ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਆਬਾਦੀ ਚਿੰਤਾ ਦਾ ਵਿਸ਼ਾ, ਲੋਕ ਪ੍ਰੇਸ਼ਾਨ

Thursday, May 14, 2026 - 04:54 PM (IST)

ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਆਬਾਦੀ ਚਿੰਤਾ ਦਾ ਵਿਸ਼ਾ, ਲੋਕ ਪ੍ਰੇਸ਼ਾਨ

ਤਰਨਤਾਰਨ (ਵਾਲੀਆ)- ਪੰਜਾਬ ਵਿੱਚ ਅਵਾਰਾ ਕੁੱਤਿਆਂ ਦੇ ਕੱਟਣ ਕਾਰਨ ਰੈਬੀਜ਼ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਸਮੇਂ ਸਿਰ ਇਲਾਜ ਨਾ ਮਿਲਣ ਕਾਰਨ ਕਈ ਲੋਕ ਆਪਣੀ ਜਾਨ ਗੁਆ ਬੈਠਦੇ ਹਨ। ਅਕਸਰ ਅਖ਼ਬਾਰਾਂ ਦੀਆਂ ਸੁਰਖੀਆਂ ਵਿੱਚ ਅਜਿਹੀਆਂ ਖ਼ਬਰਾਂ ਵੇਖਣ ਨੂੰ ਮਿਲਦੀਆਂ ਹਨ, ਜਿੱਥੇ ਅਵਾਰਾ ਕੁੱਤਿਆਂ ਵੱਲੋਂ ਛੋਟੇ ਬੱਚਿਆਂ ’ਤੇ ਹਮਲੇ ਕੀਤੇ ਜਾਂਦੇ ਹਨ। ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਅਵਾਰਾ ਕੁੱਤਿਆਂ ਦੀ ਵੱਧ ਰਹੀ ਗਿਣਤੀ ਨੂੰ ਕਾਬੂ ਕਰਨ ਲਈ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਜਾ ਰਹੇ, ਜਿਸ ਕਾਰਨ ਲੋਕਾਂ ਦੀ ਚਿੰਤਾ ਵਧਦੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬੀਆਂ ਲਈ ਖੁਸ਼ਖਬਰੀ: ਅੱਜ ਤੋਂ ਅੰਮ੍ਰਿਤਸਰ 'ਚ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਸ਼ੁਰੂ

