''ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਮੌਕੇ 26 ਦਸੰਬਰ ਨੂੰ ਹੋਵੇਗਾ ਸਿੱਖ ਇਸਤਰੀ ਸੰਮੇਲਨ''

12/12/2020 8:55:27 PM

ਅੰਮ੍ਰਿਤਸਰ,(ਦੀਪਕ ਸ਼ਰਮਾ) : ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ ਮੇਲ ਦੌਰਾਨ 26 ਦਸੰਬਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਵਿਖੇ ਸਿੱਖ ਇਸਤਰੀ ਸੰਮੇਲਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੱਜ ਇਥੇ ਭਾਈ ਗੁਰਦਾਸ ਹਾਲ ਵਿਖੇ ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧ ਸਿੱਖ ਬੀਬੀਆਂ ਦੀ ਇਕੱਤਰਤਾ ਦੌਰਾਨ ਕੀਤਾ। ਉਨ੍ਹਾਂ ਬੀਬੀਆਂ ਨੂੰ ਸੰਮੇਲਨ ਵਿਚ ਵੱਧ-ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਸ਼ਾਨਾਂਮੱਤਾ ਹੈ ਅਤੇ ਸਾਡਾ ਸਭ ਦਾ ਫ਼ਰਜ਼ ਹੈ ਕਿ ਇਸ ਇਤਿਹਾਸ ਨੂੰ ਬੱਚਿਆਂ ਅਤੇ ਨੌਜੁਆਨਾਂ ਤੱਕ ਲੈ ਕੇ ਜਾਈਏ। ਉਨ੍ਹਾਂ ਕਿਹਾ ਕਿ ਸਿੱਖ ਇਸਤਰੀ ਸੰਮੇਲਨ ਵਿਚ ਪੰਜਾਬ ਭਰ ਦੀਆਂ ਬੀਬੀਆਂ ਸ਼ਾਮਲ ਹੋਣਗੀਆਂ ਅਤੇ ਇਸ ਦੌਰਾਨ ਸਿੱਖ ਇਤਿਹਾਸ ਵਿਚ ਬੀਬੀਆਂ ਦੇ ਯੋਗਦਾਨ 'ਤੇ ਚਰਚਾ ਕਰਦਿਆਂ ਸਮਾਜ ਅੰਦਰ ਬੀਬੀਆਂ ਦੀ ਭੂਮਿਕਾ ਪ੍ਰਤੀ ਜਾਗਰੂਕ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਵਰਗੀ ਮਾਂ ਸਾਡੇ ਮਾਰਗ ਦਰਸ਼ਨ ਹਨ ਅਤੇ ਉਨ੍ਹਾਂ ਦੇ ਜੀਵਨ ਵਿੱਚੋਂ ਸੇਧ ਪ੍ਰਾਪਤ ਕਰਨੀ ਸਾਡੀ ਪਹਿਲ ਹੋਣੀ ਚਾਹੀਦੀ ਹੈ। ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਆ ਰਹੀਆਂ ਸ਼ਤਾਬਦੀਆਂ ਸਬੰਧੀ ਵੀ ਹਾਜ਼ਰ ਬੀਬੀਆਂ ਨੂੰ ਵਧ-ਚੜ ਕੇ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਸਮਾਜਿਕ ਕੁਰੀਤੀਆਂ ਵਿਰੁੱਧ ਲਹਿਰ ਸਿਰਜਣ ਦਾ ਸੱਦਾ ਦਿੱਤਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਗੁਰਵਿੰਦਰ ਕੌਰ, ਬੀਬੀ ਸ਼ਰਨਜੀਤ ਕੌਰ, ਬੀਬੀ ਪ੍ਰਮਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੀਬੀਆਂ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਸਨਮਾਨ ਵੀ ਕੀਤਾ ਗਿਆ। ਇਕੱਤਰਤਾ ਮੌਕੇ ਬੀਬੀ ਜੋਗਿੰਦਰ ਕੌਰ ਬਠਿੰਡਾ, ਬੀਬੀ ਕਿਰਨ ਸ਼ਰਮਾ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਮੌਜੂਦ ਸਨ।


Deepak Kumar

Content Editor

Related News