ਤਰਨਤਾਰਨ: 24 ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਭਰਵਾਉਣਗੇ ਗਣਨਾ ਫਾਰਮ
Thursday, Jun 25, 2026 - 04:39 PM (IST)
ਤਰਨਤਾਰਨ(ਰਾਜੂ)- ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਤਰਨਤਾਰਨ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਤਹਿਤ 25 ਜੂਨ ਤੋਂ 24 ਜੁਲਾਈ ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ। ਇਹ ਪ੍ਰਗਟਾਵਾ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਰਾਹੁਲ ਨੇ ਆਪਣੇ ਦਫ਼ਤਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਸਮੁੱਚੀ ਐੱਸ.ਆਈ.ਆਰ ਪ੍ਰਕਿਰਿਆ ਨੂੰ ਪੂਰੇ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਹਟਾਉਣਾ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਕੰਮ ਲਈ ਤਰਨਤਾਰਨ ਵਿਚ ਕੁੱਲ 911 ਬੀ.ਐੱਲ.ਓਜ਼., 93 ਸੈਕਟਰ ਸੁਪਰਵਾਈਜ਼ਰ ਅਤੇ 4 ਚੋਣਕਾਰ ਰਜਿਸਟਰੇਸ਼ਨ ਅਫ਼ਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲਾ ਤਰਨਤਾਰਨ ਵਿਚ 7.50 ਲੱਖ ਤੋਂ ਵੱਧ ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐੱਲ.ਓ. ਨੂੰ ਔਸਤ 850 ਵੋਟਰਾਂ ਦੀ ਐੱਸ.ਆਈ.ਆਰ. ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੋਟਰ ਐੱਸ.ਆਈ.ਆਰ. ਅਧੀਨ ਗਣਨਾ ਫਾਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ
ਇਸ ਸਬੰਧੀ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐੱਲ.ਓਜ਼ ਘਰ-ਘਰ ਜਾ ਕੇ ਪ੍ਰੀ-ਪ੍ਰਿੰਟਿਡ ਗਣਨਾ ਫਾਰਮ ਵੰਡਣ ਅਤੇ ਭਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ 3 ਅਗਸਤ 2026 ਨੂੰ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ ਅਤੇ 3 ਅਗਸਤ ਤੋਂ 2 ਸਤੰਬਰ ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ 1 ਅਕਤੂਬਰ, 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਸਾਲ 2003 ਦੀਆਂ ਵੋਟਰ ਸੂਚੀਆਂ ਨੂੰ ਮੌਜੂਦਾ ਸੂਚੀਆਂ ਨਾਲ ਜੋੜਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ
ਉਨ੍ਹਾਂ ਦੱਸਿਆ ਕਿ ਬੀ.ਐੱਲ.ਓਜ਼ ਵੋਟਰਾਂ ਨਾਲ ਸੰਪਰਕ ਕਰਨ ਲਈ ਤਿੰਨ ਵਾਰ ਉਨ੍ਹਾਂ ਦੇ ਘਰ ਜਾਣਗੇ। ਉਨ੍ਹਾਂ ਦੱਸਿਆ ਕਿ ਐੱਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ। ਉਨ੍ਹਾਂ ਜ਼ਿਲੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਇਸ ਮਹੱਤਵਪੂਰਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐੱਲ.ਓਜ਼. ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿਚ ਦਰਜ ਹੋ ਸਕੇ। ਉਨ੍ਹਾਂ ਸਮੂਹ ਵੋਟਰਾਂ ਨੂੰ ਯਕੀਨ ਦਿਵਾਇਆ ਕਿ ਐੱਸ.ਆਈ.ਆਰ. ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ।
ਇਸ ਅਨੁਸਾਰ ਮੀਡੀਆ ਅਤੇ ਸਮੂਹ ਰਾਜਨੀਤਕ ਪਾਰਟੀਆਂ ਨਾਲ ਸਮੇਂ-ਸਮੇਂ ’ਤੇ ਵਿਚਾਰ-ਵਟਾਂਦਰਾ ਕਰਕੇ ਵੋਟਰਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ। ਜ਼ਿਲਾ ਚੋਣ ਅਫ਼ਸਰ ਸ੍ਰੀ ਰਾਹੁਲ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਮੁੱਖ ਰੱਖਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਦੇ ਕਮਰਾ ਨੰਬਰ 217 ਵਿਚ ਇਕ ਵਿਸ਼ੇਸ਼ ‘ਹੈਲਪ ਡੈਸਕ’ ਵੀ ਸਥਾਪਿਤ ਕੀਤਾ ਗਿਆ ਹੈ। ਇਸ ਦਾ ਮੁੱਖ ਮਕਸਦ ਸਾਰੇ ਨਾਗਰਿਕਾਂ, ਖ਼ਾਸ ਕਰਕੇ ਦਿਵਿਆਂਗ, ਐਨ.ਆਰ.ਆਈ ਅਤੇ ਬਜ਼ੁਰਗ ਵੋਟਰਾਂ ਦੀ ਚੋਣ ਪ੍ਰਕਿਰਿਆ ਵਿੱਚ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਮਦਦ ਜਾਂ ਜਾਣਕਾਰੀ ਲਈ ਸਥਾਪਿਤ ਕੀਤੇ ਗਏ ‘ਹੈਲਪ ਡੈਸਕ’ ਜਾਂ 1950 ਅਤੇ 01852-224115 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਤਹਿਸੀਲਦਾਰ ਚੋਣਾਂ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
