ਸੂਬੇ ’ਚ ਅਮਨ-ਕਾਨੂੰਨ ਦੀ ਸਥਿਤੀ ਵਿਗੜੀ : ਸੁਖਜਿੰਦਰ ਰੰਧਾਵਾ
Thursday, Mar 06, 2025 - 03:38 PM (IST)

ਬਟਾਲਾ (ਮਠਾਰੂ) : ਸੂਬੇ ਦੀ ਬੁਰੀ ਵਿਗੜੀ ਅਮਨ -ਕਾਨੂੰਨ ਦੀ ਸਥਿਤੀ ਨੂੰ ਲੈ ਕੇ ਅੱਜ ਪੰਜਾਬ ਦੇ ਵਾਸੀ ਡੂੰਘੀ ਚਿੰਤਾ ਵਿਚ ਡੁੱਬੇ ਹੋਏ ਹਨ ਕਿਉਂਕਿ ਬੇਹੱਦ ਵਿਗੜੇ ਪਏ ਹਾਲਾਤ ਕਾਰਨ ਕੋਈ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸੂਬੇ ਦੀ ਸਰਕਾਰ ਬੁਰੀ ਤਰ੍ਹਾਂ ਫੇਲ ਸਾਬਤ ਹੋ ਗਈ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਗਰ ਨਿਗਮ ਬਟਾਲਾ ਦੇ ਮੇਅਰ ਸੁੱਖਦੀਪ ਸਿੰਘ ਸੁੱਖ ਤੇਜਾ , ਬਲਾਕ ਕਾਂਗਰਸ ਕਮੇਟੀ ਸਿਟੀ ਬਟਾਲਾ ਦੇ ਪ੍ਰਧਾਨ ਤੇ ਕੌਂਸਲਰ ਸੰਜੀਵ ਸ਼ਰਮਾ, ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਸੁਨੀਲ ਸਰੀਨ, ਡਿਪਟੀ ਮੇਅਰ ਚੰਦਰਕਾਂਤਾ, ਕਾਂਗਰਸੀ ਆਗੂ ਵਿਜੇ ਕੁਮਾਰ ਬਿੱਲੂ, ਪੀ.ਏ. ਗੁਰਮੁੱਖ ਸਿੰਘ ਤੇ ਹੋਰ ਆਗੂਆਂ ਦੇ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ਅੰਦਰ ਡਰ ਅਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਪੰਜਾਬ ਦੇ ਭਲੇ ਦੀ ਸੋਚ ਨੂੰ ਮੁੱਖ ਰੱਖਿਆ ਹੈ। ਇਸ ਲਈ ਪੰਜਾਬ ਨੂੰ ਬਚਾਉਣ ਵਾਸਤੇ ਆਪਣੀ ਮੁਹਿੰਮ ਨੂੰ ਤੇਜ਼ ਕੀਤਾ ਜਾਵੇਗਾ।