ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 42ਵੀਂ ਵਰ੍ਹੇਗੰਢ ਮਨਾਈ, ਦੇਸ਼-ਵਿਦੇਸ਼ ਤੋਂ ਸੰਗਤਾਂ ਹੋਈਆਂ ਸ਼ਾਮਲ
Saturday, Jun 06, 2026 - 11:44 AM (IST)
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਧਾਰਮਿਕ ਸਮਾਗਮ ਕਰਵਾਏ ਗਏ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। 4 ਜੂਨ ਨੂੰ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਸਮਾਗਮ ਹੋਇਆ ਅਤੇ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਸੰਦੇਸ਼ ਵੀ ਦਿੱਤਾ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਆਪਣੀ ਅਣਖ ਤੇ ਗੈਰਤ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਅੱਜ ਸਿੱਖ ਪੂਰੇ ਸੰਸਾਰ ਵਿਚ ਮੌਜੂਦ ਹਨ ਤੇ ਦੁਨੀਆਂ ਵਿਚ ਵੱਖਰੀ ਪਛਾਣ ਬਣਾਈ ਹੈ। ਜਥੇਦਾਰ ਨੇ ਕਿਹਾ ਪੰਜਾਬ ਸਾਡਾ ਮੂਲ ਹੈ ਤੇ ਲੋਕ ਆਪਣੀਆਂ ਜ਼ਮੀਨਾਂ ਨਾ ਵੇਚਣ। ਵਿਦੇਸ਼ਾਂ ਵਿਚ ਵੱਸਣ ਵਾਲੇ ਪੰਜਾਬੀਓ ਪੰਜਾਬ ਨੂੰ ਪੱਕੇ ਤੌਰ 'ਤੇ ਨਾਂ ਛੱਡੋ, ਇੱਥੇ ਵਾਪਸ ਆਓ।
ਇਹ ਵੀ ਪੜ੍ਹੋ-ਪੰਜਾਬ: ਮਾਤਾ ਵੈਸ਼ਨੋ ਦੇਵੀ ਤੋਂ ਪਰਤਦਿਆਂ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, 2 ਜਣਿਆਂ ਦੀ ਮੌਤ, 14 ਫੱਟੜ
ਇਸ ਮੌਕੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ ਅਤੇ ਧਾਰਮਿਕ ਜਥੇ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸਾਂ ਕਰ ਰਹੇ ਹਨ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ 6 ਜੂਨ ਦਾ ਦਿਨ ਖਾਲਸਾ ਪੰਥ ਲਈ ਬਹੁਤ ਹੀ ਦੁੱਖਦਾਈ ਅਤੇ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਯਾਦ ਕਰਦਿਆਂ ਸੰਗਤਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਕੌਮ ਲਈ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ ਅਤੇ ਪੰਥ ਨੂੰ ਇਕਜੁੱਟ ਹੋ ਕੇ ਅੱਗੇ ਵਧਣ ਦੀ ਲੋੜ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਿਨ੍ਹਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਲੰਬੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੰਘਾਂ ਦੀ ਰਿਹਾਈ ਸਬੰਧੀ ਤੁਰੰਤ ਫੈਸਲਾ ਲਿਆ ਜਾਵੇ। ਉਨ੍ਹਾਂ ਨੇ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਬੰਦੀ ਛੋੜ ਦਿਵਸ ਨਾਲ ਜੁੜੇ ਇਤਿਹਾਸਕ ਪ੍ਰਸੰਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਜਿਵੇਂ ਗੁਰੂ ਸਾਹਿਬ ਨੇ ਕੈਦੀਆਂ ਨੂੰ ਰਿਹਾਈ ਦਿਵਾਈ ਸੀ, ਉਸੇ ਤਰ੍ਹਾਂ ਅੱਜ ਵੀ ਬੰਦੀ ਸਿੰਘਾਂ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਘੱਲੂਘਾਰਾ ਬਰਸੀ ਮੌਕੇ ਦਰਬਾਰ ਸਾਹਿਬ ਵਿਖੇ ਸੰਗਤਾਂ ਦਾ ਵੱਡਾ ਇਕੱਠ ਦੇਖਣ ਨੂੰ ਮਿਲਿਆ ਅਤੇ ਦਿਨ ਭਰ ਧਾਰਮਿਕ ਸਮਾਗਮਾਂ, ਅਰਦਾਸਾਂ ਅਤੇ ਸ਼ਰਧਾਂਜਲੀ ਸਮਾਗਮਾਂ ਦਾ ਦੌਰ ਜਾਰੀ ਰਿਹਾ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨੇ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਨਮਿਤ ਅਰਦਾਸ ਕੀਤੀ। ਆਗੂਆਂ ਨੇ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਵਿਚਾਰਧਾਰਾ ਅੱਜ ਵੀ ਸਿੱਖ ਕੌਮ ਲਈ ਮਾਰਗਦਰਸ਼ਕ ਹੈ ਅਤੇ ਉਹ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ 1984 ਦੀਆਂ ਘਟਨਾਵਾਂ ਨੂੰ ਉਹ ਕਦੇ ਵੀ ਭੁਲਾ ਨਹੀਂ ਸਕਦੇ ਅਤੇ ਇਹ ਇਤਿਹਾਸ ਸਿੱਖ ਕੌਮ ਨੂੰ ਆਪਣੇ ਅਸੂਲਾਂ ਅਤੇ ਅਧਿਕਾਰਾਂ ਲਈ ਡਟ ਕੇ ਖੜ੍ਹੇ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਦੇ ਨਾਮ 'ਤੇ ਲਿਆਂਦੇ ਗਏ ਸੋਧ ਕਾਨੂੰਨ ਦਾ ਵੀ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੰਥ ਨੂੰ ਮਨਜ਼ੂਰ ਨਹੀਂ ਹੈ ਅਤੇ ਇਸ ਸਬੰਧੀ ਅਗਲੇ ਦਿਨਾਂ ਵਿੱਚ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਵਿਚਾਰ ਹੋਣ ਦੀ ਸੰਭਾਵਨਾ ਹੈ। ਆਗੂਆਂ ਨੇ ਕਿਹਾ ਕਿ ਪੰਥਕ ਮਸਲਿਆਂ 'ਤੇ ਫੈਸਲੇ ਸਿੱਖ ਪਰੰਪਰਾਵਾਂ ਅਤੇ ਮਰਿਆਦਾ ਅਨੁਸਾਰ ਹੀ ਹੋਣੇ ਚਾਹੀਦੇ ਹਨ।
ਇਹ ਵੀ ਪੜ੍ਹੋ- ਮਜੀਠਾ ਵਿਖੇ ਬਿਕਰਮ ਮਜੀਠੀਆ ਦੇ ਹੱਕ 'ਚ ਲੱਗੇ ਹੋਰਡਿੰਗ
ਇਸ ਮੌਕੇ ਭਾਈ ਮਾਨ ਸਿੰਘ ਮਾਨ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੀ ਵੱਖਰੀ ਪਛਾਣ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੇ ਗਏ ਸਿਧਾਂਤਾਂ 'ਤੇ ਪਹਿਰਾ ਦਿੰਦੀ ਰਹੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਦੀਆਂ ਕੁਝ ਨੀਤੀਆਂ 'ਤੇ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿੱਖ ਧਰਮ ਦੀ ਵੱਖਰੀ ਪਛਾਣ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਉਪਦੇਸ਼ਾਂ ਅਨੁਸਾਰ ਜੀਵਨ ਜਿਉਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ। ਉੱਥੇ ਹੀ ਭੁਪਿੰਦਰ ਸਿੰਘ ਨੇ ਕਿਹਾ ਕਿ ਲੰਬੇ ਸਮੇਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰਾਂ ਦੀ ਗੱਲ ਨੂੰ ਸੰਗਤਾਂ ਨੇ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਜੁੜੇ ਮੁੱਦੇ ਅਤੇ ਇਤਿਹਾਸਕ ਘਟਨਾਵਾਂ ਅੱਜ ਵੀ ਸੰਗਤਾਂ ਦੇ ਮਨ ਵਿੱਚ ਤਾਜ਼ਾ ਹਨ। ਉਨ੍ਹਾਂ ਨੇ ਕਿਹਾ ਕਿ ਕੌਮ ਆਪਣੇ ਇਤਿਹਾਸ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਪੰਥਕ ਮਸਲਿਆਂ ਨੂੰ ਲੈ ਕੇ ਜਾਗਰੂਕ ਹੈ ਅਤੇ ਅੱਗੇ ਵੀ ਆਪਣੇ ਅਧਿਕਾਰਾਂ ਲਈ ਆਵਾਜ਼ ਉਠਾਉਂਦੀ ਰਹੇਗੀ। ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦੇਖਣ ਨੂੰ ਮਿਲੀ ਅਤੇ ਪੂਰਾ ਮਾਹੌਲ ਧਾਰਮਿਕ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਆਇਆ। ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਅੱਗੇ ਲੈ ਕੇ ਜਾਣ ਦਾ ਸੰਕਲਪ ਦੁਹਰਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
