ਠੰਡ ’ਚ ਕੋਰੋਨਾ ਵਾਇਰਸ ਨੂੰ ਹਲਕੇ ’ਚ ਲੈ ਰਿਹੈ ਸਿਹਤ ਵਿਭਾਗ, ਸਰਕਾਰੀ ਹਸਪਤਾਲਾਂ ''ਚ ਨਹੀਂ ਹੋ ਰਹੇ RTPCR ਟੈਸਟ
Friday, Dec 15, 2023 - 10:59 AM (IST)
ਅੰਮ੍ਰਿਤਸਰ (ਦਲਜੀਤ)- ਠੰਡ ਵਿਚ ਆਪਣਾ ਜ਼ਿਆਦਾ ਅਸਰ ਦਿਖਾਉਣ ਵਾਲੇ ਕੋਰੋਨਾ ਵਾਇਰਸ ਨੂੰ ਇਸ ਵਾਰ ਸਿਹਤ ਵਿਭਾਗ ਹਲਕੇ ਵਿਚ ਲੈ ਰਿਹਾ ਹੈ। ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ ਵਿਚ ਖੰਘ, ਜ਼ੁਕਾਮ, ਬੁਖਾਰ ਆਦਿ ਦੇ ਲੱਛਣਾਂ ਵਾਲੇ ਮਰੀਜ਼ ਸਾਹਮਣੇ ਆਉਣ ਦੇ ਬਾਵਜੂਦ ਹੁਣ ਤੱਕ ਜ਼ਿਲ੍ਹੇ ਦੇ ਕਿਸੇ ਵੀ ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਜਾਂਚ ਲਈ ਆਰ. ਟੀ. ਪੀ. ਸੀ. ਆਰ. ਟੈਸਟਿੰਗ ਸ਼ੁਰੂ ਨਹੀਂ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਠੰਡ ਹੋਰ ਤੇਜ਼ੀ ਨਾਲ ਉਕਤ ਬੀਮਾਰੀਆਂ ਨੂੰ ਸੱਦਾ ਦੇਵੇਗੀ। ਪਰ ਅਫਸੋਸ ਦੀ ਗੱਲ ਹੈ ਕਿ ਅਜੇ ਤੱਕ ਵਿਭਾਗ ਵੱਲੋਂ ਸਮੇਂ ਸਿਰ ਜਾਂਚ ਲਈ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ। ਇੱਥੋਂ ਤੱਕ ਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਚੱਲਦੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਓ. ਪੀ. ਡੀ. ਵਿਚ ਆਉਣ ਵਾਲੇ ਉਕਤ ਵਰਗ ਨਾਲ ਸਬੰਧਤ ਮਰੀਜ਼ਾਂ ਦੀ ਜਾਂਚ ਨਹੀਂ ਕੀਤੀ ਜਾ ਰਹੀ ਹੈ, ਜਦੋਂਕਿ ਪਿਛਲੇ ਸਮੇਂ ਦੌਰਾਨ ਕੋਰੋਨਾ ਵਾਇਰਸ ਦੀ ਦਹਿਸ਼ਤ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਵਿਚ 1849 ਕੀਮਤੀ ਜਾਨਾਂ ਜਾ ਚੁੱਕੀਆਂ ਹਨ।
