2 ਪਿਸਤੌਲ, 2 ਜ਼ਿੰਦਾ ਰੌਂਦ ਅਤੇ ਮੋਟਰਸਾਈਕਲ ਸਣੇ ਇਕ ਮੁਲਜ਼ਮ ਕਾਬੂ
Wednesday, Jul 01, 2026 - 06:21 PM (IST)
ਤਰਨਤਾਰਨ (ਰਮਨ) : ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋਂ ਦੋ ਪਿਸਤੌਲ, ਦੋ ਜ਼ਿੰਦਾ ਰੌਂਦ ਅਤੇ ਇਕ ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਇਸ ਸਬੰਧ ਵਿਚ ਥਾਣਾ ਝਬਾਲ ਵਿਖੇ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਉਪਰੰਤ ਪੁਲਸ ਵੱਲੋਂ ਅਗਲੇਰੀ ਬਰੀਕੀ ਨਾਲ ਪੁੱਛਗਿਛ ਆਰੰਭ ਕਰ ਦਿੱਤੀ ਗਈ ਹੈ, ਜਿਸ ਵਿਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ ਇਨਵੈਸਟੀਗੇਸ਼ਨ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਵੱਲੋਂ ਮਾੜੇ ਅਨਸਰਾਂ ਦੇ ਖਿਲਾਫ ਸ਼ੁਰੂ ਕੀਤੀ ਗਈ ਵਿਸ਼ੇਸ਼ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਹੋਏ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਇਕ ਮੁਲਜ਼ਮ ਨੂੰ ਮੋਟਰਸਾਈਕਲ ਸਮੇਤ ਉਸ ਵੇਲੇ ਕਾਬੂ ਕੀਤਾ ਗਿਆ, ਜਦੋਂ ਸਬ ਇੰਸਪੈਕਟਰ ਜੱਸਾ ਸਿੰਘ ਸਮੇਤ ਪੁਲਸ ਪਾਰਟੀ ਲਿੰਕ ਸੜਕ ਅਟਾਰੀ ਰੋਡ ਵਿਖੇ ਮੌਜੂਦ ਸਨ। ਡੀ.ਐੱਸ.ਪੀ ਸ਼ਿਵਦਰਸ਼ਨ ਸਿੰਘ ਨੇ ਦੱਸਿਆ ਕਿ ਮੁਲਜ਼ਮ, ਜਿਸ ਦੀ ਪਹਿਚਾਣ ਦਲੇਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਗਹਿਰੀ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ ਦੀ ਤਲਾਸ਼ੀ ਲੈਣ ਦੌਰਾਨ ਉਸ ਪਾਸੋਂ ਦੋ ਪਿਸਤੌਲ 30 ਬੋਰ ਸਮੇਤ ਮੈਗਜ਼ੀਨ ਅਤੇ ਦੋ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਾਸ ਇਹ ਦੋਵੇਂ ਪਿਸਤੌਲ ਕਿੱਥੋਂ ਆਏ ਅਤੇ ਇਸ ਦੀ ਵਰਤੋਂ ਕਿੱਥੇ ਕੀਤੀ ਗਈ ਸੀ ਜਾਂ ਫਿਰ ਇਸ ਨੂੰ ਅੱਗੇ ਭਵਿੱਖ ਵਿਚ ਕਿੱਥੇ ਵਰਤਿਆ ਜਾਣਾ ਸੀ, ਦੇ ਸਬੰਧ ਵਿਚ ਪੁੱਛਗਿਛ ਆਰੰਭ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਥਾਣਾ ਝਬਾਲ ਵਿਖੇ ਮੁਲਜ਼ਮ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰ ਲਿਆ ਗਿਆ ਹੈ।
