ਪਾਕਿ ਤੋਂ ਡਰੋਨ ਜ਼ਰੀਏ ਹਥਿਆਰ ਅਤੇ ਵਿਸਫੋਟਕ ਸਮੱਗਰੀ ਮੰਗਵਾਉਣ ਵਾਲੇ 2 ਵਿਅਕਤੀ ਗ੍ਰਿਫ਼ਤਾਰ
Tuesday, Aug 09, 2022 - 03:37 PM (IST)
ਤਰਨਤਾਰਨ (ਰਮਨ) - ਤਰਨਤਾਰਨ ਪੁਲਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ, ਅਫ਼ੀਮ ਅਤੇ ਲੈਂਸਰ ਕਾਰ ਸਮੇਤ ਗ੍ਰਿਫ਼ਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਵਿਅਕਤੀ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿੱਚ ਪਾਕਿਸਤਾਨ ਵੱਲੋਂ ਮੰਗਵਾਈ ਗਈ ਹੈਰੋਇਨ ਅਤੇ ਹਥਿਆਰ ਸਪਲਾਈ ਕਰਨ ਦਾ ਕੰਮ ਕਰਦੇ ਸਨ। ਇਸ ਬਾਬਤ ਪੁਲਸ ਅਧਿਕਾਰੀਆਂ ਵੱਲੋਂ ਦੇਰ ਸ਼ਾਮ ਪ੍ਰੈੱਸ ਕਾਨਫਰੰਸ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ।
ਮਿਲੀ ਜਾਣਕਾਰੀ ਅਨੁਸਾਰ ਥਾਣਾ ਵੈਰੋਵਾਲ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਵਿੰਦਰ ਸਿੰਘ ਉਰਫ ਬਾਬਾ ਉਰਫ ਰਾਜਾ ਪੁੱਤਰ ਗੁਰਮੀਤ ਸਿੰਘ ਵਾਸੀ ਪੀਰਾਂ ਆਬਾਦ ਅਤੇ ਸੰਦੀਪ ਸਿੰਘ ਕਾਲ਼ਾ ਪੁੱਤਰ ਹਰਪਾਲ ਸਿੰਘ ਵਾਸੀ ਅਵਾਣ ਜ਼ਿਲ੍ਹਾ ਦਿਹਾਤੀ ਅੰਮ੍ਰਿਤਸਰ ਵੱਖ-ਵੱਖ ਕੇਸਾਂ ਵਿੱਚ ਲੋੜੀਂਦੇ ਮੁਲਜ਼ਮ ਸੁਖਮੀਤਪਾਲ ਸਿੰਘ ਸੁੱਖਾ ਭਿਖਾਰੀਵਾਲ ਵਾਸੀ ਜ਼ਿਲ੍ਹਾ ਗੁਰਦਾਸਪੁਰ, ਇੰਦਰਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਰੈਸ਼ੀਆਣਾ ਜ਼ਿਲ੍ਹਾ ਤਰਨਤਾਰਨ ਅਤੇ ਸੁਖਪ੍ਰੀਤ ਸਿੰਘ ਉਰਫ ਹੈਰੀ ਚੱਠਾ ਵਾਸੀ ਬਟਾਲਾ ਨਾਲ ਵ੍ਹੱਟਸਐਪ ਕਾਲਾਂ ਰਾਹੀਂ ਪਾਕਿਸਤਾਨ ਤੋਂ ਡਰੋਨ ਦੀ ਮਦਦ ਨਾਲ ਹਥਿਆਰ, ਵਿਸਫੋਟਕ ਸਮੱਗਰੀ, ਹੈਰੋਇਨ ਮੰਗਵਾ ਕੇ ਉਸ ਦੀਆਂ ਖੇਪਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਅਤੇ ਇਲਾਕਿਆਂ ਵਿੱਚ ਦੇਸ਼ ਵਿਰੋਧੀ ਅਨਸਰਾਂ ਨੂੰ ਸਪਲਾਈ ਕਰਦੇ ਸਨ।
ਪੁਲਸ ਨੇ ਉਕਤ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ 100 ਗ੍ਰਾਮ ਅਫੀਮ, 635 ਗ੍ਰਾਮ ਹੈਰੋਇਨ ਅਤੇ ਇਕ ਲੈਂਸਰ ਗੱਡੀ ਬਰਾਮਦ ਕਰਦੇ ਹੋਏ ਥਾਣਾ ਵੈਰੋਵਾਲ ਵਿਖੇ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸੰਬੰਧੀ ਐੱਸ ਐੱਸ.ਪੀ. ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਪ੍ਰੈੱਸ ਕਾਨਫ਼ਰੰਸ ਕਰਨ ਦੌਰਾਨ ਸਾਰੀ ਜਾਣਕਾਰੀ ਦਿੱਤੀ ਜਾਵੇਗੀ।