ਜਾਣਕਾਰੀ ਅਨੁਸਾਰ ਚੀਨ ਦੇ ਵੁਹਾਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ 2 ਸਾਲ ਪਹਿਲਾਂ ਭਾਰਤ ਵਿਚ ਤਬਾਹੀ ਮਚਾਈ ਸੀ। ਪੰਜਾਬ ਦੇ ਅੰਮ੍ਰਿਤਸਰ ਵਿਚ ਅੰਤਰਰਾਸ਼ਟਰੀ ਹਵਾਈ ਅੱਡਾ ਅਤੇ ਅੰਤਰਰਾਸ਼ਟਰੀ ਸਰਹੱਦ ਹੋਣ ਕਾਰਨ ਇੱਥੇ ਵੱਡੀ ਗਿਣਤੀ ਵਿਚ ਮਰੀਜ਼ ਪਾਜ਼ੇਟਿਵ ਪਾਏ ਗਏ ਸਨ। ਜਿਵੇਂ-ਜਿਵੇਂ ਸਮਾਂ ਬੀਤਦਾ ਗਿਆ, ਕੋਰੋਨਾ ਦਾ ਪ੍ਰਭਾਵ ਵੀ ਘੱਟਦਾ ਰਿਹਾ। ਹਾਲਾਂਕਿ ਸਰਦੀਆਂ ਵਿਚ ਵਾਇਰਸ ਦਾ ਪ੍ਰਭਾਵ ਜ਼ਿਆਦਾ ਦੇਖਣ ਨੂੰ ਮਿਲਦਾ ਹੈ, ਪਰ ਹੁਣ ਸਥਿਤੀ ਇਹ ਹੈ ਕਿ ਸਿਹਤ ਵਿਭਾਗ ਅੰਮ੍ਰਿਤਸਰ ਵਿਚ ਕੋਰੋਨਾ ਵਾਇਰਸ ਨੂੰ ਹਲਕੇ ਤੌਰ ’ਤੇ ਲੈ ਰਿਹਾ ਹੈ, ਜਦੋਂ ਕਿ ਸਰਕਾਰੀ ਹਸਪਤਾਲਾਂ ਵਿਚ ਵੱਡੀ ਗਿਣਤੀ ਵਿਚ ਮਰੀਜ਼ ਖੰਘ, ਜ਼ੁਕਾਮ, ਬੁਖਾਰ ਆਦਿ ਲੱਛਣਾਂ ਨਾਲ ਆ ਰਹੇ ਹਨ ਜੋ ਕਿ ਕੋਰੋਨਾ ਦੇ ਮੁੱਖ ਲੱਛਣ ਹਨ, ਉਨ੍ਹਾਂ ਦੀ ਜਾਂਚ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ ਹਨ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਵੇਲੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ 'ਤੇ ਮੰਗੀ ਮੁਆਫ਼ੀ
ਸਰਕਾਰੀ ਹਸਪਤਾਲਾਂ ਵਿਚ ਓ. ਪੀ. ਡੀ. ਹਸਪਤਾਲ ਵਿਚ ਆਉਣ ਵਾਲੇ ਮਰੀਜ਼ ਖੰਘ, ਜ਼ੁਕਾਮ ਅਤੇ ਬੁਖਾਰ ਦੀ ਸ਼ਿਕਾਇਤ ਡਾਕਟਰ ਕੋਲ ਦਰਜ ਕਰਵਾਉਂਦੇ ਹਨ ਪਰ ਡਾਕਟਰ ਉਨ੍ਹਾਂ ਦਾ ਵਾਇਰਸ ਟੈਸਟ ਕਰਵਾਉਣ ਦੀ ਬਜਾਏ ਉਨ੍ਹਾਂ ਨੂੰ ਦਵਾਈਆਂ ਦੇ ਕੇ ਘਰ ਭੇਜ ਦਿੰਦੇ ਹਨ, ਜਦਕਿ ਉਕਤ ਲੱਛਣਾਂ ਵਾਲੇ ਮਰੀਜ਼ਾਂ ਨੂੰ ਨਾ ਤਾਂ ਮਾਸਕ ਲਗਾਉਣ ਲਈ ਡਾਕਟਰ ਵਰਗ ਜ਼ਿਆਦਾਤਰ ਤਾਕੀਦ ਕਰ ਰਿਹਾ ਹੈ ਅਤੇ ਨਾ ਹੀ ਜ਼ਿਆਦਾਤਰ ਡਾਕਟਰ ਖੁਦ ਮਾਸਕ ਲਗਾ ਕੇ ਮਰੀਜ਼ਾਂ ਦੀ ਜਾਂਚ ਕਰ ਰਹੇ ਹਨ। ਫਿਲਹਾਲ ਸਵਾਈਨ ਫਲੂ ਨੂੰ ਲੈ ਕੇ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਦੋ ਸਾਲ ਪਹਿਲਾਂ ਤਬਾਹੀ ਮਚਾਉਣ ਵਾਲੇ ਕੋਰੋਨਾ ਵਾਇਰਸ ਨੂੰ ਲੈ ਕੇ ਸਰਦੀਆਂ ਵਿਚ ਕੋਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕੀਤੇ ਗਏ ਹਨ।
ਸਥਿਤੀ ਇਹ ਹੈ ਕਿ ਜੋ ਲੋਕ ਜਾਗਰੂਕ ਹਨ ਅਤੇ ਆਪਣੇ ਟੈਸਟ ਕਰਵਾਉਣਾ ਚਾਹੁੰਦੇ ਹਨ, ਪਰ ਉਨ੍ਹਾਂ ਦੇ ਵੀ ਸਰਕਾਰੀ ਹਸਪਤਾਲਾਂ ਵਿਚ ਆਰ. ਟੀ. ਪੀ. ਸੀ. ਆਰ ਟੈਸਟ ਨਹੀਂ ਕੀਤੇ ਜਾ ਰਹੇ ਹਨ। ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਚੱਲ ਰਹੇ ਸੂਬੇ ਦੇ ਸਭ ਤੋਂ ਵੱਡੇ ਸਰਕਾਰੀ ਗੁਰੂ ਨਾਨਕ ਦੇਵ ਹਸਪਤਾਲ ਦੀ ਹਾਲਤ ਅਜਿਹੀ ਹੈ ਕਿ ਨਾਮ ਉੱਚਾ ਪਰ ਸਹੂਲਤ ਨਹੀਂ ਵਾਲਾ ਹਿਸਾਬ ਹੈ। ਆਰ. ਟੀ. ਪੀ. ਸੀ. ਆਰ. ਟੈਸਟ ਇੱਥੇ ਵੀ ਨਹੀਂ ਕੀਤੇ ਜਾ ਰਹੇ ਹਨ, ਸਿਰਫ਼ ਦੇਸ਼ ਵਿਦੇਸ਼ ਤੋਂ ਜਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਦੇ ਟੈਸਟ ਕੀਤੇ ਜਾ ਰਹੇ ਹਨ। ਸਰਕਾਰੀ ਮੈਡੀਕਲ ਕਾਲਜ ਵਿਚ ਸਥਿਤ ਪੰਜਾਬ ਦੇ ਸਭ ਤੋਂ ਵੱਡੇ ਆਰ. ਟੀ. ਪੀ. ਸੀ. ਆਰ. ਟੈਸਟਿੰਗ ਲੈਬ ਵਿਚ ਲੰਬੇ ਸਮੇਂ ਤੋਂ ਕਿਸੇ ਵੀ ਆਮ ਮਰੀਜ਼ ਦਾ ਟੈਸਟ ਨਹੀਂ ਕੀਤਾ ਗਿਆ ਹੈ ਅਤੇ ਜਿਨ੍ਹਾਂ ਨੇ ਵਿਦੇਸ਼ਾਂ ਵਿਚ ਜਾਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਟੈਸਟ ਕਰਵਾਇਆ ਹੈ, ਉਨ੍ਹਾਂ ਵਿਚੋਂ ਕੋਈ ਵੀ ਪਾਜ਼ੇਟਿਵ ਨਹੀਂ ਆਇਆ ਹੈ।
ਮੌਜੂਦਾ ਸਮੇਂ ਵਿਚ ਮੌਸਮ ਹੌਲੀ-ਹੌਲੀ ਬਦਲ ਰਿਹਾ ਹੈ ਅਤੇ ਜਿਵੇਂ-ਜਿਵੇਂ ਠੰਡ ਵੱਧਦੀ ਜਾ ਰਹੀ ਹੈ, ਕੋਰੋਨਾ ਵਾਇਰਸ ਵਰਗੇ ਲੱਛਣਾਂ ਵਾਲੇ ਵੱਡੀ ਗਿਣਤੀ ਵਿਚ ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਜਾਣਗੇ। ਜੇਕਰ ਸਰਕਾਰ ਵੱਲੋਂ ਸਮੇਂ ਸਿਰ ਕੋਈ ਠੋਸ ਉਪਰਾਲੇ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ। ਪਿਛਲੇ ਸਮੇਂ ਦੌਰਾਨ ਵੀ ਸਿਹਤ ਵਿਭਾਗ ਵੱਲੋਂ ਇਸ ਵਾਇਰਸ ਦੇ ਅਚਾਨਕ ਆ ਜਾਣ ਨੂੰ ਲੈ ਕੇ ਕੋਈ ਚੌਕਸ ਨਹੀਂ ਕੀਤਾ ਗਿਆ ਅਤੇ ਸਰਕਾਰੀ ਹਸਪਤਾਲਾਂ ਵਿਚ ਵੀ ਕੋਈ ਠੋਸ ਪ੍ਰਬੰਧ ਨਹੀਂ ਕੀਤੇ ਗਏ ਸਨ, ਜਿਸ ਕਾਰਨ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ, ਜਿੱਥੇ ਸਰਕਾਰੀ ਹਸਪਤਾਲਾਂ ਵਿਚ ਆਕਸੀਜਨ ਦੀ ਵੱਡੀ ਸਮੱਸਿਆ ਸੀ, ਉੱਥੇ ਹੀ ਕਈ ਮਰੀਜ਼ਾਂ ਨੂੰ ਦਵਾਈਆਂ ਲਈ ਵੀ ਸੰਘਰਸ਼ ਕਰਨਾ ਪਿਆ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਬ੍ਰਿਜ ’ਤੇ 2 ਸਾਲਾਂ ਲਈ ਆਵਾਜਾਈ ਮੁਕੰਮਲ ਬੰਦ, ਜਾਣੋ ਕੀ ਰਹੀ ਵਜ੍ਹਾ
ਆਰ. ਟੀ. ਪੀ. ਸੀ. ਆਰ. ਵੱਡੀ ਗਿਣਤੀ ’ਚ ਹੈ ਵਿਭਾਗ ਕੋਲ ਪਰ ਨਹੀਂ ਕਰਵਾ ਰਹੇ ਟੈਸਟਿੰਗ
ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੀ ਜਾਂਚ ਲਈ ਵੱਡੀ ਗਿਣਤੀ ਵਿਚ ਆਰ. ਟੀ. ਪੀ. ਸੀ. ਆਰ. ਕਿੱਟ ਮੁਹੱਈਆ ਕਰਵਾਈਆਂ ਗਈਆਂ ਹਨ ਪਰ ਕਿੱਟ ਹੋਣ ਦੇ ਬਾਵਜੂਦ ਟੈਸਟਿੰਗ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ। ਕੋਰੋਨਾ ਵਾਇਰਸ ਸਬੰਧੀ ਨਾ ਤਾਂ ਕੋਈ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਾ ਹੀ ਵਿਭਾਗ ਵੱਲੋਂ ਇਸ ਦੀ ਰੋਕਥਾਮ ਲਈ ਕੋਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਹਾਲਤ ਇਹ ਹੈ ਕਿ ਸਰਕਾਰੀ ਹਸਪਤਾਲਾਂ ਦੀਆਂ ਕੰਧਾਂ ’ਤੇ ਦੋ ਸਾਲ ਪਹਿਲਾਂ ਲਿਖੇ ਬੋਰਡ ਜੋ ਹੁਣ ਧੁੰਦਲੇ ਪੈ ਗਏ ਹਨ, ਅੱਜ ਵੀ ਆਪਣੀ ਡਿਊਟੀ ਨਿਭਾ ਰਹੇ ਹਨ, ਜਦਕਿ ਅਧਿਕਾਰੀ ਕੋਈ ਠੋਸ ਉਪਰਾਲੇ ਕਰਦੇ ਨਜ਼ਰ ਨਹੀਂ ਆ ਰਹੇ। ਹੁਣ ਦੇਖਣਾ ਇਹ ਹੋਵੇਗਾ ਕਿ ਵਿਭਾਗ ਕਦੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਜਾਂਚ ਪ੍ਰਕਿਰਿਆ ਸ਼ੁਰੂ ਕਰੇਗਾ।
