ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਸੇਵਾ ਆਰੰਭ, SGPC ਪ੍ਰਧਾਨ ਸਣੇ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ

03/22/2022 4:10:33 PM

ਅੰਮ੍ਰਿਤਸਰ (ਦੀਪਕ, ਸਾਗਰ) - ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਲੱਗੇ ਸੋਨੇ ਦੀ ਧੁਆਈ ਅਤੇ ਸਾਫ-ਸਫਾਈ ਦੀ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸੇਵਾ ਭਾਈ ਮਹਿੰਦਰ ਸਿੰਘ ਮੁਖੀ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਦਿੱਤੀ ਗਈ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਉਪਰ ਗੁੰਬਦਾਂ ’ਤੇ ਲੱਗੇ ਸੋਨੇ ਦੀ ਧੁਆਈ ਦੇ ਕਾਰਜ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਨਿਸ਼ਕਾਮ ਸੇਵਕ ਜਥੇ ਵੱਲੋਂ ਭਾਈ ਇੰਦਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਹੋਲੇ-ਮਹੱਲੇ ’ਤੇ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਇੰਝ ਹੋਈ ਮੌਤ, ਲਾਸ਼ ਘਰ ਪੁੱਜਣ ’ਤੇ ਪਿਆ ਚੀਕ ਚਿਹਾੜਾ

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸਾਫ-ਸਫਾਈ ਅਤੇ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਂਦੀ ਹੈ ਅਤੇ ਸਮੇਂ-ਸਮੇ ਇਸ ਦੀ ਧੁਆਈ ਦਾ ਕਾਰਜ ਭਾਈ ਮਹਿੰਦਰ ਸਿੰਘ ਬਰਮਿੰਘਮ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਾਰਿਸ਼ ਅਤੇ ਪ੍ਰਦੂਸ਼ਣ ਆਦਿ ਕਰਕੇ ਸੋਨੇ ਦੀ ਚਮਕ ਸਮਾਂ ਪਾ ਕੇ ਘੱਟ ਜਾਂਦੀ ਹੈ, ਜਿਸ ਦੀ ਸਾਫ-ਸਫਾਈ ਜ਼ਰੂਰੀ ਹੋ ਜਾਂਦੀ ਹੈ। ਇਸ ਵਾਰ ਕੋਰੋਨਾ ਕਾਰਨ ਇਹ ਸੇਵਾ ਕਰੀਬ 2 ਸਾਲ ਦੇ ਅਰਸੇ ਮਗਰੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਰੂਹ ਕੰਬਾਊ ਵਾਰਦਾਤ: ਬੱਚੇ ਦੇ ਖੇਡਣ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਪਿਓ ਵੱਲੋਂ ਘੋਟਣਾ ਮਾਰ ਕੇ ਦਾਦੇ ਦਾ ਕਤਲ

ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਵੱਲੋਂ ਇਹ ਸੇਵਾ ਨਿਸ਼ਕਾਮ ਰੂਪ ਵਿਚ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰੂ ਨਾਨਕ ਨਿਸ਼ਕਾਮ ਸੇਵਕ ਜਥੇ ਦੇ ਸੇਵਾਦਾਰਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਇਹ ਇਸੇ ਤਰ੍ਹਾਂ ਹੀ ਗੁਰੂ ਘਰ ਦੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੌਰਾਨ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਦੇ ਸੇਵਾਦਾਰ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇ ਵੱਲੋਂ 1995 ਤੋਂ 1999 ਤੱਕ ਪੱਤਰਿਆਂ ਦੀ ਸੇਵਾ ਪਹਿਲੀ ਵਾਰ ਕਰਵਾਈ ਗਈ ਸੀ ਅਤੇ ਉਸ ਮਗਰੋਂ ਸੋਨੇ ਦੀ ਧੁਆਈ ਦਾ ਕਾਰਜ ਲਗਾਤਾਰ ਕਰਦੇ ਆ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮ ਸਬੰਧ ਸਿਰੇ ਨਾ ਚੜ੍ਹਨ ’ਤੇ ਵਿਆਹੁਤਾ ਜਨਾਨੀ ਅਤੇ ਕੁਆਰੇ ਮੁੰਡੇ ਨੇ ਜ਼ਹਿਰ ਖਾ ਕੀਤੀ ਖ਼ੁਦਕੁਸ਼ੀ

ਉਨ੍ਹਾਂ ਦੱਸਿਆ ਕਿ ਇਹ ਸੇਵਾ ਕਰੀਬ 10-12 ਦਿਨ ਜਾਰੀ ਰਹੇਗੀ, ਜਿਸ ਤਹਿਤ ਪਾਵਨ ਅਸਥਾਨ ਦੇ ਬਾਹਰੀ ਹਿੱਸੇ ’ਤੇ ਲੱਗੇ ਸੋਨੇ ਦੀ ਧੁਆਈ ਕੁਦਰਤੀ ਢੰਗ ਨਾਲ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸੋਨੇ ਦੀ ਧੁਆਈ ਲਈ ਰੀਠੇ ਨੂੰ ਉਬਾਲ ਕੇ ਉਸ ਦਾ ਪਾਣੀ ਅਤੇ ਨਿੰਬੂ ਦਾ ਰਸ ਵਰਤਿਆ ਜਾਂਦਾ ਹੈ। ਇਹ ਬਿਲਕੁਲ ਕੁਦਰਤੀ ਤਰੀਕਾ ਹੈ ਅਤੇ ਇਸ ਵਿਚ ਕਿਸੇ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਬੇਅਦਬੀ ਦੀ ਕੋਸ਼ਿਸ਼, ਬੀੜੀ ਪੀ ਰਹੀ ਜਨਾਨੀ ਗ੍ਰਿਫ਼ਤਾਰ (ਵੀਡੀਓ)

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਇਸੇ ਜਥੇ ਵੱਲੋਂ ਬੀਤੇ ਦਿਨੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰਲੇ ਹਿੱਸੇ ਵਿਚ ਲੱਗੇ ਸੁਨਹਿਰੀ ਪੱਤਰਿਆਂ ਅਤੇ ਮੀਨਾਕਾਰੀ ਦੀ ਲੋੜ ਅਨੁਸਾਰ ਮੁਰੰਮਤ ਦਾ ਕਾਰਜ ਵੀ ਆਰੰਭਿਆ ਗਿਆ ਹੈ। ਧੁਆਈ ਦੀ ਸੇਵਾ ਆਰੰਭ ਕਰਨ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ  ਆਦਿ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ - ਦੋਸਤਾਂ ਨਾਲ ਨਹਿਰ ’ਚ ਨਹਾਉਣ ਗਏ ਮੁੰਡੇ ਦੀ 2 ਦਿਨ ਬਾਅਦ ਮਿਲੀ ਲਾਸ਼, ਪਿਆ ਚੀਕ ਚਿਹਾੜਾ


rajwinder kaur

Content Editor

Related News