ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਢਾਈ ਕਿਲੋ ਹੈਰੋਇਨ ਬਰਾਮਦ
Sunday, May 12, 2024 - 06:20 PM (IST)
![ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਢਾਈ ਕਿਲੋ ਹੈਰੋਇਨ ਬਰਾਮਦ](https://static.jagbani.com/multimedia/2024_5image_18_16_223666811untitled1.jpg)
ਤਰਨਤਾਰਨ (ਰਮਨ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿਚੋਂ ਥਾਣਾ ਵਲਟੋਹਾ ਦੀ ਪੁਲਸ ਨੇ ਕੁੱਲ ਢਾਈ ਕਿਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 12.5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ- ਸੈਰ ਕਰ ਰਹੀ ਔਰਤ ਨਾਲ ਵਾਪਰਿਆ ਭਾਣਾ, ਸੋਚਿਆ ਵੀ ਨਹੀਂ ਸੀ ਇੰਝ ਆਵੇਗੀ ਮੌਤ (ਵੀਡੀਓ)
ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸਰਹੱਦੀ ਇਲਾਕੇ ਵਿਚ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੇ ਮੁਖੀ ਸਬ ਇੰਸਪੈਕਟਰ ਸੁਨੀਤਾ ਰਾਣੀ ਵੱਲੋਂ ਸਮੇਤ ਪੁਲਸ ਪਾਰਟੀ ਪਿੰਡ ਸਕੱਤਰਾ ਵਿਖੇ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਸਲਵਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਸਕੱਤਰਾ ਨੇ ਇਤਲਾਹ ਦਿੱਤੀ ਕਿ ਉਸ ਦੇ ਖੇਤਾਂ ਵਿਚ ਇਕ ਪੈਕਟ ਡਿੱਗਾ ਹੋਇਆ ਹੈ, ਜਿਸ ਦੇ ਚੱਲਦਿਆਂ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਕ ਪੈਕਟ ਨੂੰ ਬਰਾਮਦ ਕੀਤਾ ਗਿਆ, ਜਿਸ ਨੂੰ ਖੋਲਣ ਦੌਰਾਨ ਉਸ ਵਿਚੋਂ ਦੋ ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਇਹ ਵੀ ਪੜ੍ਹੋ- ਚੋਣ ਡਿਊਟੀ ਦੀ ਰਿਹਰਸਲ 'ਚ ਗੈਰ-ਹਾਜ਼ਰ ਰਹਿਣ ਵਾਲੇ ਕਰਮਚਾਰੀ ਹੋ ਜਾਣ ਸਾਵਧਾਨ, ਹਦਾਇਤਾਂ ਹੋਈਆਂ ਜਾਰੀ
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਏ. ਐੱਸ. ਆਈ. ਅਵਤਾਰ ਸਿੰਘ ਵੱਲੋਂ ਜਦੋਂ ਸਮੇਤ ਪੁਲਸ ਪਾਰਟੀ ਗਸ਼ਤ ਕੀਤੀ ਜਾ ਰਹੀ ਸੀ ਤਾਂ ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਰੂਪ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਠੱਠੀ ਜੈਮਲ ਸਿੰਘ ਦੇ ਜ਼ਮੀਨ ਵਿਚੋਂ ਪੀਲੇ ਰੰਗ ਦਾ ਲਿਫਾਫਾ ਬਰਾਮਦ ਹੋਇਆ ਹੈ, ਜਿਸ ਦੀ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 505 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿਚ ਅਣਪਛਾਤੇ ਤਸਕਰਾਂ ਖਿਲਾਫ ਥਾਣਾ ਵਲਟੋਹਾ ਵਿਖੇ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8