ਜ਼ਿਲ੍ਹੇ ’ਚ ਵਾਇਰਸ ਨਾਲ ਸਬੰਧਤ 61,476 ਮਰੀਜ਼ ਆਏ ਸਾਹਮਣੇ
ਪਿਛਲੇ ਦਿਨੀਂ ਦਹਿਸ਼ਤ ਦਾ ਮਾਹੌਲ ਬਣਾ ਚੁੱਕੇ ਕੋਰੋਨਾ ਵਾਇਰਸ ਨੇ ਅੰਮ੍ਰਿਤਸਰ ਦੇ 1849 ਲੋਕਾਂ ਦੀਆਂ ਕੀਮਤੀ ਜਾਨਾਂ ਲੈ ਲਈਆਂ ਹਨ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਕੋਰੋਨਾ ਦੌਰਾਨ 21,87,952 ਲੋਕਾਂ ਦੀ ਜਾਂਚ ਕੀਤੀ ਗਈ ਸੀ, ਜਿਨ੍ਹਾਂ ਵਿਚੋਂ 21,26,476 ਲੋਕ ਨੈਗੇਟਿਵ ਪਾਏ ਗਏ ਸਨ, ਜਦਕਿ 61,476 ਮਰੀਜ਼ ਪਾਜ਼ੇਟਿਵ ਪਾਏ ਗਏ ਸਨ। ਕੋਰੋਨਾ ਦੇ ਸਮੇਂ ਸਿਹਤ ਵਿਭਾਗ ਵੱਲੋਂ ਹਰ ਹਸਪਤਾਲ ਨੂੰ ਰੋਜ਼ਾਨਾ 500 ਤੋਂ ਵੱਧ ਟੈਸਟਾਂ ਦਾ ਟੀਚਾ ਦਿੱਤਾ ਗਿਆ ਸੀ, ਜਦੋਂ ਵਾਇਰਸ ਜ਼ਿਆਦਾ ਪ੍ਰਭਾਵ ਦਿਖਾ ਰਿਹਾ ਸੀ ਤਾਂ ਟੈਸਟਾਂ ਦਾ ਟੀਚਾ 1000 ਰੱਖਿਆ ਗਿਆ ਸੀ, ਪਰ ਅਫਸੋਸ ਦੀ ਗੱਲ ਹੈ ਕਿ ਸਰਦੀਆਂ ਆਉਣ ਦੇ ਬਾਵਜੂਦ ਟੀਚਾ ਤਾਂ ਛੱਡੋ ਟੈਸਟਿੰਗ ਦੀ ਪ੍ਰਕਿਰਿਆ ਵੀ ਸ਼ੁਰੂ ਨਹੀਂ ਕੀਤੀ ਗਈ।
ਇਹ ਵੀ ਪੜ੍ਹੋ- ਤਲਾਕਸ਼ੁਦਾ ਔਰਤ ਨਾਲ ਇਸ਼ਕ ਦੀਆਂ ਪੀਂਘਾ ਪਾ ਬਣਾਏ ਸਰੀਰਕ ਸਬੰਧ, ਅਖ਼ੀਰ ਕਰ ਗਿਆ ਵੱਡਾ ਕਾਂਡ
ਖੰਘ, ਜ਼ੁਕਾਮ, ਬੁਖਾਰ ਆਦਿ ਲੱਛਣਾਂ ਵਾਲੇ ਮਰੀਜ਼ ਆ ਰਹੇ ਹਨ ਡਾਕਟਰਾਂ ਕੋਲ
ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਟੀ. ਬੀ. ਕੰਟਰੋਲ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਨਰੇਸ਼ ਚਾਵਲਾ ਨੇ ਦੱਸਿਆ ਕਿ ਠੰਡ ਦੇ ਵਧਦੇ ਪ੍ਰਭਾਵ ਕਾਰਨ ਖੰਘ, ਜ਼ੁਕਾਮ, ਬੁਖਾਰ ਆਦਿ ਲੱਛਣਾਂ ਵਾਲੇ ਮਰੀਜ਼ ਵੱਡੀ ਗਿਣਤੀ ਵਿਚ ਡਾਕਟਰਾਂ ਕੋਲ ਆ ਰਹੇ ਹਨ। ਕੋਰੋਨਾ ਵਾਇਰਸ ਦੇ ਸ਼ੁਰੂਆਤੀ ਲੱਛਣ ਵੀ ਇਸ ਤਰ੍ਹਾਂ ਦੇ ਹਨ, ਜੇਕਰ ਕਿਸੇ ਵੀ ਬੀਮਾਰੀ ਦਾ ਸਮੇਂ ਸਿਰ ਇਲਾਜ ਕਰ ਲਿਆ ਜਾਵੇ ਤਾਂ ਇਹ ਗੰਭੀਰ ਰੂਪ ਨਹੀਂ ਲੈਂਦੀ, ਕੋਰੋਨਾ ਵਾਇਰਸ ਇੱਕ ਅਜਿਹਾ ਵਾਇਰਸ ਹੈ ਜੋ ਕਿ ਢੁਕਵਾਂ ਇਲਾਜ ਨਾ ਹੋਣ ਕਾਰਨ ਫੇਫੜਿਆਂ ’ਤੇ ਜ਼ਿਆਦਾ ਪ੍ਰਭਾਵ ਪਾਉਂਦਾ ਹੈ। ਕਈ ਵਾਰ ਸਮੇਂ ਸਿਰ ਦਵਾਈਆਂ ਨਾ ਮਿਲਣ ਕਾਰਨ ਮਰੀਜ਼ ਦੀ ਜਾਨ ਵੀ ਖਤਰੇ 'ਚ ਪੈ ਜਾਂਦੀ ਹੈ। ਠੰਡ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਸਿਹਤ ਵਿਭਾਗ ਨੇ ਤੁਰੰਤ ਆਰ. ਟੀ. ਪੀ. ਸੀ. ਆਰ. ਸੈਂਪਲਿੰਗ ਸ਼ੁਰੂ ਕਰਵਾਉਣੀ ਚਾਹੀਦੀ ਹੈ।
ਸਵਾਈਨ ਫਲੂ ਵਾਂਗ, ਕੋਰੋਨਾ ਬਾਰੇ ਸਰਕਾਰ ਨੂੰ ਦੁਬਾਰਾ ਜਾਰੀ ਕਰਨੇ ਚਾਹੀਦੇ ਹਨ ਦਿਸ਼ਾ ਨਿਰਦੇਸ਼ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਮੈਂਬਰ ਅਤੇ ਛਾਤੀ ਦੇ ਮਾਹਿਰ ਡਾ. ਰਜਨੀਸ਼ ਸ਼ਰਮਾ ਨੇ ਕਿਹਾ ਕਿ ਜਿਸ ਤਰ੍ਹਾਂ ਸਿਹਤ ਵਿਭਾਗ ਵੱਲੋਂ ਸਵਾਈਨ ਫਲੂ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਸੇ ਤਰ੍ਹਾਂ ਵਿਭਾਗ ਨੂੰ ਸਰਦੀਆਂ ਵਿਚ ਖਾਸ ਕਰ ਕੇ ਖੰਘ, ਜ਼ੁਕਾਮ ਅਤੇ ਬੁਖਾਰ ਹੋਣ ’ਤੇ ਵੀ ਵਿਸ਼ੇਸ਼ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ ਅਤੇ ਵੱਡੀ ਗਿਣਤੀ ਵਿਚ ਆਉਣ ਵਾਲੇ ਮਰੀਜ਼ਾਂ ਦੀ ਜਾਂਚ ਲਈ ਦਿਸ਼ਾ-ਨਿਰਦੇਸ਼ ਜਾਰੀ ਕਰ ਕੇ ਜਾਗਰੂਕਤਾ ਮੁਹਿੰਮ ਚਲਾਉਣੀ ਚਾਹੀਦੀ ਹੈ, ਕਿਉਂਕਿ ਇਹ ਵਾਇਰਸ ਇਕ ਵਿਅਕਤੀ ਤੋਂ ਦੂਜੇ ਵਿਅਕਤੀ ਵਿਚ ਆਸਾਨੀ ਨਾਲ ਫੈਲਦਾ ਹੈ। ਸਰਕਾਰ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿਹਤ ਵਿਭਾਗ ਨੂੰ ਤੁਰੰਤ ਕੰਮ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8