ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ
Sunday, Apr 09, 2023 - 10:42 AM (IST)
ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਭਾ ਰਿਆਸਤ ਦੇ ਮਹਾਰਾਜਾ ਰਿਪੁਦਮਨ ਸਿੰਘ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਸੁਸ਼ੋਭਿਤ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।ਮਹਾਰਾਜਾ ਰਿਪੁਦਮਨ ਸਿੰਘ ਨੇ ਪੰਥਕ ਸੋਚ ’ਤੇ ਪਹਿਰਾ ਦਿੰਦਿਆਂ ਆਪਣੇ ਜੀਵਨ ਅੰਦਰ ਕਈ ਅਹਿਮ ਕਾਰਜ ਕੀਤੇ ਸਨ। ਉਨ੍ਹਾਂ ਨੇ ਸੰਨ੍ਹ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਸਾਕਾ ਸ੍ਰੀ ਨਨਕਾਣਾ ਸਾਹਿਬ ਸਮੇਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਵੀ ਮਹਾਰਾਜਾ ਨਾਭਾ ਸ਼ਾਮਲ ਸਨ। ਉਨ੍ਹਾਂ ਦੀਆਂ ਪੰਥਕ ਸੇਵਾਵਾਂ ਬਦਲੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਉਨ੍ਹਾਂ ਦੀ ਤਸਵੀਰ ਨੂੰ ਥਾਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਲੜੇਗਾ ਜਲੰਧਰ ਦੀ ਜ਼ਿਮਨੀ ਚੋਣ : ਸੁਖਬੀਰ ਬਾਦਲ
ਤਸਵੀਰ ਸੁਸ਼ੋਭਿਤ ਕਰਨ ਸਬੰਧੀ ਰੱਖੇ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦਾ ਪੰਥਕ ਸੇਵਾਵਾਂ ਵਿਚ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੀ ਤਾਜ਼ਪੋਸ਼ੀ ਦੌਰਾਨ ਮਹਾਰਾਜਾ ਰਿਪੁਦਮਨ ਸਿੰਘ ਨੇ ਅੰਗਰੇਜ਼ਾਂ ਦੀਆਂ ਰਵਾਇਤਾਂ ਦੀ ਥਾਂ ਗੁਰਮਤਿ ਦੀ ਵਿਧੀ ਨੂੰ ਤਰਜੀਹ ਦਿੱਤੀ ਅਤੇ ਇਸੇ ਤਰ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਰੋਸ ਵਜੋਂ ਕਾਲੀ ਦਸਤਾਰ ਸਜਾਉਣ ਦੇ ਨਾਲ-ਨਾਲ ਅਰਦਾਸ ਵਾਲੇ ਦਿਨ ਨਾਭਾ ਰਿਆਸਤ ’ਚ ਛੁੱਟੀ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਨਿੱਜੀ ਸਕੂਲ 'ਚ ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਵਿਦਿਆਰਥੀ ਨੇ ਤੋੜਿਆ ਦਮ
ਇਸ ਮੌਕੇ ਮਹਾਰਾਜਾ ਰਿਪੁਦਮਨ ਸਿੰਘ ਦੇ ਪਰਿਵਾਰ ਵਿੱਚੋਂ ਬੀਬੀ ਪ੍ਰੀਤੀ ਸਿੰਘ ਨੇ ਕਿਹਾ ਕਿ ਸਾਨੂੰ ਆਪਣੇ ਪੁਰਖਿਆ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਕਾਲੇ ਪਾਣੀ ਦੀ ਸਜ਼ਾ ਤਾਂ ਪ੍ਰਵਾਨ ਕੀਤੀ, ਪਰ ਅੰਗਰੇਜ਼ਾਂ ਨੂੰ ਮੁਆਫ਼ੀਨਾਮਾ ਨਹੀਂ ਲਿਖ ਕੇ ਦਿੱਤਾ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸਿੱਖ ਵਿਦਵਾਨ ਗਿਆਨ ਸਿੰਘ ਸੰਧੂ ਕੈਨੇਡਾ, ਜਤਿੰਦਰਪਾਲ ਸਿੰਘ ਅਮਰੀਕਾ, ਸ਼੍ਰੋਮਣੀ ਕਮੇਟੀ ਸਕੱਤਰ ਪ੍ਰਤਾਪ ਸਿੰਘ ਅਤੇ ਮਹਾਰਾਜਾ ਰਿਪੁਦਮਨ ਸਿੰਘ ਦੇ ਪੜਪੋਤੇ ਯੁਵਰਾਜ ਅਭੀ ਉਦੈਪ੍ਰਤਾਪ ਸਿੰਘ ਨੇ ਵੀ ਸੰਬੋਧਨ ਕੀਤਾ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।