ਲੁਧਿਆਣਾ ’ਚ ਸਿੱਖ ਨੌਜਵਾਨ ਨਾਲ ਕੁੱਟਮਾਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖਲ ਤੋਂ ਬਾਅਦ ਕੇਸ ਦਰਜ
Friday, Jan 30, 2026 - 10:51 PM (IST)
ਅੰਮ੍ਰਿਤਸਰ (ਸਰਬਜੀਤ) - ਲੁਧਿਆਣਾ ’ਚ ਇਕ ਸਿੱਖ ਨੌਜਵਾਨ ਟੈਕਸੀ ਚਾਲਕ ਰਣਜੋਤ ਸਿੰਘ ਨਾਲ ਪੁਲਸ ਚੌਕੀ ’ਚ ਕੀਤੀ ਗਈ ਕੁੱਟਮਾਰ ਦੇ ਮਾਮਲੇ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਸਖ਼ਤ ਨੋਟਿਸ ਤੋਂ ਬਾਅਦ ਅੱਜ ਕੇਸ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ 26 ਜਨਵਰੀ ਨੂੰ ਮਾਮੂਲੀ ਹਾਦਸੇ ਤੋਂ ਬਾਅਦ ਕੁਝ ਵਿਅਕਤੀਆਂ ਨੇ ਰਣਜੋਤ ਸਿੰਘ ਨਾਲ ਦੁਰਵਿਵਹਾਰ ਕੀਤਾ ਅਤੇ ਸਿੱਖ ਧਰਮ ਬਾਰੇ ਮੰਦਾ ਬੋਲਿਆ। ਇਸ ਤੋਂ ਬਾਅਦ ਪੁਲਸ ਮੁਲਾਜ਼ਮ ਉਸ ਨੂੰ ਕੈਲਾਸ਼ ਚੌਕੀ ਲੈ ਗਏ ਅਤੇ ਉੱਥੇ ਉਸ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਪੀੜਤ ਪਰਿਵਾਰ ਵਲੋਂ ਕੀਤੇ ਗਏ ਰੋਸ ਮੁਜ਼ਾਹਰੇ ਦਾ ਨੋਟਿਸ ਲੈਂਦਿਆਂ ਜਥੇਦਾਰ ਸਾਹਿਬ ਨੇ ਪੁਲਸ ਕਮਿਸ਼ਨਰ ਨਾਲ ਗੱਲਬਾਤ ਕੀਤੀ ਅਤੇ ਸਖ਼ਤ ਕਾਰਵਾਈ ਲਈ ਕਿਹਾ। ਜਥੇਦਾਰ ਦੇ ਦਖਲ ਤੋਂ ਬਾਅਦ ਲੁਧਿਆਣਾ ਪੁਲਸ ਨੇ ਮੁਲਜ਼ਮਾਂ ਅਤੇ ਪੁਲਸ ਮੁਲਾਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਲਿਆ ਹੈ।