ਇੱਥੇ ਇਹ ਵੀ ਦੱਸਣਾ ਯੋਗ ਹੈ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਵੀ ਸੂਬਾ ਸਰਕਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸਕੂਲਾਂ, ਕਾਲਜਾਂ ਅਤੇ ਹੋਰ ਜਨਤਕ ਸਥਾਨਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਉਣ ਲਈ ਯੋਗ ਕਦਮ ਚੁੱਕੇ ਜਾਣ, ਪਰ ਹਾਲੇ ਤੱਕ ਇਸ ਸਬੰਧੀ ਕੋਈ ਢੁੱਕਵੀਂ ਕਾਰਵਾਈ ਨਹੀਂ ਹੋ ਸਕੀ।ਤਰਨਤਾਰਨ ਸ਼ਹਿਰ ਦੀਆਂ ਗਲੀਆਂ ਅਤੇ ਮੁਹੱਲਿਆਂ ਵਿੱਚ ਅਵਾਰਾ ਕੁੱਤੇ ਆਮ ਘੁੰਮਦੇ ਵੇਖੇ ਜਾ ਸਕਦੇ ਹਨ। ਇਹ ਕੁੱਤੇ ਅਕਸਰ ਲੋਕਾਂ ਨੂੰ ਘੇਰ ਲੈਂਦੇ ਹਨ ਅਤੇ ਕਈ ਵਾਰ ਵੱਢ ਵੀ ਲੈਂਦੇ ਹਨ, ਜਿਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਜੇਕਰ ਕੁੱਤੇ ਦੇ ਵੱਢਣ ਤੋਂ ਬਾਅਦ ਸਮੇਂ ਸਿਰ ਐਂਟੀ-ਰੈਬੀਜ਼ ਟੀਕੇ ਨਾ ਲਗਵਾਏ ਜਾਣ ਤਾਂ ਪੀੜਤ ਦੀ ਜਾਨ ਨੂੰ ਖਤਰਾ ਹੋ ਸਕਦਾ ਹੈ। ਪੰਜਾਬ ਵਿੱਚ ਅਵਾਰਾ ਕੁੱਤਿਆਂ ਵੱਲੋਂ ਬੱਚਿਆਂ ਅਤੇ ਹੋਰ ਲੋਕਾਂ ’ਤੇ ਹਮਲਿਆਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਇਸ ਸਬੰਧੀ ਸਮਾਜ ਸੇਵਕ ਅਤੇ ਸਾਬਕਾ ਕੌਂਸਲਰ ਸਵਿੰਦਰ ਸਿੰਘ ਅਰੋੜਾ, ਲੋਕ ਲਹਿਰ ਪਾਰਟੀ ਦੇ ਪ੍ਰਧਾਨ ਗੁਰਜੀਤ ਸਿੰਘ ਅਰੋੜਾ, ਸਾਬਕਾ ਕੌਂਸਲਰ ਡਾ. ਸੁਖਦੇਵ ਸਿੰਘ ਲੌਹਕਾ ਅਤੇ ਕਸ਼ਮੀਰ ਸਿੰਘ ਸੰਘਾ ਨੇ ਕਿਹਾ ਕਿ ਤਰਨਤਾਰਨ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਦਿਨੋਂ-ਦਿਨ ਵੱਧ ਰਹੀ ਹੈ, ਜਿਸ ਕਾਰਨ ਲੋਕ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਹ ਕੁੱਤੇ ਰਾਹ ਜਾਂਦੇ ਲੋਕਾਂ ਨੂੰ ਘੇਰ ਲੈਂਦੇ ਹਨ ਅਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਵੇਰੇ ਧਾਰਮਿਕ ਸਥਾਨਾਂ ’ਤੇ ਜਾਣ ਵਾਲੇ ਸ਼ਰਧਾਲੂਆਂ ਅਤੇ ਸੈਰ ਕਰਨ ਵਾਲੇ ਲੋਕਾਂ ਨੂੰ ਵੀ ਅਵਾਰਾ ਕੁੱਤੇ ਘੇਰ ਲੈਂਦੇ ਹਨ। ਇਸ ਤੋਂ ਇਲਾਵਾ ਛੋਟੇ ਬੱਚੇ ਵੀ ਇਨ੍ਹਾਂ ਦੇ ਡਰ ਕਾਰਨ ਘਰਾਂ ਤੋਂ ਬਾਹਰ ਨਿਕਲਣ ਤੋਂ ਘਬਰਾਉਂਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਵਾਰਾ ਕੁੱਤੇ ਪਸ਼ੂਆਂ ਨੂੰ ਵੀ ਆਪਣਾ ਸ਼ਿਕਾਰ ਬਣਾਉਂਦੇ ਹਨ ਅਤੇ ਕਈ ਵਾਰ ਸੜਕਾਂ ’ਤੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਂਦੇ ਵੇਖੇ ਜਾਂਦੇ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5 ਕਰੋੜ ਦਾ ਗਾਂਜਾ ਜ਼ਬਤ

ਉਨ੍ਹਾਂ ਨਗਰ ਕੌਂਸਲ ਤਰਨਤਾਰਨ ਤੋਂ ਮੰਗ ਕੀਤੀ ਕਿ ਅਵਾਰਾ ਕੁੱਤਿਆਂ ਦੀ ਵੱਧ ਰਹੀ ਆਬਾਦੀ ਨੂੰ ਕਾਬੂ ਕਰਨ ਲਈ ਜਲਦ ਤੋਂ ਜਲਦ ਨਸਬੰਦੀ ਮੁਹਿੰਮ ਚਲਾਈ ਜਾਵੇ, ਤਾਂ ਜੋ ਭਵਿੱਖ ਵਿੱਚ ਕਿਸੇ ਵੀ ਅਣਚਾਹੀ ਘਟਨਾ ਤੋਂ ਬਚਿਆ ਜਾ ਸਕੇ।ਇਸ ਸਬੰਧੀ ਨਗਰ ਕੌਂਸਲ ਦੇ ਈ.ਓ. ਰਣਦੀਪ ਸਿੰਘ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਅਵਾਰਾ ਕੁੱਤਿਆਂ ਦੀ ਰੋਕਥਾਮ ਲਈ ਨਗਰ ਕੌਂਸਲ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਜਲਦ ਹੀ ਅਵਾਰਾ ਕੁੱਤਿਆਂ ਦੀ ਨਸਬੰਦੀ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News