗਮ ਦੌਰਾਨ ਮੌਜੂਦਾ ਪੰਥਕ ਅਤੇ ਸਮਾਜਿਕ ਮੁੱਦਿਆਂ ਸਬੰਧੀ ਕਈ ਅਹਿਮ ਮਤੇ ਵੀ ਪਾਸ ਕੀਤੇ ਗਏ, ਜਿਨ੍ਹਾਂ 'ਚ ਪਹਿਲੇ ਮਤੇ ਰਾਹੀਂ ਉਨ੍ਹਾਂ ਸਾਰੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਜੋ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਲੰਮੇ ਸਮੇਂ ਤੱਕ ਜੇਲ੍ਹਾਂ ਵਿੱਚ ਰੱਖਣਾ ਇਨਸਾਫ਼ ਦੇ ਮੂਲ ਸਿਧਾਂਤਾਂ ਦੇ ਉਲਟ ਹੈ। ਸਰਕਾਰਾਂ ਨੂੰ ਇਸ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਨਜ਼ਰੀਏ ਨਾਲ ਦੇਖਦਿਆਂ ਅਜਿਹੇ ਸਾਰੇ ਮਾਮਲਿਆਂ ਦੀ ਸਮੀਖਿਆ ਕਰਕੇ ਯੋਗ ਵਿਅਕਤੀਆਂ ਦੀ ਰਿਹਾਈ ਯਕੀਨੀ ਬਣਾਉਣੀ ਚਾਹੀਦੀ ਹੈ। ਦੂਜੇ ਮਤੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਮੌਜੂਦਾ ਸਮੇਂ ਵਿੱਚ ਸਿੱਖ ਕੌਮ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਦੇ ਟਾਕਰੇ ਲਈ ਸਮੁੱਚੇ ਖ਼ਾਲਸਾ ਪੰਥ ਦੀ ਸ਼ਕਤੀ ਨੂੰ ਇੱਕ ਮੰਚ ’ਤੇ ਇਕੱਠਾ ਕਰਨ ਲਈ ਯਤਨ ਕੀਤੇ ਜਾਣ।

 ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਪੰਥ ਦੀ ਮਜ਼ਬੂਤੀ ਲਈ ਆਪਸੀ ਵਿਚਾਰਕ ਮਤਭੇਦਾਂ ਤੋਂ ਉੱਪਰ ਉੱਠ ਕੇ ਸਾਂਝੇ ਪੰਥਕ ਮੁੱਦਿਆਂ ’ਤੇ ਇਕਜੁੱਟ ਹੋਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਿੱਖ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਨੌਜਵਾਨ ਸ਼ਕਤੀ ਅਤੇ ਸਮੁੱਚੇ ਖ਼ਾਲਸਾ ਪੰਥ ਨੂੰ ਇੱਕ ਸਾਂਝੇ ਪਲੇਟਫਾਰਮ ’ਤੇ ਲਿਆਉਣ ਲਈ ਠੋਸ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ । ਇੱਕ ਹੋਰ ਅਹਿਮ ਮਤੇ ਰਾਹੀਂ ਪੰਜਾਬ ਵਿੱਚ ਤੇਜ਼ੀ ਨਾਲ ਫੈਲ ਰਹੇ ਨਸ਼ਿਆਂ ਦੇ ਕੋਹੜ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ। ਫੈਡਰੇਸ਼ਨ ਵੱਲੋਂ ਕਿਹਾ ਗਿਆ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇੱਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਸਮਾਜ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੰਗਲਵਾਰ ਨੂੰ ਵੀ ਛੁੱਟੀ !

