ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Monday, Sep 21, 2026 - 02:52 PM (IST)
ਗੁਰਦਾਸਪੁਰ(ਗੋਰਾਇਆ)- ਥਾਣਾ ਬਹਿਰਾਮਪੁਰ ਇਲਾਕੇ ਦੇ ਪਿੰਡਾਂ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਬੀਤੀ ਰਾਤ ਪਿੰਡ ਪਸਿਆਲ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਇਆ ਗਿਆ। ਚੋਰ ਸਕੂਲ ਅੰਦਰ ਦਾਖਲ ਹੋ ਕੇ ਸਾਮਾਨ ਤੇ ਮਿਡ ਡੇ ਮੀਲ ਦਾ ਰਾਸ਼ਨ ਚੋਰੀ ਕਰਕੇ ਫਰਾਰ ਹੋ ਗਏ।
ਸਕੂਲ ਦੇ ਇੰਚਾਰਜ ਵਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਸਵੇਰੇ ਜਦੋਂ ਸਕੂਲ ਪਹੁੰਚੇ ਤਾਂ ਅੰਦਰ ਚੋਰੀ ਹੋਣ ਦਾ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਚੋਰ ਸਕੂਲ ਦੇ ਅੰਦਰ ਦਾਖਲ ਹੋਏ ਅਤੇ ਸਾਮਾਨ ਚੋਰੀ ਕਰਕੇ ਲੈ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪਿੰਡ ਵਿੱਚ ਚਰਚਾ ਦਾ ਮਾਹੌਲ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਵੀ ਇਸੇ ਪਿੰਡ ਵਿੱਚ ਚੋਰੀ ਦੀ ਕੋਸ਼ਿਸ਼ ਕੀਤੀ ਗਈ ਸੀ, ਜੋ ਨਾਕਾਮ ਰਹੀ ਸੀ। ਲਗਾਤਾਰ ਵਾਪਰ ਰਹੀਆਂ ਚੋਰੀ ਦੀਆਂ ਘਟਨਾਵਾਂ ਕਾਰਨ ਪਿੰਡ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਹੈ। ਇਲਾਕਾ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਤ ਸਮੇਂ ਗਸ਼ਤ ਵਧਾਈ ਜਾਵੇ ਅਤੇ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾਣ।
