ਪਵਿੱਤਰ ਤਖ਼ਤਾਂ ਦੇ ਦਰਸ਼ਨ ਕਰਨ ਲਈ ਵਿਧਾਨ ਸਭਾ ਹਲਕਾ ਦੀਨਾਨਗਰ ਤੋਂ ਸ਼ਰਧਾਲੂਆਂ ਦੀ ਵਿਸ਼ੇਸ਼ ਬੱਸ ਰਵਾਨਾ

03/06/2024 4:59:53 PM

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਪਿੰਡ ਪਨਿਆੜ ਤੋਂ ਵਿਸ਼ੇਸ਼ ਬੱਸ ਰਵਾਨਾ ਹੋਈ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਪਿੰਡ ਪਨਿਆੜ ਤੋਂ ਰਵਾਨਾ ਹੋਈ ਇਸ ਤੀਰਥ ਯਾਤਰਾ ਬੱਸ ਰਾਹੀਂ 43 ਸ਼ਰਧਾਲੂ ਮਾਤਾ ਸ੍ਰੀ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਸ੍ਰੀ ਚਿੰਤਪੁਰਨੀ ਜੀ ਅਤੇ ਮਾਤਾ ਸ੍ਰੀ ਜਵਾਲਾ ਜੀ ਦੇ ਅਸਥਾਨਾਂ ਦੇ ਦਰਸ਼ਨ ਕਰਨਗੇ। 
ਬੱਸ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਵਸਨੀਕ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦੇ ਲਈ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਦੇ ਤਹਿਤ ਹਜ਼ਾਰਾਂ ਹੀ ਸ਼ਰਧਾਲੂ ਪੰਜਾਬ ਅਤੇ ਪੰਜਾਬ ਤੋਂ ਬਾਹਰ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਜਾਣ ਵਾਲੇ ਸ਼ਰਧਾਲੂਆਂ ਨੂੰ ਪੰਜਾਬ ਸਰਕਾਰ ਦੀ ਤਰਫ਼ੋਂ ਯਾਤਰਾ ਤੇ ਜਾਣ ਦੇ ਲਈ ਲੋੜੀਂਦਾ ਸਮਾਨ ਕਿੱਟ ਦੇ ਰੂਪ ਵਿੱਚ ਦਿੱਤਾ ਜਾਂਦਾ ਹੈ, ਤਾਂ ਕਿ ਰਸਤੇ ਵਿੱਚ ਵੀ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ।
ਸ਼ਹਿਰੀ ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਅੱਜ ਤੱਕ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ 'ਤੇ ਜਾ ਚੁੱਕੇ ਸ਼ਰਧਾਲੂ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੁਆਰਾ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਧੰਨਵਾਦ ਕਰਦੇ ਨਹੀਂ ਥੱਕਦੇ ਕਿਉਂਕਿ ਉਨ੍ਹਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਹਜ਼ਾਰਾਂ ਬਜ਼ੁਰਗਾਂ ਮਾਪਿਆਂ ਦੇ ਲਈ ਪੁੱਤਰ ਦਾ ਰੋਲ ਨਿਭਾ ਕੇ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੀ ਤੀਰਥ ਯਾਤਰਾ ਕਰਵਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੇ ਵਿੱਚ ਕਿਸੇ ਵੀ ਪ੍ਰਦੇਸ਼ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਯੋਜਨਾ ਹੈ। ਪ੍ਰਧਾਨ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਦੀ ਤਰਫ਼ੋਂ ਸਿਹਤ ਅਤੇ ਸਿੱਖਿਆ ਦੇ ਪ੍ਰਬੰਧਾਂ ਵਿੱਚ  ਵੱਡੇ ਪੱਧਰ ਤੇ ਸੁਧਾਰ ਕੀਤੇ ਜਾ ਰਹੇ ਹਨ, ਉੱਥੇ ਵੱਖ-ਵੱਖ ਲੋਕ ਪੱਖੀ ਸਕੀਮਾਂ ਦੀ ਸ਼ੁਰੂਆਤ ਵੀ ਕੀਤੀ ਗਈ ਹੈ, ਜਿਸ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਦੇ ਸਥਾਈ ਹੱਲ ਦੇ ਲਈ ਸਰਕਾਰ ਖ਼ੁਦ ਜਨਤਾ ਦੇ ਦੁਆਰ ਤੇ ਜਾ ਕੇ, ਉਨ੍ਹਾਂ ਦੇ ਕੰਮ ਕਰ ਰਹੀ ਹੈ।
 


Aarti dhillon

Content Editor

Related News