ਬੁੱਢਾ ਦਲ ਵਿਖੇ ਗੁਰੂ ਸਾਹਿਬਾਨ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Friday, May 01, 2026 - 02:20 AM (IST)
ਅੰਮ੍ਰਿਤਸਰ (ਸਰਬਜੀਤ) - ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੇ ਹੁਕਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਬੀਆਂ ਦੀਆਂ ਸੁਖਮਨੀ ਸੇਵਾ ਸੋਸਾਇਟੀਆਂ ਵੱਲੋਂ ਸਾਹਿਬ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰੂ ਅਮਰਦਾਸ ਜੀ, ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ਼ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਵਿਖੇ ਪੂਰਨ ਸ਼ਰਧਾ ਸਤਿਕਾਰ ਤੇ ਨਿਮਰ ਭਾਵਨਾ ਨਾਲ ਗੁਰੂ ਦੇ ਜਸ ਗਾਉਂਦਿਆਂ ਮਨਾਇਆ ਗਿਆ।
ਜਥਾ ਚਰਨ ਕੰਵਲ ਬੀਬੀਆਂ ਸ੍ਰੀ ਦਰਬਾਰ ਸਾਹਿਬ ਦੇ ਮੁਖੀ ਬੀਬੀ ਪਰਮਜੀਤ ਕੌਰ ਪਿੰਕੀ ਦੇ ਜਥੇ ਸਮੇਤ ਹੋਰ ਵੀ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਇਸ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕੀਤੀ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕੇ ਲੰਗਰ ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਦੀਆਂ ਸੇਵਾਵਾਂ ਅਤੁੱਟ ਵਰਤੀਆਂ ਗਈਆਂ।
ਇਸ ਮੌਕੇ ਬੁੱਢਾ ਦਲ ਦੇ ਮੈਨੇਜਰ ਪਰਮਜੀਤ ਸਿੰਘ ਬਾਜਵਾ ਨੇ ਚਾਰ ਗੁਰੂ ਸਾਹਿਬਾਨ ਦੇ ਜੀਵਨ ਤੇ ਉਨ੍ਹਾਂ ਵੱਲੋਂ ਮਨੁੱਖਤਾ ਲਈ ਘਾਲੀਆਂ ਘਾਲਣਾਵਾਂ ਬਾਰੇ ਭਾਵਪੂਰਤ ਤਰੀਕੇ ਨਾਲ ਆਪਣੇ ਸੰਬੋਧਨ ਰਾਹੀਂ ਸੰਗਤਾਂ ਨਾਲ ਸਾਂਝ ਪਾਈ। ਉਨ੍ਹਾਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਵੱਲੋਂ ਗੁਰੂ ਸਾਹਿਬਾਨਾਂ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ ਅਤੇ ਬੀਬੀ ਪਰਮਜੀਤ ਕੌਰ ਪਿੰਕੀ, ਬੀਬੀ ਹਰਪ੍ਰੀਤ ਕੌਰ, ਬੀਬੀ ਤੇਜ ਕੌਰ, ਬੀਬੀ ਹਰਜੀਤ ਕੌਰ, ਬੀਬੀ ਨੀਲਮ ਕੌਰ, ਬੀਬੀ ਕੰਵਲਜੀਤ ਕੌਰ, ਬੀਬੀ ਵਰਜਿੰਦਰ ਕੌਰ ਤੇ ਬੀਬੀ ਕੁਲਬੀਰ ਕੌਰ ਨੂੰ ਸਿਰਪਾਓ ਨਾਲ ਸਨਮਾਨਿਤ ਕੀਤਾ।
