ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

Sunday, Apr 30, 2023 - 11:06 AM (IST)

ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਇਕ ਸੁੰਦਰ ਸਚਿੱਤਰ ਪੁਸਤਕ ਛਾਪਣ ਅਤੇ ਸਿੱਖ ਧਰਮ ਇਤਿਹਾਸ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਸਬੰਧੀ ਅਹਿਮ ਫ਼ੈਸਲੇ ਕੀਤੇ ਹਨ। ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਸਿੱਖ ਇਤਿਹਾਸ ਰੀਸਰਚ ਬੋਰਡ ਦੀ ਇਕੱਤਰਤਾ ਦੌਰਾਨ ਭਵਿੱਖੀ ਖੋਜ ਕਾਰਜਾਂ ’ਚ ਜੈਤੋ ਦੇ ਮੋਰਚੇ ਦੀ ਪਹਿਲੀ ਸ਼ਤਾਬਦੀ ਮੌਕੇ ਖੋਜ ਭਰਪੂਰ ਪੁਸਤਕ ਤਿਆਰ ਕਰਨ, ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਸੰਗ੍ਰਹਿਤ ਕਰਨ ਸਮੇਤ ਬੀਤੇ ਸਮੇਂ ਅੰਦਰ ਪ੍ਰਕਾਸ਼ਿਤ ਕੀਤੇ ਅਹਿਮ ਦਸਤਾਵੇਜ਼ਾਂ ਨੂੰ ਮੁੜ ਛਾਪਣ ਦੀ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਇਕੱਤਰਤਾ ਦੇ ਫ਼ੈਸਲਿਆਂ ਸਬੰਧੀ ਐਡਵੋਕੇਟ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਇਥੇ ਦੇ ਅਸਥਾਨਾਂ ਬਾਰੇ ਇਕ ਅਹਿਮ ਦਸਤਾਵੇਜ਼ੀ ਪੁਸਤਕ ਤਿਆਰ ਕੀਤੀ ਜਾਵੇਗੀ। ਇਸ ’ਚ ਇਤਿਹਾਸਕ ਵੇਰਵਿਆਂ ਅਤੇ ਹਵਾਲਿਆਂ ਤੋਂ ਇਲਾਵਾ ਵੱਖ-ਵੱਖ ਤਸਵੀਰਾਂ ਵੀ ਦਰਜ ਕੀਤੀਆਂ ਜਾਣਗੀਆਂ। ਇਹ ਯਾਦਗਾਰੀ ਪੁਸਤਕ ਅੰਗਰੇਜ਼ੀ ਭਾਸ਼ਾ ’ਚ ਹੋਵੇਗੀ, ਜੋ ਇਥੇ ਪੁੱਜਣ ਵਾਲੀਆਂ ਮੁੱਖ ਸ਼ਖਸੀਅਤਾਂ ਨੂੰ ਦੇਣ ਤੋਂ ਇਲਾਵਾ ਦੇਸ਼-ਵਿਦੇਸ਼ ਦੀਆਂ ਅਹਿਮ ਥਾਵਾਂ ’ਤੇ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਸ਼੍ਰੋਮਣੀ ਕਮੇਟੀ ਦਾ 100 ਸਾਲਾ ਇਤਿਹਾਸ ਕਲਮਬੱਧ ਕਰਨ ਦਾ ਵੀ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 50 ਸਾਲਾ ਇਤਿਹਾਸ ਸ਼੍ਰੋਮਣੀ ਕਮੇਟੀ ਵੱਲੋਂ ਸੰਗ੍ਰਹਿਤ ਕੀਤਾ ਗਿਆ ਸੀ। ਹੁਣ ਸ਼੍ਰੋਮਣੀ ਕਮੇਟੀ ਆਪਣਾ 100 ਸਾਲਾ ਸਫ਼ਰ ਤੈਅ ਕਰ ਚੁੱਕੀ ਹੈ ਅਤੇ ਇਸ ਦੌਰਾਨ ਲਏ ਅਹਿਮ ਫ਼ੈਸਲਿਆਂ, ਪੰਥਕ ਕਾਰਜਾਂ ਅਤੇ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ।

ਇਹ ਵੀ ਪੜ੍ਹੋ- ਇਟਲੀ ਤੋਂ ਆਈ ਦੁਖਦ ਖ਼ਬਰ: ਤਰਨਤਾਰਨ ਦੇ ਨੌਜਵਾਨ ਨਾਲ ਵਾਪਰਿਆ ਭਾਣਾ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ’ਚ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਕਈ ਅਹਿਮ ਖੋਜ ਕਾਰਜ ਕੀਤੇ ਗਏ ਸਨ, ਜਿਨ੍ਹਾਂ ’ਚ ‘ਇਤਿਹਾਸਕ ਪੱਤਰ’ ਨਾਂ ਦਾ ਖੋਜ ਪਰਚਾ ਵੀ ਸ਼ਾਮਲ ਹੈ। ਇਸ ਖੋਜ ਪਰਚੇ ਦੇ ਪੁਰਾਣੇ ਅੰਕ ਬੇਹੱਦ ਮਹੱਤਵਪੂਰਨ ਹਨ, ਜਿਨ੍ਹਾਂ ਨੂੰ ਮੁੜ ਪ੍ਰਕਾਸ਼ਿਤ ਕੀਤਾ ਜਾਵੇਗਾ ਅਤੇ ਇਸ ਮਗਰੋਂ ਇਸ ਦੀ ਨਵੀਂ ਲੜੀ ਅੱਗੇ ਵਧਾਉਣ ਬਾਰੇ ਵੀ ਵਿਚਾਰ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸੁਧਾਰ ਲਹਿਰ, ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅਤੇ ਗਦਰ ਲਹਿਰ ਬਾਰੇ ਖੋਜ ਕਾਰਜ ਵੀ ਕਰਵਾਏ ਜਾਣਗੇ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਦੇ ਜਵਾਬ ਲਈ ਸਰਗਰਮ ਮੰਚ ਸਥਾਪਤ ਕਰਨ ਲਈ ਵੀ ਕਾਰਜ ਕੀਤੇ ਜਾਣਗੇ। ਇਸ ਸਬੰਧੀ 3 ਮੈਂਬਰੀ ਕਮੇਟੀ ਬਣਾਈ ਗਈ ਹੈ, ਜੋ ਰੂਪ ਰੇਖਾ ਤਿਆਰ ਕਰੇਗੀ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News