ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ : ਕਰਮਸਰ

Thursday, Jul 10, 2025 - 12:57 AM (IST)

ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ : ਕਰਮਸਰ

ਅੰਮ੍ਰਿਤਸਰ, (ਸਰਬਜੀਤ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਅਧੀਨ ਗੁਰੂ ਤੇਗ ਬਹਾਦੁਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਸਿਲਸਿਲੇ ਵਿੱਚ ਨਾਂ ਸਿਰਫ਼ ਦਿੱਲੀ ਵਿੱਚ ਸਗੋਂ ਦਿੱਲੀ ਦੇ ਬਾਹਰ ਵੀ ਕਈ ਤਰ੍ਹਾਂ ਦੇ ਪ੍ਰੋਗਰਾਮ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਸੇ ਲੜੀ ਵਿੱਚ ਮੱਧ ਪ੍ਰਦੇਸ਼ ਦੇ ਇੰਦੌਰ ਵਿਖੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਬੱਚਿਆਂ ਵੱਲੋਂ ਵਾਹਿਗੁਰੂ ਸਿਮਰਨ ਕਰਦੇ ਹੋਏ ਇੱਕ ਵਿਸ਼ਵ ਰਿਕਾਰਡ ਕਾਇਮ ਕੀਤਾ ਗਿਆ, ਜਿਸ ਵਿੱਚ 80 ਲੱਖ ਤੋਂ ਵੱਧ ਵਾਰ “ਵਾਹਿਗੁਰੂ” ਲਿਖਿਆ ਗਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਨ੍ਹਾਂ ਨੂੰ ਬਹੁਤ ਚੰਗਾ ਲੱਗਿਆ ਅਤੇ ਅਜਿਹੇ ਬੱਚਿਆਂ ਦੇ ਪ੍ਰੋਗਰਾਮ ਦਿੱਲੀ ਵਿੱਚ ਵੀ ਕਰਵਾਏ ਜਾਣਗੇ।

ਕਰਮਸਰ ਨੇ ਦੱਸਿਆ ਕਿ ਇੰਦੌਰ ਦੀ ਸੰਸਥਾ ਦੇ ਨਿਯੋਤੇ 'ਤੇ ਮੁੱਖ ਮਹਿਮਾਨ ਵਜੋਂ ਉਥੇ ਪਹੁੰਚ ਕੇ ਬੱਚਿਆਂ ਦੀ ਹੋਸਲਾ ਅਫ਼ਜ਼ਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਇਨਾਮ ਵੀ ਦਿੱਤੇ ਗਏ। ਦਿੱਲੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਭਾਟੀਆ ਵੀ ਉਥੇ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਇੰਦੌਰ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਪਰਿਵਾਰ ਵਸਦੇ ਹਨ ਅਤੇ ਉਹ ਅਜੇ ਵੀ ਸਿੱਖੀ ਦੀ ਰੀਤ-ਰਿਵਾਜ ਨਾਲ ਜੁੜੇ ਹੋਏ ਹਨ। ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਧਰਮ ਪ੍ਰਚਾਰ ਪ੍ਰੋਗਰਾਮ ਇੰਦੌਰ ਵਿੱਚ ਕਰਵਾਏ ਜਾਣਗੇ।

ਇਨ੍ਹਾਂ ਸਮਾਗਮਾਂ ਵਿੱਚ ਗੈਰ-ਸਿੱਖ ਭਾਈਚਾਰੇ ਨੂੰ ਵੀ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਤਾਂ ਜੋ ਗੁਰੂ ਤੇਗ ਬਹਾਦੁਰ ਜੀ ਦੀ ਸ਼ਹੀਦੀ ਦਾ ਇਤਿਹਾਸ ਹਰ ਘਰ ਤੱਕ ਪਹੁੰਚ ਸਕੇ।


author

Rakesh

Content Editor

Related News