ਫੈਡਰੇਸ਼ਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਖੇਡਾਂ, ਸਿੱਖਿਆ, ਰੁਜ਼ਗਾਰ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡ-ਪਿੰਡ ਤੇ ਸ਼ਹਿਰ-ਸ਼ਹਿਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਯਤਨ ਤੇਜ਼ ਕਰਨ ਦਾ ਫੈਸਲਾ ਕੀਤਾ। ਪੰਜਾਬ ਵਿੱਚ ਹੋ ਰਹੇ ਕਥਿਤ ਧਰਮ ਪਰਿਵਰਤਨ ਸਬੰਧੀ ਵੀ ਫੈਡਰੇਸ਼ਨ ਵੱਲੋਂ ਚਿੰਤਾ ਪ੍ਰਗਟ ਕੀਤੀ ਗਈ। ਇਸ ਮਤੇ ਰਾਹੀਂ ਸਿੱਖ ਨੌਜਵਾਨਾਂ ਅਤੇ ਸੰਗਤ ਨੂੰ ਆਪਣੇ ਧਰਮ, ਗੁਰਬਾਣੀ, ਸਿੱਖ ਇਤਿਹਾਸ ਅਤੇ ਸਿੱਖੀ ਜੀਵਨ-ਜਾਚ ਨਾਲ ਹੋਰ ਮਜ਼ਬੂਤੀ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਭਾਈ ਲਖਬੀਰ ਸਿੰਘ ਸੇਖੋਂ ਨੇ ਕਿਹਾ ਕਿ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਆਪਣੀ 82ਵੀਂ ਵਰ੍ਹੇਗੰਢ ਨੂੰ ਸਿਰਫ਼ ਇੱਕ ਯਾਦਗਾਰੀ ਦਿਹਾੜੇ ਵਜੋਂ ਨਹੀਂ, ਸਗੋਂ ਨੌਜਵਾਨ ਸ਼ਕਤੀ ਨੂੰ ਪੰਥਕ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਦੇ ਨਵੇਂ ਸੰਕਲਪ ਵਜੋਂ ਮਨਾ ਰਹੀ ਹੈ। ਉਨ੍ਹਾਂ ਕਿਹਾ ਕਿ ਫੈਡਰੇਸ਼ਨ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਿੱਖ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ, ਸਿੱਖੀ ਅਤੇ ਸਿੱਖ ਇਤਿਹਾਸ ਨਾਲ ਜੋੜਨ, ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨ ਲਈ ਆਪਣੀਆਂ ਗਤੀਵਿਧੀਆਂ ਨੂੰ ਹੋਰ ਵਿਸ਼ਾਲ ਕੀਤਾ ਜਾਵੇਗਾ।

ਇਸ ਸਮੇਂ ਫੈਡਰੇਸ਼ਨ ਆਗੁ ਗਗਨਦੀਪ ਸਿੰਘ, ਬਲਵਿੰਦਰ ਸਿੰਘ ਰਾਜੋਕੇ, ਮਨਦੀਪ ਸਿੰਘ ਖਾਲਸਾ, ਲਵਪ੍ਰੀਤ ਸਿੰਘ ਗਿੱਲ, ਹਰਮਨਜੋਤ ਸਿੰਘ ਲੁਧਿਆਣਾ, ਸਤਿੰਦਰਪਾਲ ਸਿੰਘ ਜੋਨੀ, ਕੁਲਵਿੰਦਰ ਸਿੰਘ ਢੋਟ, ਕੁਲਜੀਤ ਸਿੰਘ ਧੁੰਨਾ, ਗੁਰਦੀਪ ਸਿੰਘ ਸੁਰ ਸਿੰਘ, ਯੁਵਰਾਜ ਸਿੰਘ ਚੌਹਾਨ, ਜਗਪ੍ਰੀਤ ਸਿੰਘ ਮਨੀ, ਸਹਿਜਬੀਰ ਸਿੰਘ ਢੋਟ, ਵਿਕਰਮਜੀਤ ਸਿੰਘ ਸੂਰ, ਪ੍ਰਿਤਪਾਲ ਸਿੰਘ, ਕੁਲਬੀਰ ਸਿੰਘ ਵਿੱਕੀ, ਸੰਦੀਪ ਸਿੰਘ ਖ਼ਾਲਸਾ , ਰਵਿੰਦਰ ਸਿੰਘ ਕੰਗ ਤੇ ਬਲਵਿੰਦਰ ਸਿੰਘ ਕੰਬੋਜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News