ਪੰਜਾਬ 'ਚ 1200 ਕਰੋੜ ਰੁਪਏ ਦੀ ਲਾਗਤ ਨਾਲ ਬਣਾਏ ਜਾਣਗੇ ਤਿੰਨ ਮੈਡੀਕਲ ਕਾਲਜ- ਸੋਨੀ
Saturday, Aug 15, 2020 - 05:22 PM (IST)
ਅੰਮ੍ਰਿਤਸਰ(ਜਸਵੰਤ ਸਿੰਘ ਜੱਸ) - ਸਥਾਨਕ ਗੁਰੂ ਨਾਨਕ ਸਟੇਡੀਅਮ 'ਚ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ ਸੋਨੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਿਜਦਾ ਕਰਦੇ ਐਲਾਨ ਕੀਤਾ ਕਿ ਛੇਤੀ ਹੀ ਪੰਜਾਬ 'ਚ 1200 ਕਰੋੜ ਰੁਪਏ ਦੀ ਲਾਗਤ ਨਾਲ 3 ਮੈਡੀਕਲ ਕਾਲਜ ਅਤੇ ਅੰਮ੍ਰਿਤਸਰ 'ਚ ਸਟੇਟ ਕੈਂਸਰ ਇੰਸਟੀਚਿਊਟ ਖੋਲ੍ਹੇ ਜਾਣਗੇ।
ਸ੍ਰੀ ਸੋਨੀ ਨੇ ਦੱਸਿਆ ਕਿ ਇਹ ਮੈਡੀਕਲ ਕਾਲਜ ਮੁਹਾਲੀ, ਕਪੂਰਥਲਾ ਤੇ ਹੁਸ਼ਿਆਰਪੁਰ ਵਿਚ ਖੋਲ੍ਹੇ ਜਾ ਰਹੇ ਹਨ। ਅੰਮ੍ਰਿਤਸਰ 'ਚ 120 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ ਕੈਂਸਰ ਇੰਸਟੀਚਿਊਟ ਸਥਾਪਤ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਦੇ ਗੁਰੂ ਨਾਨਕ ਸਟੇਡੀਅਮ 'ਚ ਤਿਰੰਗਾ ਲਹਿਰਾਉਣ ਮੌਕੇ ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਏਮਜ਼ ਬਠਿੰਡਾ ਨੂੰ ਵੀ ਚਾਲੂ ਕਰ ਦਿੱਤਾ ਗਿਆ ਹੈ ਅਤੇ ਇਸ 'ਚ ਐਮ ਬੀ.ਬੀ.ਐੱਸ ਦੇ ਦਾਖ਼ਲੇ ਵੀ ਸ਼ੁਰੂ ਹੋ ਚੁੱਕੇ ਹਨ। ਇਸ ਤੋਂ ਇਲਾਵਾ ਫ਼ਿਰੋਜ਼ਪੁਰ 'ਚ ਪੀ.ਜੀ.ਆਈ ਦਾ ਸੈਟੇਲਾਈਟ ਕੇਂਦਰ ਸਥਾਪਿਤ ਕਰਨ ਲਈ ਜ਼ਮੀਨ ਦਿੱਤੀ ਜਾ ਚੁੱਕੀ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਹੁਣ ਤੱਕ ਤਿੰਨ ਹੀ ਮੈਡੀਕਲ ਕਾਲਜ ਹਨ ਅਤੇ ਨਵੇਂ ਕਾਲਜ ਖੁੱਲਣ ਨਾਲ ਇਹ ਸੰਖਿਆ ਦੁੱਗਣੀ ਹੋ ਜਾਵੇਗੀ, ਜਿੱਥੇ ਬੱਚੇ ਡਾਕਟਰੀ ਦੀ ਪੜ੍ਹਾਈ ਵੀ ਕਰਨਗੇ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਵੀ ਮਿਲਣਗੀਆਂ।