ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਮਾਗਮਾਂ ਲਈ ਸਹਿਯੋਗੀ ਕਮੇਟੀ ਹੋਈ ਕਾਰਜਸ਼ੀਲ
Friday, Dec 23, 2022 - 12:08 PM (IST)
ਅੰਮ੍ਰਿਤਸਰ (ਜ.ਬ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਹਿਯੋਗ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਬੈਠਕ ਕਰ ਕੇ ਵਿਚਾਰ-ਵਟਾਂਦਰਾ ਕੀਤਾ। ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਕਾਂ ਅਤੇ ਜਥੇਦਾਰ ਸਾਹਿਬਾਨ ਦਾ ਮਾਮਲਾ ਵਿਚਾਰਨ ਮਗਰੋਂ ਇਹ ਕਮੇਟੀ ਗਠਿਤ ਕੀਤੀ ਸੀ।
ਇਹ ਵੀ ਪੜ੍ਹੋ- ਅੰਮ੍ਰਿਤਸਰ ਸੈਕਟਰ 'ਚ ਫਿਰ ਪਾਕਿ ਡਰੋਨ ਦੀ ਦਸਤਕ, BSF ਦੇ ਜਵਾਨਾਂ ਨੇ ਫ਼ਾਇਰਿੰਗ ਕਰ ਹੇਠਾਂ ਸੁੱਟਿਆ
ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਅੱਜ ਹੋਈ ਇਕੱਤਰਤਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਸਵੇਂ ਪਾਤਸ਼ਾਹ ਜੀ ਦਾ ਤਖ਼ਤ ਸ੍ਰੀ ਪਟਨਾ ਸਾਹਿਬ ਜੀ ਵਿਖੇ 29 ਦਸੰਬਰ ਨੂੰ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸਾਰੀਆਂ ਧਿਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਾਇਮ ਕੀਤੀ ਗਈ ਸਹਿਯੋਗੀ ਕਮੇਟੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਗ੍ਰੰਥੀ ਸਾਹਿਬਾਨ ਨਾਲ ਘਰੋਂ-ਘਰੀ ਜਾ ਕੇ ਵੀ ਵਿਚਾਰ ਵਟਾਂਦਰਾ ਕਰੇਗੀ, ਤਾਂ ਜੋ ਪ੍ਰਕਾਸ਼ ਗੁਰਪੁਰਬ ਦੇ ਸਮਾਗਮ ਰਵਾਇਤ ਅਨੁਸਾਰ ਚੜ੍ਹਦੀ ਕਲਾ ਵਿਚ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਕਮੇਟੀ ਦੇ ਮੈਂਬਰ ਕੇਵਲ ਸਹਿਯੋਗ ਕਰਨ ਲਈ ਹਨ, ਨਾ ਕਿ ਇਸ ਕਮੇਟੀ ਵੱਲੋਂ ਕੋਈ ਸਿੱਧਾ ਦਖ਼ਲ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ 5 ਸਾਲ ਦੇ ਬੱਚੇ ਨਾਲ ਜੋ ਹੋਇਆ ਸੁਣ ਕੰਬ ਜਾਵੇਗੀ ਰੂਹ, ਪੈਸੇ ਦੇ ਕੇ ਮਾਮਲਾ ਦਬਾਉਣ ਦੀ ਕੋਸ਼ਿਸ਼
ਭਾਈ ਗਰੇਵਾਲ ਅਨੁਸਾਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੌਜੂਦਾ ਪ੍ਰਬੰਧਕਾਂ, ਸਥਾਨਕ ਸਿੱਖ ਆਗੂਆਂ, ਸਭਾ-ਸੋਸਾਇਟੀਆਂ, ਸਰਕਾਰ ਦੇ ਨੁਮਾਇੰਦਿਆਂ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੀਆਂ ਜਥੇਬੰਦੀਆਂ ਪਹਿਲਾਂ ਦੀ ਤਰ੍ਹਾਂ ਹੀ ਇਸ ਵਾਰ ਵੀ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿਚ ਸਦਭਾਵਨਾ ਨਾਲ ਕਾਰਜ ਕਰਨਗੀਆਂ ਅਤੇ ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਸਹਿਯੋਗੀ ਕਮੇਟੀ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵੇਗੀ।
ਇਹ ਵੀ ਪੜ੍ਹੋ- ਹਵਾਈ ਯਾਤਰੀ ਜ਼ਰੂਰ ਪੜ੍ਹਨ ਇਹ ਖ਼ਬਰ, ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਲਿਆ ਵੱਡਾ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।