ਸ਼੍ਰੋਮਣੀ ਕਮੇਟੀ ਨੇ ਸਿੱਖ ਤੇ ਸਿੰਧੀ ਸਮਾਜ ’ਚ ਪਾੜਾ ਪਾਉਣ ਵਾਲੀਆਂ ਕਾਰਵਾਈਆਂ ਨੂੰ ਰੋਕਣ ਦੀ ਸਰਕਾਰ ਨੂੰ ਕੀਤੀ ਅਪੀਲ

Saturday, Feb 18, 2023 - 12:29 PM (IST)

ਸ਼੍ਰੋਮਣੀ ਕਮੇਟੀ ਨੇ ਸਿੱਖ ਤੇ ਸਿੰਧੀ ਸਮਾਜ ’ਚ ਪਾੜਾ ਪਾਉਣ ਵਾਲੀਆਂ ਕਾਰਵਾਈਆਂ ਨੂੰ ਰੋਕਣ ਦੀ ਸਰਕਾਰ ਨੂੰ ਕੀਤੀ ਅਪੀਲ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਧੀ ਸਮਾਜ ਦੇ ਮਾਮਲੇ ਸਬੰਧੀ ਸਥਾਨਕ ਸਿੱਖਾਂ ਅਤੇ ਸਿੰਧੀ ਸਮਾਜ ਦੇ ਆਗੂਆਂ ਨਾਲ ਗੱਲਬਾਤ ਕਰਨ ਲਈ ਇਕ ਉੱਚ ਪੱਧਰੀ ਵਫ਼ਦ ਇੰਦੌਰ ਭੇਜਿਆ ਗਿਆ ਸੀ। ਜਿਸ ਨੇ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜੇ ਗਏ ਇਸ ਵਫ਼ਦ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ ਆਦਿ ਸ਼ਾਮਲ ਸਨ।

ਇਹ ਵੀ ਪੜ੍ਹੋ- BSF ਨੇ ਸਰਹੱਦ ਤੋਂ ਫੜ੍ਹੀ ਹੈਰੋਇਨ ਦੀ ਵੱਡੀ ਖੇਪ, ਹਥਿਆਰ ਵੀ ਕੀਤੇ ਬਰਾਮਦ   

ਵਫ਼ਦ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਇੰਦੌਰ ਵਿਖੇ ਸਿੰਧੀ ਸਿੱਖ ਪਰਿਵਾਰਾਂ ਦੇ ਘਰਾਂ ਅਤੇ ਉਨ੍ਹਾਂ ਵੱਲੋਂ ਸਥਾਪਤ ਕੀਤੇ ਅਸਥਾਨਾਂ ਤੋਂ ਕੁਝ ਲੋਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਦੀ ਗੰਭੀਰਤਾ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਵਫ਼ਦ ਨੇ ਇੰਦੌਰ ਵਿਖੇ ਜਿਥੇ ਸਿੱਖ ਆਗੂਆਂ ਨਾਲ ਵਿਚਾਰਾਂ ਕਰ ਕੇ ਘਟਨਾਵਾਂ ਦੀ ਜਾਣਕਾਰੀ ਲਈ, ਉੱਥੇ ਹੀ ਸਿੰਧੀ ਸਮਾਜ ਦੇ ਆਗੂਆਂ ਨਾਲ ਵੀ ਸੁਖਾਂਵੇਂ ਮਾਹੌਲ ਵਿਚ ਗੱਲਬਾਤ ਕੀਤੀ।

ਉਨ੍ਹਾਂ ਦੱਸਿਆ ਕਿ ਵਫ਼ਦ ਨੇ ਮਹਿਸੂਸ ਕੀਤਾ ਕਿ ਸਿੰਧੀ ਸਮਾਜ ਸਿੱਖ ਗੁਰੂ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਬੇਹੱਦ ਸਤਿਕਾਰ ਕਰਦਾ ਹੈ, ਇਸ ਲਈ ਇਨ੍ਹਾਂ ਨੂੰ ਨਾਲ ਜੋੜੀ ਰੱਖਣ ਲਈ ਵਿਸ਼ੇਸ਼ ਯਤਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੰਦੌਰ ਦੌਰੇ ਦੌਰਾਨ ਇਹ ਵੀ ਵੇਖਣ ਨੂੰ ਮਿਲਿਆ ਕਿ ਸਿੰਧੀ ਸਮਾਜ 'ਚ ਦੋ ਵਿਚਾਰਧਾਰਾ ਵਾਲੇ ਲੋਕ ਹਨ, ਇਕ ਉਹ ਹਨ ਜੋ ਸਨਾਤਨ ਰਸਮਾਂ ਰੀਤਾਂ ਨੂੰ ਮੰਨਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕਰਦੇ ਹਨ, ਜਦਕਿ ਦੂਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਮੁਕੰਮਲ ਸ਼ਰਧਾ ਰੱਖਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਨ ਦੀ ਇਕ ਮਰਿਆਦਾ ਹੈ, ਜਿਸ ਨੂੰ ਲਾਗੂ ਕਰਵਾਉਣ ਦੀ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ- ਪਾਕਿ ਡਰੋਨ ਨੇ ਫ਼ਿਰ ਇਕ ਵਾਰ ਭਾਰਤ 'ਚ ਦਿੱਤੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ

ਇਸ ਵਾਸਤੇ ਜਿਹੜੇ ਗੁਰੂ ਘਰ ਦੀ ਮਰਿਆਦਾ ਦਾ ਪਾਲਣ ਕਰਨ ਲਈ ਵਚਨਬੱਧ ਹਨ, ਉਨ੍ਹਾਂ ਨੂੰ ਨਾਲ ਜੋੜ ਕੇ ਦੂਸਰਿਆਂ ਨੂੰ ਵੀ ਮਰਿਆਦਾ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਦੇ ਨਾਲ-ਨਾਲ ਸਿੰਘ ਸਭਾਵਾਂ ਅਤੇ ਸਿੱਖ ਮਰਿਆਦਾ ਨੂੰ ਮੰਨਣ ਵਾਲੇ ਸਿੰਧੀਆਂ ਨੂੰ ਨਾਲ ਲੈ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਬਾਰੇ ਪ੍ਰੇਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਦੁਆਰਾ ਇਮਲੀ ਸਾਹਿਬ ਵਿਖੇ ਆਏ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਵਿਚ ਬਹੁਤ ਸਾਰੇ ਸਰੂਪ ਬਿਰਦ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਿਆਉਣ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨਾਲ ਸੇਵਾ ਕਰਨ ਵਾਲਿਆਂ ਲਈ ਲੋੜ ਅਨੁਸਾਰ ਸਰੂਪ ਪਹੁੰਚਾਉਣ ਦਾ ਵੀ ਪ੍ਰਬੰਧ ਕੀਤਾ ਜਾਵੇਗਾ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News