ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਲਈ 1984 ਦਾ ਸਿੱਖ ਕਤਲੇਆਮ ਵੱਡਾ ਕਲੰਕ : ਗਿਆਨੀ ਰਘਬੀਰ ਸਿੰਘ

Sunday, Nov 05, 2023 - 11:17 AM (IST)

ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਲਈ 1984 ਦਾ ਸਿੱਖ ਕਤਲੇਆਮ ਵੱਡਾ ਕਲੰਕ : ਗਿਆਨੀ ਰਘਬੀਰ ਸਿੰਘ

ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਵੰਬਰ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ 39 ਵਰ੍ਹੇ ਪੂਰੇ ਹੋਣ ’ਤੇ ਆਖਿਆ ਕਿ ਦੁਨੀਆ ਦੇ ਵੱਡੇ ਲੋਕਤੰਤਰ ਹੋਣ ਦਾ ਦਾਅਵਾ ਕਰਨ ਵਾਲੇ ਭਾਰਤ ਦੇਸ਼ ’ਚ ਨਵੰਬਰ ’84 ਦਾ ਕਤਲੇਆਮ ਇਕ ਵੱਡਾ ਕਲੰਕ ਹੈ, ਜਿਸ ਨੂੰ ਧੋਣ ਵਾਸਤੇ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਕੁਝ ਨਹੀਂ ਕੀਤਾ।

 ਇਹ ਵੀ ਪੜ੍ਹੋ- ਸ਼ਰਾਬ ਦੇ ਘੁੱਟ ਪਿੱਛੇ ਭਤੀਜੇ ਨੇ ਗਲ ਘੁੱਟ ਕੇ ਮਾਰਿਆ ਤਾਇਆ, ਘਰ 'ਚ ਪਿਆ ਚੀਕ ਚਿਹਾੜਾ

ਉਨ੍ਹਾਂ ਆਖਿਆ ਕਿ ਨਵੰਬਰ 1984 ਦਾ ਸਿੱਖ ਕਤਲੇਆਮ ਇਕ ਨਸਲਕੁਸ਼ੀ ਸੀ ਅਤੇ ਸਿੱਖ ਕੌਮ ਇਸ ਨੂੰ ਪਹਿਲੇ ਅਤੇ ਦੂਜੇ ਘੱਲੂਘਾਰਿਆਂ ਵਾਂਗ ਹੀ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਹਾਲਾਤ ਅਤੇ ਘਟਨਾਵਾਂ ਇਕ ਨਸਲਕੁਸ਼ੀ ਵਜੋਂ ਸੰਯੁਕਤ ਰਾਸ਼ਟਰ ਦੀ ਤੈਅ ਕੀਤੀ ਪਰਿਭਾਸ਼ਾ ’ਤੇ ਪੂਰੀ ਤਰ੍ਹਾਂ ਢੁੱਕਦੀਆਂ ਹਨ, ਜਿਨ੍ਹਾਂ ਮੁਤਾਬਕ ਕਿਸੇ ਫਿਰਕੇ, ਧਰਮ ਤੇ ਰੰਗ-ਨਸਲ ਦੇ ਲੋਕਾਂ ਨੂੰ ਸਰੀਰਕ ਤੌਰ ’ਤੇ ਕਤਲ ਕਰਨ ਅਤੇ ਉਨ੍ਹਾਂ ਦੇ ਜੀਣ ਦੀਆਂ ਸੰਭਾਵਨਾਵਾਂ ਨੂੰ ਤਬਾਹ ਕਰ ਦੇਣ ਦਾ ਅਮਲ ਨਸਲਕੁਸ਼ੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੰਬਰ ‘84 ਵਿਚ ਸਮੂਹਿਕ ਕਤਲੇਆਮ ਲਈ ਸਿੱਖਾਂ ਦੇ ਘਰਾਂ ਦੀ ਨਿਸ਼ਾਨਦੇਹੀ ਕਰਨ ਵਿਚ ਵੋਟਰ ਸੂਚੀਆਂ ਦੀ ਵਰਤੋਂ ਕਰਨਾ ਅਤੇ ਪੁਲਿਸ ਵਲੋਂ ਸਿੱਖਾਂ ਵਿਰੁੱਧ ਹਿੰਸਾ ਦੌਰਾਨ ਮੂਕ ਬਣੇ ਰਹਿਣਾ ਸਿੱਖ ਨਸਲਕੁਸ਼ੀ ਦੇ ਪ੍ਰਤੱਖ ਪ੍ਰਮਾਣ ਹਨ।

 ਇਹ ਵੀ ਪੜ੍ਹੋ- ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦੇ ਲੰਗਰ 'ਚ ਬਣਨਗੀਆਂ ਭਾਰਤੀ ਸਬਜ਼ੀਆਂ, ਕੇਂਦਰ ਦੀ ਵੱਡੀ ਪਹਿਲਕਦਮੀ

ਗਿਆਨੀ ਰਘਬੀਰ ਸਿੰਘ ਨੇ ਹੁਣੇ-ਹੁਣੇ ਹੀ ਸਕਾਟਲੈਂਡ ਦੀ ਪਾਰਲੀਮੈਂਟ ਵਿਚ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਨੂੰ ‘ਸਿੱਖ ਵਿਰੋਧੀ ਹਿੰਸਾ’ ਵਜੋਂ ਮਾਨਤਾ ਦੇਣ ’ਤੇ ਸਕਾਟਲੈਂਡ ਸਰਕਾਰ ਦਾ ਧੰਨਵਾਦ ਕਰਦਿਆਂ ਵੀ ਆਖਿਆ ਕਿ ਸਿੱਖਾਂ ਨਾਲ ਵਾਪਰੇ ਇਸ ਤੀਜੇ ਘੱਲੂਘਾਰੇ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਹੋਰਨਾਂ ਦੇਸ਼ਾਂ ਨੂੰ ਵੀ ਅਜਿਹੀ ਪਹਿਲਕਦਮੀ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਚੰਗੀ ਜਮਹੂਰੀਅਤ ਅਤੇ ਮਨੁੱਖਤਾਵਾਦੀ ਸੋਚ ਦਾ ਪ੍ਰਗਟਾਵਾ ਕਰਦਿਆਂ ਜਿੱਥੇ ਸਿੱਖਾਂ ਦੇ ਕਾਤਲਾਂ ਨੂੰ ਫਾਹੇ ਟੰਗਣਾ ਚਾਹੀਦਾ ਸੀ, ਉਥੇ ਪਾਰਲੀਮੈਂਟ ਵਿਚ ਸਿੱਖ ਨਸਲਕੁਸ਼ੀ ਦਾ ਮਤਾ ਲਿਆਉਣਾ ਚਾਹੀਦਾ ਸੀ। 

 ਇਹ ਵੀ ਪੜ੍ਹੋ-  ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 22 ਸਾਲਾ ਨੌਜਵਾਨ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News